ਚੰਡੀਗੜ੍ਹ, 24 ਜੁਲਾਈ 2024: ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਹਰਿਆਣਾ ਦੇ ਪੁਲਿਸ (Haryana Police) ਅਧਿਕਾਰੀਆਂ ਵੱਲੋਂ ਨਿਭਾਈ ਭੂਮਿਕਾ ਲਈ ਉਨ੍ਹਾਂ ਨੂੰ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ ਕੀਤੀ ਗਈ ਹੈ | ਇਸ ਸਿਫ਼ਾਰਸ਼ ‘ਤੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਤਰਾਜ਼ ਜਤਾਇਆ ਹੈ | ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਰਿਆਣਾ ਪੁਲਿਸ ਦੇ ਛੇ ਅਧਿਕਾਰੀਆਂ ਨੂੰ ਬਹਾਦਰੀ ਪੁਰਸਕਾਰ ਦੇਣ ਦੀ ਸਿਫ਼ਾਰਸ਼ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ |
ਉਨ੍ਹਾਂ ਕਿਹਾ ਕਿ ਮੈਂ ਸਾਡੀ ਪੁਲਿਸ ਫੋਰਸ ਦੀ ਬਹਾਦਰੀ ਤੇ ਸਮਰਪਣ ਦਾ ਸਤਿਕਾਰ ਕਰਦਾ ਹਾਂ ਅਤੇ ਇਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਲਈ ਮਾਣ-ਸਨਮਾਨ ਦੇਣਾ ਚਾਹੀਦਾ ਹੈ | ਉਨ੍ਹਾਂ ਅਪੀਲ ਕੀਤੀ ਕਿ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਸ਼ੰਭੂ ਬਾਰਡਰ ‘ਤੇ ਬਣੇ ਹਲਾਤਾਂ ਨੂੰ ਧਿਆਨ ‘ਚ ਰੱਖਿਆ ਜਾਵੇ | ਅਜਿਹੀ ਸਥਿਤੀ ‘ਚ ਸਾਡੇ ਲਈ ਲੋਕਤੰਤਰ, ਨਿਆਂ ਅਤੇ ਮਨੁੱਖੀ ਸਿਧਾਂਤਾਂ ਨੂੰ ਬਰਕਰਾਰ ਰੱਖਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਸ਼ਹੀਦ ਸ਼ੁਭਕਰਨ ਅਤੇ ਹੋਰਨਾਂ ਕਿਸਾਨਾਂ ਨੇ ਇਸ ਅੰਦੋਲਨ ਦੌਰਾਨ ਸੰਤਾਪ ਝੱਲਿਆ ਹੈ ਅਤੇ ਇਨ੍ਹਾਂ ਲਈ ਨਿਆਂ ਯਕੀਨੀ ਬਣਾਇਆ ਜਾਵੇ |