ਸੰਗਰੂਰ, 29 ਅਗਸਤ 2024: ਦੇਸ਼ ਦੇ ਸਭ ਤੋਂ ਵੱਡੇ ਖੇਡ ਮੁਕਾਬਲਿਆਂ ‘ਚੋਂ ਇੱਕ ‘ਖੇਡਾਂ ਵਤਨ ਪੰਜਾਬ ਦੀਆ’ ਦੇ ਤੀਜੇ ਐਡੀਸ਼ਨ ਦਾ ਅੱਜ ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਦਘਾਟਨ ਕੀਤਾ ਗਿਆ ਹੈ ।
ਮੁੱਖ ਮੰਤਰੀ ਨੇ ਵੱਖ-ਵੱਖ ਜ਼ਿਲ੍ਹਿਆਂ ਤੋਂ ਭਾਗ ਲੈਣ ਵਾਲੀਆਂ ਖੇਡ ਟੀਮਾਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ। ਦੋ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਬੇਸਬਰੀ ਨਾਲ ਉਡੀਕੇ ਜਾ ਰਹੇ ਇਸ ਸ਼ਾਨਦਾਰ ਖੇਡ ਮੇਲੇ ਦਾ ਉਦਘਾਟਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਅੱਜ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਦਿਵਸ ਦੀ ਯਾਦ ਵਿੱਚ ਮਨਾਏ ਜਾਂਦੇ ਕੌਮੀ ਖੇਡ ਦਿਵਸ ਮੌਕੇ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ 37 ਖੇਡਾਂ ਦੇ 9 ਉਮਰ ਵਰਗ ਦੇ ਕਰੀਬ 5 ਲੱਖ ਖਿਡਾਰੀ ਤਗਮੇ ਦੀ ਦੌੜ ਵਿੱਚ ਹਿੱਸਾ ਲੈਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੇ ਨਕਦ ਇਨਾਮ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆ’ ਵਿੱਚ ਅਥਲੈਟਿਕਸ, ਬੈਡਮਿੰਟਨ ਅਤੇ ਪਾਵਰਲਿਫਟਿੰਗ ਸਮੇਤ ਪੈਰਾ ਖੇਡਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੈਰਿਸ ਪੈਰਾਲੰਪਿਕਸ ਵਿੱਚ ਇਨ੍ਹਾਂ ਤਿੰਨਾਂ ਖੇਡਾਂ ਵਿੱਚ ਪੰਜਾਬ ਦੇ ਪੈਰਾ ਐਥਲੀਟ ਭਾਗ ਲੈ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ, ਜ਼ਿਲ੍ਹਾ ਪੱਧਰੀ ਮੁਕਾਬਲੇ 15 ਤੋਂ 22 ਸਤੰਬਰ ਅਤੇ ਰਾਜ ਪੱਧਰੀ ਮੁਕਾਬਲੇ 11 ਅਕਤੂਬਰ ਤੋਂ 9 ਨਵੰਬਰ ਤੱਕ ਕਰਵਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆ’ ਦਾ ਦੂਜਾ ਸੀਜ਼ਨ 2023 ਵਿੱਚ ਕਰਵਾਇਆ ਗਿਆ ਜਿਸ ਵਿੱਚ 4.5 ਲੱਖ ਖਿਡਾਰੀਆਂ ਨੇ ਭਾਗ ਲਿਆ ਅਤੇ 12,500 ਜੇਤੂ ਖਿਡਾਰੀਆਂ ਨੂੰ 8.87 ਕਰੋੜ ਰੁਪਏ ਦੇ ਨਕਦ ਇਨਾਮ ਵੰਡੇ ਗਏ।