ਨਵੀਂ ਦਿੱਲੀ 6 ਅਕਤੂਬਰ 2024 : ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਅੱਧੀ ਰਾਤ ਨੂੰ ਅਚਾਨਕ ਮੌਸਮ ਬਦਲ ਗਿਆ। ਤਿੰਨਾਂ ਰਾਜਾਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਵੀ ਪਿਆ। ਇਸ ਦੇ ਨਾਲ ਹੀ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਵੀ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਮੁਤਾਬਕ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਕਪੂਰਥਲਾ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। ਇਸ ਦੇ ਨਾਲ ਹੀ 5-15 ਮਿਲੀਮੀਟਰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤਰਨਤਾਰਨ, ਜਲੰਧਰ, ਮੋਗਾ, ਫਰੀਦਕੋਟ, ਮੁਕਤਸਰ ਅਤੇ ਫਾਜ਼ਲਿਕਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਇਨ੍ਹਾਂ ਜ਼ਿਲ੍ਹਿਆਂ ਵਿੱਚ 20 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ ਅਤੇ 5 ਮਿਲੀਮੀਟਰ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਜੰਮੂ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕੁਪਵਾੜਾ, ਡੋਡਾ, ਕਠੂਆ, ਬਾਰਾਮੂਲਾ, ਸ਼ੋਪੀਆਂ, ਪੁਲਵਾਮਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਦੇ ਕੁੱਲੂ, ਕਾਂਗੜਾ, ਚੰਬਾ, ਲਾਹੌਲ ਸਪਿਤੀ ਅਤੇ ਕਿਨੌਰ ਵਿੱਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।