18 ਅਕਤੂਬਰ 2024: ਡੇਰਾ ਮੁਖੀ ਰਾਮ ਰਹੀਮ ਨੂੰ ਇਸ ਵੇਲੇ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ, ਦੱਸ ਦੇਈਏ ਕਿ ਸਪੁਰੀਮ ਕੋਰਟ ਨੇ ਹਾਈਕੋਰਟ ਵਲੋਂ ਲਗਾਈ ਗਈ ਰੋਕ ਹਟਾ ਦਿੱਤੀ ਹੈ, ਬਰਗਾੜੀ ਮਾਮਲੇ ਤੇ ਹਾਈਕੋਰਟ ਨੇ ਰੋਕ ਲਗਾਈ ਸੀ, ਦੱਸ ਦੇਈਏ ਕਿ ਹੁਣ ਇਨ੍ਹਾਂ ਮਾਮਲਿਆਂ ‘ਚ ਸੁਣਵਾਈ ਦੀ ਪ੍ਰਕਿਰਿਆ ਦੁਬਾਰਾ ਸ਼ੁਰੂ ਹੋ ਸਕਦੀ ਹੈ।
ਸੁਪਰੀਮ ਕੋਰਟ ਦਾ ਫੈਸਲਾ
ਸੁਪਰੀਮ ਕੋਰਟ ਦੀ ਬੈਂਚ ‘ਚ ਜਸਟਿਸ ਬੀ. ਆਰ. ਗਵਈ ਅਤੇ ਜਸਟਿਸ ਕੇ. ਵੀ.ਵਿਸ਼ਵਨਾਥਨ ਸ਼ਾਮਲ ਸਨ। ਉਸ ਨੇ ਹਾਈ ਕੋਰਟ ਵੱਲੋਂ ਲਗਾਈ ਰੋਕ ਨੂੰ ਖਤਮ ਕਰਦਿਆਂ ਰਾਮ ਰਹੀਮ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਵਿੱਚ ਜਵਾਬ ਦੇਣ ਲਈ ਕਿਹਾ ਹੈ। ਇਹ ਮਾਮਲਾ ਬਰਗਾੜੀ ‘ਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਬੰਧਤ ਹੈ, ਜਿਸ ‘ਚ ਰਾਮ ਰਹੀਮ ‘ਤੇ ਗੰਭੀਰ ਦੋਸ਼ ਲਾਏ ਗਏ ਹਨ।
ਹਾਈ ਕੋਰਟ ਦੀ ਪਾਬੰਦੀ
ਮਾਰਚ 2023 ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ ‘ਚ ਤਿੰਨ ਮਾਮਲਿਆਂ ਦੀ ਜਾਂਚ ‘ਤੇ ਰੋਕ ਲਗਾ ਦਿੱਤੀ ਸੀ। ਹਾਲਾਂਕਿ ਪੰਜਾਬ ਸਰਕਾਰ ਨੇ ਇਸ ਹੁਕਮ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ ਅੱਜ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਇਆ। ਇਸ ਫੈਸਲੇ ਨਾਲ ਰਾਮ ਰਹੀਮ ਖਿਲਾਫ ਕੇਸ ਦੀ ਸੁਣਵਾਈ ਦੀ ਪ੍ਰਕਿਰਿਆ ਮੁੜ ਸ਼ੁਰੂ ਹੋ ਜਾਵੇਗੀ, ਜਿਸ ਨਾਲ ਉਸ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।
ਧਾਰਮਿਕ ਭਾਵਨਾਵਾਂ ਅਤੇ ਇਨਸਾਫ਼ ਦੀ ਲੋੜ
ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਦਲੀਲ ਦਿੱਤੀ ਕਿ ਇਸ ਸੰਵੇਦਨਸ਼ੀਲ ਮਾਮਲੇ ਵਿੱਚ ਇਨਸਾਫ਼ ਜ਼ਰੂਰੀ ਹੈ, ਕਿਉਂਕਿ ਇਹ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਸਰਕਾਰ ਨੇ ਕਿਹਾ ਕਿ ਹਾਈ ਕੋਰਟ ਵੱਲੋਂ ਜਾਂਚ ’ਤੇ ਰੋਕ ਲਾਉਣ ਕਾਰਨ ਕੇਸ ਦੀ ਸੁਣਵਾਈ ਵਿੱਚ ਵਿਘਨ ਪੈ ਰਿਹਾ ਹੈ, ਜਿਸ ਕਾਰਨ ਨਿਆਂ ਪ੍ਰਕਿਰਿਆ ਵਿੱਚ ਦੇਰੀ ਹੋ ਰਹੀ ਹੈ। ਸੁਪਰੀਮ ਕੋਰਟ ਨੇ ਸਰਕਾਰ ਦੀਆਂ ਦਲੀਲਾਂ ਨੂੰ ਸਵੀਕਾਰ ਕਰਦਿਆਂ ਹਾਈ ਕੋਰਟ ਦਾ ਸਟੇਅ ਹਟਾ ਦਿੱਤਾ ਹੈ।