ਚੰਡੀਗੜ੍ਹ/ਸੁਲਤਾਨਪੁਰ ਲੋਧੀ,18 ਅਕਤੂਬਰ 2024: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ (Dr. Ravjot Singh) ਨੇ ਸਮਾਰਟ ਸਿਟੀ ਪ੍ਰੋਜੈਕਟ ਤਹਿਤ 4 ਐਮ.ਐਲ.ਡੀ ਦੀ ਸਮਰੱਥਾ ਵਾਲਾ ਸੀਵਰੇਜ ਟ੍ਰੀਟਮੈਂਟ ਪਲਾਂਟ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤਾ ਹੈ | ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਦੀ ਦਿਸ਼ਾ ਵਾਲ ਇਹ ਅਹਿਮ ਕਦਮ ਹੈ |
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੇ ਨਾਲ ਇਸ ਪ੍ਰਾਜੈਕਟ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਬਤੌਰ ਕੈਬਨਿਟ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਨੂੰ ਪਵਿੱਤਰ ਸ਼ਹਿਰ ‘ਚ ਪੰਜਾਬ ‘ਚ ਪਹਿਲੇ ਸਰਕਾਰੀ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਕਿਉਂਕਿ ਇੱਥੇ ਹਰ ਸਾਲ ਲੱਖਾਂ ਸ਼ਰਧਾਲੂ ਵੱਖ-ਵੱਖ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਣ ਲਈ ਆਉਂਦੇ ਹਨ। ਉਦਘਾਟਨ ਕੀਤੇ ਸੀਵਰੇਜ ਟ੍ਰੀਟਮੈਂਟ ਪਲਾਂਟ ‘ਤੇ 8.85 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਇਸ ਨਾਲ ਸੁਲਤਾਨਪੁਰ ਸ਼ਹਿਰ ਦੀ ਕਰੀਬ 25 ਹਜ਼ਾਰ ਦੀ ਆਬਾਦੀ ਨੂੰ ਸਿੱਧਾ ਫਾਇਦਾ ਹੋਵੇਗਾ।
ਡਾ. ਰਵਜੋਤ ਸਿੰਘ (Dr. Ravjot Singh) ਨੇ ਦੱਸਿਆ ਕਿ ਆਧੁਨਿਕ ਤਕਨੀਕ ਨਾਲ ਬਣੇ ਇਸ ਟਰੀਟਮੈਂਟ ਪਲਾਂਟ ਦੇ ਪਾਣੀ ਨਾਲ 55 ਹੈਕਟੇਅਰ ਰਕਬੇ ਦੀ ਸਿੰਚਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਅਗਲੇ 5 ਸਾਲਾਂ ਤੱਕ ਇਸ ਦੀ ਸਾਂਭ-ਸੰਭਾਲ ਉਸਾਰੀ ਕੰਪਨੀ ਵੱਲੋਂ ਕੀਤੀ ਜਾਵੇਗੀ।
ਮੰਤਰੀ ਨੇ ਸਥਾਨਕ ਰੈਸਟ ਹਾਊਸ ਵਿਖੇ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਤੇਜਵੀਰ ਸਿੰਘ, ਮੁੱਖ ਕਾਰਜਕਾਰੀ ਅਧਿਕਾਰੀ ਪੀ.ਐਮ.ਆਈ.ਡੀ.ਸੀ. ਦੀਪਤੀ ਉੱਪਲ, ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਅਤੇ ਹੋਰ ਵਿਭਾਗਾਂ ਦੇ ਮੁਖੀਆਂ ਨਾਲ ਸਮਾਰਟ ਸਿਟੀ ਪ੍ਰਾਜੈਕਟ ਦਾ ਜਾਇਜ਼ਾ ਲਿਆ ਗਿਆ।
ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ 5 ਨਵੰਬਰ ਤੱਕ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਅਧਿਕਾਰੀ ਸਮਾਰਟ ਸਿਟੀ ਪ੍ਰਾਜੈਕਟ ਨੂੰ ਜੰਗੀ ਪੱਧਰ ’ਤੇ ਮੁਕੰਮਲ ਕਰਨ।
ਇਸਦੇ ਨਾਲ ਹੀ ਮੰਤਰੀ ਨੇ ਕਾਲੀ ਵੇਈਂ ਦੇ 9 ਹਜ਼ਾਰ ਮੀਟਰ ਲੰਬੇ ਕਿਨਾਰੇ ਦੇ ਸੁੰਦਰੀਕਰਨ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਹੁਕਮ ਵੀ ਦਿੱਤੇ। ਇਸ ਤੋਂ ਇਲਾਵਾ ਸਾਰੀਆਂ ਸਟਰੀਟ ਲਾਈਟਾਂ ਨੂੰ ਵੀ ਚਾਲੂ ਹਾਲਤ ‘ਚ ਲਿਆਉਣ ਲਈ ਕਿਹਾ ਗਿਆ।
ਇਸ ਸ਼ਹਿਰ ਦੀ ਸੁਰੱਖਿਆ ਦੇ ਮੱਦੇਨਜ਼ਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਇੰਟੈਗਰੇਟਿਡ ਕੰਟਰੋਲ ਰੂਮ ਅਤੇ ਤਿੰਨ ਸਮਾਰਟ ਸਕੂਲਾਂ ਦੇ ਕੰਮਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਵਿੱਤਰ ਨਗਰੀ ਦੇ ਵਿਕਾਸ ‘ਚ ਕੋਈ ਕਸਰ ਨਹੀਂ ਛੱਡੇਗੀ|
ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੂੰ ਸਥਾਨਕ ਰੈਸਟ ਹਾਊਸ ਵਿਖੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।
ਇਸ ਤੋਂ ਇਲਾਵਾ ਉਨ੍ਹਾਂ ਸੁਲਤਾਨਪੁਰ ਲੋਧੀ ਸਥਿਤ ਨਿਰਮਲ ਕੁਟੀਆ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਪਵਿੱਤਰ ਅਸਥਾਨ ਨੂੰ ਸਾਫ਼ ਸੁਥਰਾ ਰੱਖਣ ਵਿੱਚ ਕੀਤੀ ਜਾ ਰਹੀ ਨਿਰਸਵਾਰਥ ਸੇਵਾ ਦੀ ਸ਼ਲਾਘਾ ਕੀਤੀ।