ਚੰਡੀਗੜ੍ਹ, 23 ਅਕਤੂਬਰ 2024: ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਲਾਂਘੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਦੀ ਪਾਕਿਸਤਾਨ ਫੇਰੀ ਤੋਂ ਕੁਝ ਦਿਨ ਬਾਅਦ ਭਾਰਤ ਅਤੇ ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਸਮਝੌਤੇ ਨੂੰ ਅਗਲੇ ਪੰਜ ਸਾਲਾਂ ਲਈ ਵਧਾ ਦਿੱਤਾ ਗਿਆ ਹੈ। ਇਸ ਸੰਬੰਧੀ ਪੁਸ਼ਟੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕੀਤੀ ਹੈ |
ਐਸ ਜੈਸ਼ੰਕਰ ਨੇ ਐਕਸ ‘ਤੇ ਇੱਕ ਪੋਸਟ ਸੰਜਖੀ ਕਰਕੇ ਦੱਸਿਆ ਕਿ ਭਾਰਤ ਅਤੇ ਪਾਕਿਸਤਾਨ ਨੇ ਅਗਲੇ ਪੰਜ ਸਾਲਾਂ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ‘ਤੇ ਸਮਝੌਤੇ ਦਾ ਨਵੀਨੀਕਰਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਸਾਡੇ ਸਿੱਖ ਭਾਈਚਾਰੇ ਨੂੰ ਉਨ੍ਹਾਂ ਦੇ ਪਵਿੱਤਰ ਸਥਾਨਾਂ ਤੱਕ ਪਹੁੰਚ ਦੀ ਸਹੂਲਤ ਜਾਰੀ ਰੱਖੇਗੀ।
ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਪ੍ਰੈਸ ਬਿਆਨ ‘ਚ ਕਿਹਾ ਗਿਆ ਕਿ “ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਸਮਝੌਤੇ ਦੀ ਵੈਧਤਾ ਨੂੰ ਪੰਜ ਸਾਲਾਂ ਲਈ ਵਧਾਉਣ ਲਈ ਭਾਰਤ ਅਤੇ ਪਾਕਿਸਤਾਨ ਦਰਮਿਆਨ ਕੂਟਨੀਤਕ ਚੈਨਲਾਂ ਰਾਹੀਂ ਸਹਿਮਤੀ ਬਣੀ ਹੈ। ਭਾਰਤ ਤੋਂ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ (Sri Kartarpur Sahib), ਨਾਰੋਵਾਲ, ਪਾਕਿਸਤਾਨ ਤੱਕ ਯਾਤਰਾ ਦੀ ਸਹੂਲਤ ਲਈ ਭਾਰਤ ਅਤੇ ਪਾਕਿਸਤਾਨ ਵਿਚਕਾਰ 24 ਅਕਤੂਬਰ 2019 ਨੂੰ ਹਸਤਾਖਰ ਕੀਤੇ ਗਏ ਸਨ ਅਤੇ ਇਹ ਪੰਜ ਸਾਲਾਂ ਦੀ ਮਿਆਦ ਲਈ ਵੈਧ ਸੀ।
ਬਿਆਨ ‘ਚ ਕਿਹਾ ਗਿਆ ਹੈ ਕਿ ਇਸ ਸਮਝੌਤੇ ਦੀ ਵੈਧਤਾ ਵਿੱਚ ਵਾਧਾ ਭਾਰਤ ਤੋਂ ਪਾਕਿਸਤਾਨ ਦੇ ਪਵਿੱਤਰ ਗੁਰਦੁਆਰੇ ਸਾਹਿਬ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਲਈ ਲਾਂਘੇ ਦੇ ਨਿਰਵਿਘਨ ਸੰਚਾਲਨ ਨੂੰ ਯਕੀਨੀ ਬਣਾਏਗਾ। ਪਾਕਿਸਤਾਨ ਦੁਆਰਾ ਪ੍ਰਤੀ ਯਾਤਰਾ 20 ਅਮਰੀਕੀ ਡਾਲਰ ਪ੍ਰਤੀ ਸ਼ਰਧਾਲੂ ਦੇ ਸਰਵਿਸ ਚਾਰਜ ਨੂੰ ਹਟਾਉਣ ਸੰਬੰਧੀ ਸ਼ਰਧਾਲੂਆਂ ਦੀਆਂ ਲਗਾਤਾਰ ਬੇਨਤੀਆਂ ਦੇ ਮੱਦੇਨਜ਼ਰ, ਭਾਰਤ ਨੇ ਇਕ ਵਾਰ ਫਿਰ ਪਾਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਰਧਾਲੂਆਂ ‘ਤੇ ਕੋਈ ਫੀਸ ਜਾਂ ਚਾਰਜ ਨਾ ਲਗਾਏ।
ਇਹ ਸਿੱਖ ਭਾਈਚਾਰੇ ਲਈ ਇੱਕ ਮਹੱਤਵਪੂਰਨ ਧਾਰਮਿਕ ਸਥਾਨ ਹੈ, ਕਿਉਂਕਿ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਇੱਥੇ ਬਿਤਾਏ ਸਨ। ਗੁਰੂ ਨਾਨਕ ਦੇਵ ਜੀ ਇੱਥੇ 16 ਸਾਲ ਰਹੇ। ਬਾਅਦ ‘ਚ ਗੁਰੂ ਨਾਨਕ ਦੇਵ ਜੀ ਨੇ ਇੱਥੇ ਆਪਣਾ ਸਰੀਰ ਤਿਆਗ ਦਿੱਤਾ। ਇਸ ਤੋਂ ਬਾਅਦ ਇੱਥੇ ਗੁਰਦੁਆਰਾ ਦਰਬਾਰ ਸਾਹਿਬ ਦੀ ਉਸਾਰੀ ਕੀਤੀ ਗਈ। ਇਹ ਸਥਾਨ ਪੰਜਾਬ, ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ‘ਚ ਆਉਂਦਾ ਹੈ। ਇਹ ਸਥਾਨ ਲਾਹੌਰ ਤੋਂ 120 ਕਿਲੋਮੀਟਰ ਅਤੇ ਭਾਰਤ-ਪਾਕਿਸਤਾਨ ਸਰਹੱਦ ਤੋਂ ਸਿਰਫ਼ ਤਿੰਨ ਕਿਲੋਮੀਟਰ ਦੂਰ ਹੈ।