ਮੋਹਾਲੀ, 24 ਅਕਤੂਬਰ 2024: ਪੰਜਾਬ ਦੇ ਕੈਬਿਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਅੱਜ ਪੁੱਡਾ ਭਵਨ ਵਿਖੇ ਪੁੱਡਾ ਅਤੇ ਗਮਾਡਾ ਦੇ ਇੰਜੀਨੀਅਰਿੰਗ ਵਿੰਗ ਵੱਲੋਂ ਚਲਾਏ ਜਾ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਬੈਠਕ ਕੀਤੀ | ਬੈਠਕ ਦੌਰਾਨ ਕੈਬਿਨਟ ਮੰਤਰੀ ਨੇ ਸੰਬੰਧਿਤ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਕਿਹਾ ਹੈ |
ਹਰਦੀਪ ਮੁੰਡੀਆਂ (Hardeep Singh Mundian) ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਸਫ਼ਾਈ ਨੂੰ ਯਕੀਨੀ ਬਣਾਏਗੀ। ਸੂਬੇ ‘ਚ ਭ੍ਰਿਸ਼ਟਾਚਾਰ ਮੁਕਤ ਰਾਜ ਅਤੇ ਬਿਹਤਰ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ | ਇਸ ਲਈ ਡਿਊਟੀ ਨਿਭਾਉਣ ‘ਚ ਕਿਸੇ ਵੀ ਅਧਿਕਾਰੀ ਦੀ ਅਣਗਹਿਲੀ ਅਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੁੰਡੀਆਂ ਨੇ ਕਿਹਾ ਕਿ ਉਹ ਹਰ ਹਫ਼ਤੇ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣਗੇ ਅਤੇ ਆਉਣ ਵਾਲੇ ਸਮੇਂ ‘ਚ ਉਹ ਪ੍ਰਾਜੈਕਟਾਂ ਦੀ ਜ਼ਮੀਨੀ ਸਥਿਤੀ ਜਾਣਨ ਲਈ ਸਾਈਟਾਂ ਦਾ ਦੌਰਾ ਕਰਨ ਲਈ ਕਿਹਾ ਹੈ | ਜੇਕਰ ਕਿਸੇ ਅਧਿਕਾਰੀ ਨੂੰ ਡਿਊਟੀ ਨਿਭਾਉਣ ਦੌਰਾਨ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ |
ਉਨ੍ਹਾਂ ਇਹ ਵੀ ਕਿਹਾ ਕਿ ਸਮੂਹ ਅਧਿਕਾਰੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਪ੍ਰਾਜੈਕਟਾਂ ‘ਚ ਵਰਤੀ ਜਾਣ ਵਾਲੀ ਸਮੱਗਰੀ ਦੀ ਗੁਣਵੱਤਾ ‘ਚ ਕੋਈ ਸਮਝੌਤਾ ਨਾ ਹੋਵੇ ਅਤੇ ਜੇਕਰ ਕੋਈ ਅਧਿਕਾਰੀ ਇਸ ਪਾਸੇ ਧਿਆਨ ਨਹੀਂ ਦਿੰਦਾ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।