Ferozepur

Punjab News: ਪੰਜਾਬ ਸਰਕਾਰ ਵੱਲੋਂ ਫਿਰੋਜ਼ਪੁਰ ਦਾ ਮੁੱਖ ਖੇਤੀਬਾੜੀ ਅਫ਼ਸਰ ਮੁਅੱਤਲ

ਚੰਡੀਗੜ੍ਹ, 7 ਨਵੰਬਰ 2024: ਪੰਜਾਬ ਸਰਕਾਰ ਨੇ ਫਿਰੋਜ਼ਪੁਰ (Ferozepur) ਦੇ ਮੁੱਖ ਖੇਤੀਬਾੜੀ ਅਫ਼ਸਰ ਜਗੀਰ ਸਿੰਘ ਨੂੰ ਡਿਊਟੀ ‘ਚ ਅਣਗਹਿਲੀ ਵਰਤਣ ਦੇ ਦੋਸ਼ ‘ਚ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ | ਇਹ ਕਾਰਵਾਈ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਹੁਕਮਾਂ ‘ਤੇ ਕੀਤੀ ਗਈ ਹੈ |

ਜਿਕਰਯੋਗ ਇਹ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਉਕਤ ਮੁੱਖ ਖੇਤੀਬਾੜੀ ਅਫਸਰ ਵਿਰੁੱਧ ਕਾਰਵਾਈ ਫਿਰੋਜ਼ਪੁਰ (Ferozepur) ਦੇ ਡਿਪਟੀ ਕਮਿਸ਼ਨਰ ਦੀ ਸ਼ਿਕਾਇਤ ‘ਤੇ ਕੀਤੀ ਹੈ।

ਉਕਤ ਮੁੱਖ ਖੇਤੀਬਾੜੀ ਅਫ਼ਸਰ ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ 1970 ਦੇ ਨਿਯਮ ਨੰਬਰ-8 ਅਧਿਐਨ ਚਾਰਜਸ਼ੀਟ ਵੀ ਕੀਤਾ ਗਿਆ ਹੈ। ਹੁਕਮਾਂ ਮੁਤਾਬਕ ਉਕਤ ਮੁੱਖ ਖੇਤੀਬਾੜੀ ਅਫ਼ਸਰ ਨੂੰ ਮੋਹਾਲੀ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਦੇ ਦਫ਼ਤਰ ‘ਚ ਰਿਪੋਰਟ ਕਰਨ ਲਈ ਕਿਹਾ ਗਿਆ ਹੈ |

Read More: DSGMC: ਹਰਮੀਤ ਸਿੰਘ ਕਾਲਕਾ ਵੱਲੋਂ ਸ੍ਰੀ ਆਕਾਲ ਤਖ਼ਤ ਸਾਹਿਬ ਕੋਲ ਹਰਵਿੰਦਰ ਸਿੰਘ ਸਰਨਾ ਖ਼ਿਲਾਫ ਕਾਰਵਾਈ ਦੀ ਮੰਗ

ਦੱਸਿਆ ਜਾ ਰਿਹਾ ਹੈ ਕਿ ਐਸ.ਡੀ.ਐਮ. ਦੀ ਅਗਵਾਈ ‘ਚ ਇੱਕ ਟੀਮ ਦੁਆਰਾ ਫਿਰੋਜ਼ਪੁਰ (Ferozepur) ‘ਚ ਮੈਸਰਜ਼ ਸਚਦੇਵਾ ਟਰੇਡਰਜ਼ ਦੇ ਗੋਦਾਮਾਂ ਦੀ ਚੈਕਿੰਗ ਕੀਤੀ ਸੀ ਅਤੇ ਇਸ ਦੌਰਾਨ ਕਰੀਬ 161.8 ਐਮ.ਟੀ. (3236 ਬੋਰੀਆਂ) ਡੀਏਪੀ ਖਾਦ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕੀਤੀ ਪਾਈ ਗਈ ਸੀ।

ਇਸ ਦੌਰਾਨ ਉਕਤ ਫਾਰਮ ਡੀਏਪੀ ਖਾਦ ਦੇ ਸਟੋਰ ਕਰਨ ਬਾਰੇ ਪੁਖ਼ਤਾ ਰਿਕਾਰਡ ਪੇਸ਼ ਨਹੀਂ ਕਰ ਸਕੀ | ਇਹ ਮਾਮਲਾ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਦੇ ਧਿਆਨ ‘ਚ ਲਿਆਂਦਾ ਗਿਆ ਸੀ |

ਇਸਦੇ ਨਾਲ ਹੀ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਵੀ ਮੁੱਖ ਖੇਤੀਬਾੜੀ ਅਫ਼ਸਰ ਕੋਈ ਤਸੱਲੀਬਖਸ਼ ਜਵਾਬ ਦੇਣ ‘ਚ ਅਸਮਰਥ ਰਿਹਾ | ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪੰਜਾਬ ਭਰ ‘ਚ ਡੀ.ਏ.ਪੀ. ਖਾਦ ਦੀ ਜਮ੍ਹਾਂਖੋਰੀ ਨੂੰ ਰੋਕਣ ਲਈ ਚੈਕਿੰਗ ਕਰਨ ਵਾਸਤੇ ਸਾਰੇ ਮੁੱਖ ਖੇਤੀਬਾੜੀ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ।

ਇਸ ਦੌਰਾਨ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਖ਼ਤ ਸ਼ਬਦਾਂ ‘ਚ ਕਿਹਾ ਕਿ ਅਜਿਹੇ ਗ਼ੈਰ-ਕਾਨੂੰਨੀ ਮਾਮਲੇ ‘ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ।

Scroll to Top