July 2, 2024 7:14 pm
ਪੰਜਾਬ ਸਿਹਤ ਵਿਭਾਗ

ਪੰਜਾਬ ਸਿਹਤ ਵਿਭਾਗ ਵੱਲੋਂ 15-18 ਸਾਲ ਦੇ 14.9 ਲੱਖ ਬੱਚਿਆਂ ਦਾ ਟੀਕਾਕਰਨ ਕਰਨ ਦਾ ਟੀਚਾ 

ਚੰਡੀਗੜ੍ਹ, 5 ਜਨਵਰੀ 2022 : ਪੰਜਾਬ ਵਿੱਚ ਕੋਵਿਡ ਸੰਕ੍ਰਮਣ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ ਅਤੇ ਮੌਜੂਦਾ ਸੰਕ੍ਰਮਣ ਦਰ 6% ਹੈ, ਜਿਸ ਕਾਰਨ ਹੁਣ ਆਉਣ ਵਾਲੇ ਸਮੇਂ ਵਿੱਚ ਕੋਵਿਡ ਦੀ ਤੀਜੀ ਲਹਿਰ ਦਾ ਖਤਰਾ ਸੰਭਾਵਿਤ ਜਾਪਦਾ ਹੈ। ਅਜਿਹੀ ਸਥਿਤੀ ਨੂੰ ਦੇਖਦੇ ਹੋਏ ਸਿਹਤ ਵਿਭਾਗ ਕਿਸੇ ਵੀ ਤਰ੍ਹਾਂ ਦੀ ਆਪਦਾ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਸਿਹਤ ਵਿਭਾਗ ਦੀਆਂ ਤਿਆਰੀਆਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ: ਜੀ.ਬੀ. ਸਿੰਘ ਨੇ ਕਿਹਾ ਕਿ ਜਿਵੇਂ  ਕੋਰੋਨਾ ਦੀ ਤੀਜੀ ਲਹਿਰ ਦੇ ਆਉਣ ਤੇ ਬਹੁਤ ਜ਼ਿਆਦਾ ਗਿਣਤੀ ਵਿੱਚ ਕੋਰੋਨਾ ਮਰੀਜ਼ਾਂ ਦੇ ਵਧਣ ਦਾ ਖਦਸ਼ਾ ਜਤਾਇਆ ਜਾਂਦਾ ਹੈ।
ਪਰ ਵਿਭਾਗ ਕੋਲ ਵੱਡੀ ਗਿਣਤੀ ਵਿੱਚ ਕੋਰੋਨਾ ਦੇ ਕੇਸਾਂ ਨਾਲ ਨਜਿੱਠਣ ਲਈ ਸਾਰੀਆਂ ਬੁਨਿਆਦੀ ਸਹੂਲਤਾਂ ਮੌਜੂਦ ਹਨ । ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਤੋਂ ਬਚਣ ਲਈ ਆਪਣਾ ਸੰਪੂਰਣ ਟੀਕਾਕਰਨ ਕਰਵਾਉਣ ਕਿਉਂਕਿ ਇਹੀ ਕੋਵਿਡ ਤੋਂ ਬਚਣ ਦਾ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ।
ਟੀਕਾਕਰਨ ਦੀ ਦਰ ਵਧਾਉਣ ਲਈ ਪੰਜਾਬ ਦੇ ਸਿਹਤ ਵਿਭਾਗ ਨੇ 3 ਜਨਵਰੀ ਤੋਂ 15-18 ਸਾਲ ਦੀ ਉਮਰ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਕਰ ਦਿੱਤਾ ਹੈ ਅਤੇ ਦੋ ਦਿਨਾਂ ਦੇ ਅੰਦਰ ਹੀ ਪੰਜਾਬ ਨੇ ਲਗਭਗ 12000 ਬੱਚਿਆਂ ਨੂੰ ਵੈਕਸੀਨ ਦੀ ਪਹਿਲੀ ਖੁਰਾਕ ਲਗਾ ਦਿੱਤੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਵਿੱਚ ਕੋਵਿਡ ਵੈਕਸੀਨ ਦੀ ਬੂਸਟਰ ਡੋਜ਼ ਵੀ 10 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ। ਪਹਿਲੇ ਪੜਾਅ ਵਿੱਚ ਹੈਲਥ ਕੇਅਰ ਵਰਕਰ, ਫਰੰਟਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਸਹਿ ਰੋਗਾਂ ਵਾਲੇ ਵਿਅਕਤੀ ਇਸ ਬੂਸਟਰ ਡੋਜ਼ ਲਈ ਯੋਗ ਹੋਣਗੇ। ਦੂਜੀ ਖੁਰਾਕ ਤੋਂ ਬਾਅਦ ਨੌਂ ਮਹੀਨਿਆਂ ਦਾ ਅੰਤਰ ਬੂਸਟਰ ਖੁਰਾਕ ਲਈ ਯੋਗ ਹੋਣ ਲਈ ਜ਼ਰੂਰੀ ਹੈ।
ਡਾ: ਜੀ.ਬੀ. ਸਿੰਘ ਨੇ ਹਰੇਕ ਵਿਅਕਤੀ ਦੁਆਰਾ ਕੋਵਿਡ ਦੇ ਢੁਕਵੇਂ ਵਿਵਹਾਰ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਕਿਉਂਕਿ ਓਮੀਕਰੋਨ ਵੇਰੀਐਂਟ ਦੀ ਸੰਕ੍ਰਮਣ ਦੀ ਦਰ ਡੈਲਟਾ ਵੇਰੀਐਂਟ ਨਾਲੋਂ ਤਿੰਨ ਗੁਣਾ ਜ਼ਿਆਦਾ ਹੈ।