ਚੰਡੀਗੜ੍ਹ, 13 ਨਵੰਬਰ 2024: Punjab News: ਸਿੱਖ ਧਰਮ ਦੇ ਮੋਢੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 15 ਨਵੰਬਰ ਨੂੰ ਦੇਸ਼ ਭਰ ‘ਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਦੇ ਸ਼ਹਿਰਾਂ ‘ਚ ਵੱਖ-ਵੱਖ ਦਿਨ ਵਿਸ਼ਾਲ ਨਗਰ ਕੀਰਤਨ ਵੀ ਸਜਾਏ ਜਾਣਗੇ।
ਇਸ ਤਹਿਤ ਕਪੂਰਥਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ‘ਚ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਦੋ ਦਿਨ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਅਮਿਤ ਕੁਮਾਰ ਪੰਚਾਲ ਨੇ ਫਗਵਾੜਾ ‘ਚ 13 ਨਵੰਬਰ ਨੂੰ ਨਗਰ ਕੀਰਤਨ ਦੇ ਰੂਟ ‘ਤੇ ਲੱਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ।
ਇਸ ਤੋਂ ਇਲਾਵਾ 15 ਨਵੰਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਫਗਵਾੜਾ ਸਬ-ਡਿਵੀਜ਼ਨ ‘ਚ ਧਾਰਮਿਕ ਸਥਾਨਾਂ ਨੇੜੇ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਹ ਹੁਕਮ ਭਾਰਤੀ ਸਿਵਲ ਡਿਫੈਂਸ ਕੋਡ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਾਰੀ ਕੀਤੇ ਗਏ ਹਨ।