Guru Nanak Dev Ji

CM ਭਗਵੰਤ ਮਾਨ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਚੰਡੀਗੜ੍ਹ, 15 ਨਵੰਬਰ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ (Sri Guru Nanak Dev Ji) ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ‘ਤੇ ਦੇਸ਼-ਵਿਦੇਸ਼ ‘ਚ ਵੱਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ।

ਮੁੱਖ ਮੰਤਰੀ ਮਾਨ ਨੇ ਗੁਰਪੁਰਬ ‘ਤੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ (Sri Guru Nanak Dev Ji) ਇੱਕ ਮਹਾਨ ਅਧਿਆਤਮਿਕ ਦੂਤ ਸਨ ਜਿਨ੍ਹਾਂ ਨੇ ਪ੍ਰਮਾਤਮਾ ਦੀ ਭਗਤੀ ਅਤੇ ਸ਼ਰਧਾ ਦੇ ਫਲਸਫੇ ਅਤੇ ਪ੍ਰਸਾਰ ਰਾਹੀਂ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਦਿਖਾਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਹਿਮ-ਭਰਮ ਤੋਂ ਮੁਕਤ ਜਾਤ-ਰਹਿਤ ਸਮਾਜ ਦੀ ਕਲਪਨਾ ਕੀਤੀ, ਜਿਸ ਨੇ ਦੁਖੀ ਮਨੁੱਖਤਾ ਦੀ ਭਲਾਈ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ, ਉਦੇਸ਼ਾਂ ਅਤੇ ਟੀਚਿਆਂ ਵੱਲ ਪ੍ਰੇਰਿਤ ਕਰਦਿਆਂ ਜਾਤੀਵਾਦ, ਦੁਸ਼ਮਣੀ, ਝੂਠ-ਫਰੇਬ, ਦਿਖਾਵਾ ਅਤੇ ਪਾਖੰਡ ਤੋਂ ਮੁਕਤ ਹੋਣ ਦਾ ਸੱਦਾ ਦਿੱਤਾ।

ਸੀਐੱਮ ਮਾਨ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਸੇਵਾ ਅਤੇ ਨਿਮਰਤਾ ਦੇ ਮਾਰਗ ‘ਤੇ ਚੱਲਣ ਅਤੇ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਅਨੁਸਾਰ ਸ਼ਾਂਤਮਈ, ਖੁਸ਼ਹਾਲ ਅਤੇ ਨਰੋਏ ਸਮਾਜ ਦੀ ਸਿਰਜਣਾ ਲਈ ਯਤਨ ਕਰਨ ਦੀ ਅਪੀਲ ਕੀਤੀ ਹੈ । ਉਨ੍ਹਾਂ ਗੁਰੂ ਪਰਵ ਦੇ ਪਵਿੱਤਰ ਦਿਹਾੜੇ ਨੂੰ ਜਾਤ-ਪਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉਠ ਕੇ ਸ਼ਰਧਾ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ ਹੈ ।

 

Scroll to Top