ਚੰਡੀਗੜ੍ਹ, 20 ਨਵੰਬਰ 2024: ਬ੍ਰਾਜ਼ੀਲ ਦੀ ਰਾਜਧਾਨੀ ਰੀਓ ਡੀ ਜਨੇਰੀਓ ‘ਚ ਦੋ ਦਿਨਾਂ ਜੀ-20 ਸੰਮੇਲਨ (G-20 summit) ਦੀ ਸਮਾਪਤ ਹੋ ਗਿਆ ਹੈ | 2025 ਵਿੱਚ ਹੋਣ ਵਾਲੇ ਅਗਲੇ ਸਿਖਰ ਸੰਮੇਲਨ ਦੀ ਮੇਜ਼ਬਾਨੀ ਦੱਖਣੀ ਅਫਰੀਕਾ ਨੂੰ ਮਿਲੀ ਹੈ | ਜੀ-20 ਦੇ ਸਾਰੇ ਮੈਂਬਰਾਂ ਦੁਆਰਾ ਜਾਰੀ ਕੀਤੇ ਗਏ ਸਾਂਝੇ ਐਲਾਨਨਾਮੇ ‘ਚ ਭੁੱਖ ਨਾਲ ਲੜਨ, ਯੁੱਧ ਪ੍ਰਭਾਵਿਤ ਗਾਜ਼ਾ ਲਈ ਵਧੇਰੇ ਸਹਾਇਤਾ ਅਤੇ ਮੱਧ ਪੂਰਬ ਅਤੇ ਯੂਕਰੇਨ ‘ਚ ਲੜਾਈ ਨੂੰ ਖਤਮ ਕਰਨ ਲਈ ਇੱਕ ਵਿਸ਼ਵਵਿਆਪੀ ਸਮਝੌਤੇ ਦੀ ਮੰਗ ਕੀਤੀ ਹੈ।
ਸੰਮੇਲਨ ਦੇ ਦੂਜੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਅਤੇ ਕੈਨੇਡਾ ਦੇ ਰਾਸ਼ਟਰਪਤੀ ਜਸਟਿਨ ਟਰੂਡੋ ਨਾਲ ਦੇਖਿਆ ਗਿਆ। ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਪਿਛਲੇ ਸਾਲ ਜੀ-20 ਸੰਮੇਲਨ ਤੋਂ ਬਾਅਦ ਸ਼ੁਰੂ ਹੋਇਆ ਸੀ।
ਜੀ-20 ਸੰਮੇਲਨ (G-20 summit) ਦੇ ਪਹਿਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਆਗੂਆਂ ਨਾਲ ਦੁਵੱਲੀ ਬੈਠਕ ਕੀਤੀ। ਪੀਐੱਮ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਬ੍ਰਿਟਿਸ਼ ਪ੍ਰਧਾਨ ਮੰਤਰੀ ਕੇਇਰ ਸਟਾਰਮਰ, ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ, ਪੁਰਤਗਾਲ ਦੇ ਪ੍ਰਧਾਨ ਮੰਤਰੀ ਲੁਈਸ ਮੋਂਟੇਨੇਗਰੋ, ਇੰਡੋਨੇਸ਼ੀਆ ਦੇ ਰਾਸ਼ਟਰਪਤੀ ਪ੍ਰਬੋਵੋ ਸੁਬੀਆਂਤੋਂ ਅਤੇ ਨਾਰਵੇ ਦੇ ਪ੍ਰਧਾਨ ਮੰਤਰੀ ਜੋਨਸ ਗੇਰ ਸਟੋਰ ਨਾਲ ਦੁਵੱਲੇ ਮੁੱਦਿਆਂ ‘ਤੇ ਗੱਲਬਾਤ ਕੀਤੀ ਹੈ ।
ਇਸ ਦੌਰਾਨ ਭਾਰਤ ਅਤੇ ਚੀਨ ਦੇ ਵਿਦੇਸ਼ ਮੰਤਰੀਆਂ ਵਿਚਾਲੇ ਗੱਲਬਾਤ ਹੋਈ। ਇਸ ‘ਚ ਦੋਵਾਂ ਦੇਸ਼ਾਂ ਵਿਚਾਲੇ ਸਰਹੱਦੀ ਵਿਵਾਦ ‘ਤੇ 5 ਸਾਲ ਬਾਅਦ ਵਿਸ਼ੇਸ਼ ਪ੍ਰਤੀਨਿਧੀਆਂ ਦੀ ਬੈਠਕ ਬੁਲਾਉਣ ‘ਤੇ ਸਹਿਮਤੀ ਬਣੀ।
ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਦੋਵਾਂ ਦੇਸ਼ਾਂ ਦਰਮਿਆਨ ਸਿੱਧੀਆਂ ਉਡਾਣਾਂ ਅਤੇ ਕੈਲਾਸ਼ ਮਾਨਸਰੋਵਰ ਯਾਤਰਾ ਨੂੰ ਮੁੜ ਸ਼ੁਰੂ ਕਰਨ ਬਾਰੇ ਵੀ ਚਰਚਾ ਕੀਤੀ। ਕੋਵਿਡ ਮਹਾਂਮਾਰੀ ਦੇ ਬਾਅਦ ਤੋਂ ਦੋਵਾਂ ‘ਤੇ ਪਾਬੰਦੀ ਲਗਾਈ ਗਈ ਸੀ।