Balwant Singh Rajoana

Punjab News: ਸੁਪਰੀਮ ਕੋਰਟ ‘ਚ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

ਚੰਡੀਗੜ੍ਹ, 25 ਨਵੰਬਰ 2024: ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਸੁਣਵਾਈ ਟਾਲ ਦਿੱਤੀ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਤੇ ਫੈਸਲਾ ਲੈਣ ਤੋਂ ਪਹਿਲਾਂ ਕਈ ਏਜੰਸੀਆਂ ਨਾਲ ਸਲਾਹ ਕਰਨ ਦੀ ਲੋੜ ਹੈ। ਇਸ ਤੋਂ ਬਾਅਦ ਸੀਬੀਆਈ ਦੇ ਵਧੀਕ ਸਾਲਿਸਟਰ ਜਨਰਲ ਕੇ.ਐਮ. ਨਟਰਾਜ ਨੇ ਸੁਪਰੀਮ ਕੋਰਟ ਨੂੰ ਇਹ ਵੀ ਕਿਹਾ ਕਿ ਸਥਿਤੀ ਫਿਲਹਾਲ ਕੋਈ ਫੈਸਲਾ ਲੈਣ ਦੇ ਅਨੁਕੂਲ ਨਹੀਂ ਹੈ।

ਕੇਂਦਰ ਸਰਕਾਰ ਦਾ ਪੱਖ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਸੁਣਵਾਈ 4 ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ ਹੈ । ਕੋਰਟ ਨੇ ਕਿਹਾ ਕਿ ਮਾਮਲਾ ਸੰਵੇਦਨਸ਼ੀਲ ਹੈ। ਕੇਂਦਰ ਸਰਕਾਰ ਨੇ ਫੈਸਲਾ ਲੈਣ ਲਈ ਸਮਾਂ ਮੰਗਿਆ ਹੈ।

ਇਸ ਦੌਰਾਨ ਸੁਪਰੀਮ ਕੋਰਟ ‘ਚ ਸੁਣਵਾਈ ਦੌਰਾਨ ਅੱਜ ਕੇਂਦਰ ਸਰਕਾਰ ਦੀ ਤਰਫੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਜਸਟਿਸ ਬੀਆਰ ਗਵਈ, ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਅੱਗੇ ਪੇਸ਼ ਹੋਏ।

ਜਿਕਰਯੋਗ ਹੈ ਕਿ ਰਾਜੋਆਣਾ (Balwant Singh Rajoana) ਦੇ ਵਕੀਲਾਂ ਨੇ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇੰਨੇ ਲੰਮੇ ਸਮੇਂ ਤੱਕ ਮੌਤ ਦੀ ਸਜ਼ਾ ਦਾ ਇੰਤਜ਼ਾਰ ਕਰਨਾ ਮਾਨਸਿਕ ਤਸ਼ੱਦਦ ਦੇ ਬਰਾਬਰ ਹੈ। 18 ਨਵੰਬਰ ਨੂੰ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਕੋਲ ਭੇਜ ਦਿੱਤੀ ਸੀ। ਅਦਾਲਤ ਨੇ ਰਾਸ਼ਟਰਪਤੀ ਦੇ ਸਕੱਤਰ ਨੂੰ ਰਾਸ਼ਟਰਪਤੀ ਦੇ ਸਾਹਮਣੇ ਰੱਖਣ ਦੇ ਹੁਕਮ ਦਿੱਤੇ ਸਨ। ਨਾਲ ਹੀ ਪਟੀਸ਼ਨ ‘ਤੇ 2 ਹਫਤਿਆਂ ‘ਚ ਫੈਸਲਾ ਲੈਣ ਲਈ ਕਿਹਾ ।

ਜਿਕਰਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ ਬੀਤੇ ਹਫਤੇ ‘ਚ ਪੈਰੋਲ ‘ਤੇ ਜੇਲ੍ਹ ‘ਚੋਂ ਬਾਹਰ ਆਏ ਸਨ, ਜਿਹਨਾਂ ਨੂੰ 3 ਘੰਟਿਆ ਲਈ ਪੈਰੋਲ ਦਿੱਤੀ ਗਈ ਸੀ | ਰਾਜੋਆਣਾ ਅਪਣੇ ਭਰਾ ਦੇ ਅੰਤਿਮ ਅਰਦਾਸ ਸਮਾਗਮ ‘ਚ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਇਸ ਸਮਾਗਮ ‘ਚ ਬੋਲਦਿਆ ਇਹ ਬਿਆਨ ਵੀ ਦਿੱਤਾ ਸੀ ਕਿ ਮੈਂ ਸੁਪਰੀਮ ਕੋਰਟ ਦੇ ਫੈਸਲੇ ਦੀ ਉਡੀਕ ਕਰ ਰਿਹਾ ਹਾਂ, ਛੇਤੀ ਤੋਂ ਛੇਤੀ ਇਸ ‘ਤੇ ਫੈਸਲਾ ਕੀਤਾ ਜਾਵੇ | ਫਿਲਹਾਲ ਸੁਪਰੀਮ ਕੋਰਟ ਵੱਲੋਂ ਸੁਣਵਾਈ ਨੂੰ ਚਾਰ ਹਫ਼ਤਿਆਂ ਲਈ ਟਾਲ ਦਿੱਤਾ ਹੈ |

Scroll to Top