ਚੰਡੀਗੜ੍ਹ, 25 ਨਵੰਬਰ 2024: ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦੀ ਹੈ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਸਮੇਤ ਹੋਰ ਪੰਥਕ ਮਾਮਲਿਆਂ ’ਤੇ ਵਿਚਾਰ ਕੀਤਾ ਜਾਵੇਗਾ |
ਇਸਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦਿੱਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮਾਮਲੇ ‘ਚ ਸਿੰਘ ਸਾਹਿਬਾਨਾਂ ਵੱਲੋਂ ਇਸ ਇਕੱਤਰਤਾ ਕਰਕੇ ਫੈਸਲਾ ਸੁਣਾਇਆ ਜਾਵੇਗਾ | ਸਿੰਘ ਸਾਹਿਬਾਨਾਂ ਦੀ ਇਹ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 2 ਦਸੰਬਰ ਨੂੰ ਦੁਪਹਿਰ 1 ਵਜੇ ਹੋਵੇਗੀ | ਇਸ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ 2007 ਤੋਂ 2017 ਵੇਲੇ ਦੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਮੰਤਰੀ ਮੰਡਲ ਦੇ ਮੰਤਰੀਆਂ ਨੂੰ ਤਲਬ ਕੀਤਾ ਹੈ |
ਇਸਦੇ ਨਾਲ ਹੀ 2015 ਵੇਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀ ਕੋਰ ਕਮੇਟੀ ਨੂੰ ਤਲਬ ਕੀਤਾ ਗਿਆ ਹੈ | ਇਸ ਬਾਰੇ ਸਭਨਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ |