SGPC

SGPC ਨੇ ਦਰਬਾਰ ਸਾਹਿਬ ਅੰਦਰ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਲਿਆ ਸਖ਼ਤ ਫ਼ੈਸਲਾ

ਚੰਡੀਗੜ੍ਹ, 7 ਜਨਵਰੀ 2022 : 18 ਦਸੰਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਹੁਣ SGPC ਨੇ ਦਰਬਾਰ ਸਾਹਿਬ ਅੰਦਰ ਸੁਰੱਖਿਆ ਪ੍ਰਬੰਧ ਸਖ਼ਤੀ ਨਾਲ ਲਾਗੂ ਕਰਨੇ ਸ਼ੁਰੂ ਕਰ ਦਿੱਤੇ ਹਨ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਜਲਦੀ ਹੀ ਸੇਵਾਮੁਕਤ ਫੌਜੀ ਕਮਾਂਡੋ ਦਸਤੇ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਤਾਇਨਾਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਲਈ ਜੋ ਵੀ ਸਰਗਰਮ ਏਜੰਸੀਆਂ ਯਤਨਸ਼ੀਲ ਹਨ, ਉਨ੍ਹਾਂ ਦਾ ਨਿਸ਼ਾਨਾ ਸਿਰਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਾਰੇ ਗੁਰਦੁਆਰਾ ਸਾਹਿਬ ਹਨ। ਇਸ ਲਈ ਕਮੇਟੀ ਦੀ ਤਰਫੋਂ ਦੇਸ਼ ਦੇ ਸਮੂਹ ਗੁਰਦੁਆਰਿਆਂ ਦੇ ਪ੍ਰਬੰਧਕਾਂ ਅਤੇ ਸੇਵਾਦਾਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਹਰ ਗੁਰਦੁਆਰੇ ਵਿੱਚ ਖੁਦ ਸਖ਼ਤ ਚੌਕਸੀ ਅਤੇ ਸੁਰੱਖਿਆ ਦੇ ਪ੍ਰਬੰਧ ਕਰਨ।

ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮਾਂ ਬਾਰੇ ਅਜੇ ਤੱਕ ਕੋਈ ਸੂਚਨਾ ਨਹੀਂ ਮਿਲੀ ਹੈ। ਮ੍ਰਿਤਕ ਮੁਲਜ਼ਮ ਕਿਸ ਸ਼ਹਿਰ ਅਤੇ ਸੂਬੇ ਨਾਲ ਸਬੰਧਤ ਸਨ, ਇਸ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਮਿਲੀ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਕਰੀਬ ਡੇਢ ਮਹੀਨੇ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਧੀ ਸੁਰੱਖਿਆ ਦੀ ਤਸਵੀਰ ਲੋਕਾਂ ਦੇ ਸਾਹਮਣੇ ਆ ਜਾਵੇਗੀ।

Scroll to Top