ਚੰਡੀਗੜ੍ਹ, 28 ਨਵੰਬਰ 2024: ਪੰਜਾਬ (Punjab) ‘ਚ ਪੰਜ ਨਗਰ ਨਿਗਮਾਂ (Municipal Corporation) ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਹੈ | ਇਸਦੇ ਨਾਲ ਹੀ ਪੰਜਾਬ ਦੀਆਂ ਪੰਜ ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦਾ ਐਲਾਨ ਅੱਜ ਯਾਨੀ 28 ਸਤੰਬਰ ਨੂੰ ਹੋ ਸਕਦਾ ਹੈ।
ਇਹ ਜਾਣਕਾਰੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਪੰਜਾਬ ਸਰਕਾਰ ਦੇ ਵਕੀਲ ਵੱਲੋਂ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ‘ਚ ਕਿਹਾ ਕਿ ਪ੍ਰੋਗਰਾਮ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਕੀਤਾ ਜਾਵੇਗਾ।
ਜਿਕਰਯੋਗ ਹੈ ਕਿ ਮਾਮਲਾ ਉਦੋਂ ਹਾਈ ਕੋਰਟ ਪਹੁੰਚਿਆ ਜਦੋਂ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦਾ ਸ਼ਡਿਊਲ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ ਸਰਕਾਰ ਨੇ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ। ਪਟੀਸ਼ਨਕਰਤਾ ਬੇਅੰਤ ਸਿੰਘ ਨੇ ਆਪਣੇ ਵਕੀਲ ਰਾਹੀਂ ਰਾਜ ਚੋਣ ਕਮਿਸ਼ਨ ਵਿਰੁੱਧ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਹੈ।
ਪੰਜਾਬ ਸਰਕਾਰ ਨੇ ਚੋਣਾਂ ਲਈ 22 ਨਵੰਬਰ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਰਾਜ ਚੋਣ ਕਮਿਸ਼ਨ ਨੂੰ ਪੱਤਰ ਭੇਜਿਆ ਗਿਆ। ਇਸ ਤੋਂ ਪਹਿਲਾਂ ਕੈਬਿਨਟ ਮੰਤਰੀ ਡਾ: ਰਵਜੋਤ ਸਿੰਘ ਦਾ ਕਹਿਣਾ ਸੀ ਕਿ ਚੋਣਾਂ ਕਰਵਾਉਣ ਸਬੰਧੀ ਫੈਸਲਾ ਰਾਜ ਚੋਣ ਕਮਿਸ਼ਨ ਨੇ ਲੈਣਾ ਹੈ। ਉਨ੍ਹਾਂ ਵੱਲੋਂ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇਹ ਚੋਣਾਂ ਪਾਰਟੀ ਚੋਣ ਨਿਸ਼ਾਨ ’ਤੇ ਹੀ ਹੋਣਗੀਆਂ।
ਨਗਰ ਨਿਗਮ ਨੇ ਚੋਣ ਕਮਿਸ਼ਨ ਨੂੰ ਕਿਹਾ ਹੈ ਕਿ ਉਹ ਦਸੰਬਰ ਦੇ ਅੰਤ ਤੱਕ ਚੋਣਾਂ ਕਰਵਾਉਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਇਹ ਚੋਣਾਂ ਸ਼ਹਿਰੀ ਖੇਤਰਾਂ ‘ਚ ਹੋਣਗੀਆਂ। ਇਸ ਦੇ ਨਾਲ ਹੀ ਪੁਰਾਣੀ ਵਾਰਡ ਵੰਡ ਅਨੁਸਾਰ ਹੀ ਚੋਣਾਂ ਕਰਵਾਈਆਂ ਜਾਣਗੀਆਂ।
ਇਸਦੇ ਨਾਲ ਹੀ 6 ਨਵੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਦੀ ਤਰਫੋਂ ਦਿੱਤੇ ਹੁਕਮਾਂ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਗਈ ਸੀ। ਉਸ ਹੁਕਮ ‘ਚ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਮਾਣਹਾਨੀ ਨੋਟਿਸ ਜਾਰੀ ਕਰਕੇ 10 ਦਿਨਾਂ ‘ਚ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ।
ਇਸ ਮਾਮਲੇ ਵਿੱਚ 11 ਨਵੰਬਰ ਨੂੰ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕੁੱਲ 10 ਹਫ਼ਤਿਆਂ ‘ਚ ਚੋਣਾਂ ਕਰਵਾਉਣ ਲਈ ਕਿਹਾ ਸੀ। ਸੁਪਰੀਮ ਕੋਰਟ ਨੇ 15 ਦਿਨਾਂ ‘ਚ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰਨ ਅਤੇ ਅਗਲੇ 8 ਹਫਤਿਆਂ ‘ਚ ਚੋਣ ਪ੍ਰਕਿਰਿਆ ਪੂਰੀ ਕਰਨ ਦਾ ਹੁਕਮ ਦਿੱਤਾ ਸੀ।
ਇਸ ਦੇ ਨਾਲ ਹੀ 21 ਨਵੰਬਰ ਨੂੰ ਸਰਕਾਰ ਨੇ ਹਾਈ ਕੋਰਟ ਨੂੰ ਕਿਹਾ ਸੀ ਕਿ 25 ਨਵੰਬਰ ਤੱਕ ਚੋਣ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਹਾਈ ਕੋਰਟ ਨੇ ਕੇਸ ਦਾ ਨਿਪਟਾਰਾ ਕਰ ਦਿੱਤਾ ਸੀ।
ਇਸਦੇ ਨਾਲ ਹੀ ਪੰਜਾਬ ਰਾਜ ਚੋਣ ਕਮਿਸ਼ਨ ਨੇ 13 ਨਵੰਬਰ ਨੂੰ 5 ਨਗਰ ਨਿਗਮਾਂ (Municipal Corporations), ਜਿਨ੍ਹਾਂ ‘ਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਤੇ 43 ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ ਪੰਜਾਬ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਦੀਆਂ 52 ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ‘ਚ ਸੋਧ ਕਰਨ ਸੰਬੰਧੀ ਸ਼ਡਿਊਲ ਜਾਰੀ ਕਰ ਦਿੱਤਾ ਸੀ।
ਪੰਜਾਬ ਰਾਜ ਚੋਣ ਕਮਿਸ਼ਨ ਨੇ ਆਪਣੇ ਪੱਤਰ ਨੰ. SEC/ME/SAM/2024/8227-49 ਮਿਤੀ 12 ਨਵੰਬਰ 2024 ਰਾਹੀਂ ਪੰਜ ਨਗਰ ਨਿਗਮਾਂ (Municipal Corporations) ਸੰਬੰਧੀ ਇਹ ਸ਼ਡਿਊਲ ਜਾਰੀ ਕੀਤਾ ਗਿਆ । ਇਸ ਸਬੰਧੀ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀਆਂ ਦੇ ਖਰੜੇ ਦੀ ਪ੍ਰਕਾਸ਼ਨਾ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 14 ਨਵੰਬਰ 2024 ਨੂੰ ਕੀਤੀ ਜਾਵੇਗੀ ਅਤੇ 18 ਨਵੰਬਰ 2024 ਤੋਂ 25 ਨਵੰਬਰ 2024 ਤੱਕ ਦਾਅਵੇ ਅਤੇ ਇਤਰਾਜ਼ ਦਰਜ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਮਿਤੀ 03.12.2024 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 07 ਦਸੰਬਰ 2024 ਤੱਕ ਕੀਤੀ ਜਾਵੇਗੀ। ਸਮੂਹ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਮੌਜੂਦਾ ਵੋਟਰ ਸੂਚੀਆਂ 14 ਨਵੰਬਰ 2024 ਨੂੰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰ ਦੇ ਨਾਲ-ਨਾਲ ਸਬੰਧਿਤ ਨਗਰ ਪਾਲਿਕਾ ਵਿੱਚ ਜਨਤਕ ਕਰਨ ਦੀ ਹਦਾਇਤ ਕੀਤੀ ਹੈ।