Punjab

ਪੰਜਾਬ ‘ਚ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਨੂੰ ਮਿਲੇਗੀ ਮੁਫ਼ਤ ਯਾਤਰਾ ਸਹੂਲਤ

ਫਰੀਦਕੋਟ/ਚੰਡੀਗੜ੍ਹ, 03 ਦਸੰਬਰ 2024: ਅੰਤਰਰਾਸ਼ਟਰੀ ਦਿਵਿਆਂਗ ਦਿਹਾੜੇ 2024 ‘ਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ (Punjab) ਵੱਲੋਂ ਅੱਜ ਨਹਿਰੂ ਸਟੇਡੀਅਮ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ | ਇਸ ਸਮਾਗਮ ‘ਚ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਡਾਇਰੈਕਟਰ ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ ਵਿਨੀਤ ਕੁਮਾਰ, ਐਸ.ਐਸ.ਪੀ ਡਾ: ਪ੍ਰਗਿਆ ਜੈਨ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |

ਸਮਾਗਮ ‘ਚ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਿਵਿਆਂਗਜਨਾਂ (Persons with Disabilities) ਨੂੰ ਰੁਜ਼ਗਾਰ ਦੇ ਵੱਡੇ ਮੌਕੇ ਪ੍ਰਦਾਨ ਕਰ ਰਹੀ ਹੈ | ਉਨ੍ਹਾਂ ਲਈ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ‘ਚ ਨਿਰਧਾਰਤ ਰਾਖਵੇਂਕਰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਮਨਰੇਗਾ ਤਹਿਤ ਅੰਗਹੀਣਾਂ ਲਈ ਕੋਟੇ ਮੁਤਾਬਕ ਮੇਟਾ ਵੀ ਨਿਯੁਕਤ ਕੀਤਾ ਜਾਵੇਗਾ।

ਡਾ: ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੀ ਸਹੂਲਤ ਲਈ ਵਿਸ਼ੇਸ਼ ਰੁਜ਼ਗਾਰ ਕੈਂਪ ਲਗਾਏ ਜਾ ਰਹੇ ਹਨ, ਜਿਸ ‘ਚ ਕੰਪਨੀਆਂ ਨੂੰ ਸੱਦਾ ਦਿੱਤਾ ਗਿਆ ਹੈ ਤਾਂ ਜੋ ਦਿਵਿਆਂਗਜਨਾਂ ਵਿਅਕਤੀਆਂ ਨੂੰ ਰੁਜ਼ਗਾਰ ਮਿਲ ਸਕੇ | ਉਨ੍ਹਾਂ ਕਿਹਾ ਕਿ ਇਸ ਸੰਸਾਰ ‘ਚ ਕੋਈ ਵੀ ਵਿਅਕਤੀ ਸੰਪੂਰਨ ਨਹੀਂ ਹੈ, ਹਰ ਕਿਸੇ ‘ਚ ਕੋਈ ਨਾ ਕੋਈ ਕਮੀ ਹੁੰਦੀ ਹੈ। ਸਰਕਾਰ ਦੀ ਕੋਸ਼ਿਸ਼ ਹੈ ਕਿ ਦਿਵਿਆਂਗਜਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾਵੇ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣ।

ਡਾ: ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਖ-ਵੱਖ ਪਹਿਲਕਦਮੀਆਂ ਰਾਹੀਂ ਦਿਵਿਆਂਗਜਨਾਂ ਵਿਅਕਤੀਆਂ ਦੇ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨੇਤਰਹੀਣ ਵਿਅਕਤੀਆਂ ਦੀ ਸਹਾਇਤਾ ਲਈ ਮੁਫ਼ਤ ਯਾਤਰਾ ਦੀ ਸਹੂਲਤ ਸਬੰਧੀ ਨੋਟੀਫਿਕੇਸ਼ਨ ਛੇਤੀ ਹੀ ਜਾਰੀ ਕੀਤਾ ਜਾਵੇਗਾ।

ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ‘ਚ ਦਿਵਿਆਂਗਜਨਾਂ ਵਿਅਕਤੀਆਂ ਨੂੰ ਕਿਰਾਏ ‘ਚ 50% ਰਿਆਇਤ ਦਿੱਤੀ ਗਈ ਹੈ। ਵਿੱਤੀ ਸਾਲ 2023-24 ‘ਚ 7.5 ਲੱਖ ਤੋਂ ਵੱਧ ਦਿਵਿਆਂਗਜਨਾਂ ਨੂੰ 2.19 ਕਰੋੜ ਰੁਪਏ ਦੇ ਲਾਭ ਪ੍ਰਦਾਨ ਕੀਤੇ । ਚਾਲੂ ਵਿੱਤੀ ਸਾਲ 2024-25 ‘ਚ ਰਾਜ ਪੈਨਸ਼ਨ ਯੋਜਨਾ ਤਹਿਤ 2,65,694 ਦਿਵਿਆਂਗ ਵਿਅਕਤੀਆਂ ਨੂੰ 278.17 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਬੱਚਿਆਂ ਵਿੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ 12,607 ਦਿਵਿਆਂਗ ਵਿਅਕਤੀਆਂ ਨੂੰ ਵਜ਼ੀਫ਼ੇ ਦੇ ਰੂਪ ‘ਚ 3.37 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅੱਜ ਸੂਬਾ ਪੱਧਰੀ ਸਮਾਗਮ ‘ਚ ਵੱਖ-ਵੱਖ ਵਰਗਾਂ ‘ਚ ਵਧੀਆ ਕਰਮਚਾਰੀਆਂ, ਉੱਤਮ ਰੁਜ਼ਗਾਰਦਾਤਾਵਾਂ, ਉੱਤਮ ਖਿਡਾਰੀਆਂ ਅਤੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਉੱਤਮ ਸੰਸਥਾਵਾਂ ਨੂੰ ਸਨਮਾਨਿਤ ਕੀਤਾ । ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰੇਕ ਪੁਰਸਕਾਰ ਜੇਤੂ ਨੂੰ 10,000 ਰੁਪਏ ਦਾ ਨਗਦ ਇਨਾਮ ਅਤੇ ਸਰਟੀਫਿਕੇਟ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਪਾਂਸਰਸ਼ਿਪ ਸਕੀਮ ਅਧੀਨ ਬਾਲ ਮਜ਼ਦੂਰੀ ਅਤੇ ਹਿੰਸਾ ਦਾ ਮੁਕਾਬਲਾ ਕਰਨ ਲਈ 100% ਦਿਵਿਆਂਗਜਨਾਂ ਦੇ ਪਰਿਵਾਰਾਂ ਦੇ ਸਕੂਲ ਜਾਣ ਵਾਲੇ ਬੱਚਿਆਂ ਨੂੰ 4000 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦਿੱਤਾ ਜਾਂਦਾ ਹੈ।

 

Scroll to Top