Tarun Chugh

ਸਾਹਿਬਜ਼ਾਦਿਆਂ ਦੀ ਸ਼ਹਾਦਤ ਸਮੁੱਚੇ ਵਿਸ਼ਵ ਲਈ ਪ੍ਰੇਰਨਾ ਸਰੋਤ: ਤਰੁਣ ਚੁੱਘ

ਦਿੱਲੀ/ਚੰਡੀਗੜ੍ਹ, 26 ਦਸੰਬਰ 2024: ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ (Tarun Chugh) ਨੇ ਵੀਰ ਬਾਲ ਦਿਵਸ ਮੌਕੇ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਾਹਿਬਜ਼ਾਦਿਆਂ ਦੀ ਅਮਰ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ। ਤਰੁਣ ਚੁੱਘ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਬਹਾਦਰੀ ਅਤੇ ਕੁਰਬਾਨੀ ਭਾਰਤੀ ਇਤਿਹਾਸ ਦਾ ਸੁਨਹਿਰੀ ਅਧਿਆਏ ਹੈ। ਉਨ੍ਹਾਂ ਨੇ ਦੇਸ਼ ਅਤੇ ਧਰਮ ਦੀ ਰੱਖਿਆ ਲਈ ਦਿੱਤੀ ਸ਼ਹਾਦਤ ਪੂਰੀ ਦੁਨੀਆ ਲਈ ਪ੍ਰੇਰਨਾ ਸਰੋਤ ਹੈ।

ਤਰੁਣ ਚੁੱਘ ਨੇ ਕਿਹਾ ਕਿ ਅੱਜ ਦੇਸ਼ ਭਰ ‘ਚ 16 ਹਜ਼ਾਰ ਤੋਂ ਵੱਧ ਥਾਵਾਂ ‘ਤੇ ਭਾਜਪਾ ਦੀ ਅਗਵਾਈ ‘ਚ ਪਾਰਟੀ ਮੰਡਲ ਪੱਧਰ ‘ਤੇ ਵੀਰ ਬਾਲ ਦਿਵਸ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਦੇਸ਼ ਦੇ ਕੋਨੇ-ਕੋਨੇ ‘ਚ ਸਾਹਿਬਜ਼ਾਦਿਆਂ ਦੀ ਯਾਦ ‘ਚ ਇਹ ਦਿਹਾੜਾ ਮਨਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੇਰਲਾ ਹੋਵੇ, ਕੰਨਿਆਕੁਮਾਰੀ, ਗੁਹਾਟੀ ਜਾਂ ਕਸ਼ਮੀਰ, ਹਰ ਥਾਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਅਤੇ ਉਨ੍ਹਾਂ ਦੀ ਅਥਾਹ ਬਹਾਦਰੀ ਨੂੰ ਯਾਦ ਕੀਤਾ ਜਾ ਰਿਹਾ ਹੈ। ਇਹ ਦਿਨ ਸਿਰਫ਼ ਇਤਿਹਾਸ ਨੂੰ ਯਾਦ ਕਰਨ ਦਾ ਹੀ ਨਹੀਂ ਸਗੋਂ ਦੇਸ਼ ਦੇ ਬੱਚਿਆਂ ਨੂੰ ਦਿਸ਼ਾ ਦੇਣ ਦਾ ਵੀ ਮੌਕਾ ਹੈ।

ਤਰੁਣ ਚੁੱਘ (Tarun Chugh) ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ‘ਵੀਰ ਬਾਲ ਦਿਵਸ ਦੀ ਸ਼ੁਰੂਆਤ ਕਰਕੇ ਇਹ ਯਕੀਨੀ ਬਣਾਇਆ ਹੈ ਕਿ ਸਾਹਿਬਜ਼ਾਦਿਆਂ ਦੀ ਬਹਾਦਰੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇ । ਅੱਜ ਵੀਰ ਬਾਲ ਦਿਵਸ ‘ਤੇ ਰਾਸ਼ਟਰਪਤੀ ਭਵਨ ‘ਚ ਬਹਾਦਰ ਬੱਚਿਆਂ ਦੇ ਸਨਮਾਨ ‘ਚ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜੋ ਕਿ ਮਾਣ ਵਾਲੀ ਗੱਲ ਹੈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਭਾਰਤ ਮੰਡਪਮ ‘ਚ ਦੇਸ਼ ਭਰ ਦੇ ਹਜ਼ਾਰਾਂ ਬੱਚਿਆਂ ਨਾਲ ਵੀਰ ਬਾਲ ਦਿਵਸ ਮਨਾਉਣਗੇ।

ਉਨ੍ਹਾਂ ਅੱਗੇ ਕਿਹਾ ਕਿ ਸਾਹਿਬਜ਼ਾਦਿਆਂ ਨੇ ਆਪਣੀ ਸ਼ਹਾਦਤ ਰਾਹੀਂ ਦੁਨੀਆਂ ਨੂੰ ਇਹ ਸੰਦੇਸ਼ ਦਿੱਤਾ ਕਿ ਧਰਮ ਅਤੇ ਸੱਭਿਆਚਾਰ ਦੀ ਰਾਖੀ ਲਈ ਆਪਣੀ ਜਾਨ ਵੀ ਕੁਰਬਾਨ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਸੱਤਾ, ਲਾਲਚ ਅਤੇ ਧਰਮ ਪਰਿਵਰਤਨ ਨੂੰ ਨਕਾਰ ਦਿੱਤਾ ਅਤੇ ਸ਼ਹਾਦਤ ਨੂੰ ਅਪਣਾਇਆ। ਉਨ੍ਹਾਂ ਦੀ ਕੁਰਬਾਨੀ ਨੇ ਸਾਨੂੰ ਸਿਖਾਇਆ ਕਿ ਦੇਸ਼ ਅਤੇ ਧਰਮ ਦੀ ਰੱਖਿਆ ਲਈ ਅਡੋਲ ਰਹਿਣਾ ਚਾਹੀਦਾ ਹੈ।

ਤਰੁਣ ਚੁੱਘ ਨੇ ਇਹ ਵੀ ਕਿਹਾ ਕਿ ਸਾਹਿਬਜ਼ਾਦਿਆਂ ਦੀ ਕੁਰਬਾਨੀ ਭਾਰਤੀ ਸੰਸਕ੍ਰਿਤੀ ਦਾ ਗਹਿਣਾ ਹੈ। ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਚਾਰ ਸਾਹਿਬਜ਼ਾਦਿਆਂ ਸਮੇਤ ਧਰਮ ਅਤੇ ਦੇਸ਼ ਦੀ ਰੱਖਿਆ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ। ਇਹ ਬਹਾਦਰੀ ਭਰੀ ਘਟਨਾ ਸਿਰਫ਼ ਪੰਜਾਬ ਦੀ ਹੀ ਨਹੀਂ ਸਗੋਂ ਸਮੁੱਚੇ ਭਾਰਤ ਦੀ ਵਿਰਾਸਤ ਹੈ। ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਨੂੰ ਸਿਖਾਉਂਦੀ ਹੈ ਕਿ ਅਸੀਂ ਕਿਵੇਂ ਵਫ਼ਾਦਾਰੀ, ਸਮਰਪਣ ਅਤੇ ਦਲੇਰੀ ਨਾਲ ਆਪਣੇ ਧਰਮ ਅਤੇ ਦੇਸ਼ ਦੀ ਰੱਖਿਆ ਕਰ ਸਕਦੇ ਹਾਂ।

ਚੁੱਘ ਨੇ ਕਿਹਾ ਕਿ ਵੀਰ ਬਾਲ ਦਿਵਸ ਦਾ ਇਹ ਸੰਦੇਸ਼ ਦੇਸ਼ ਦੇ ਕਰੋੜਾਂ ਬੱਚਿਆਂ ਦੇ ਦਿਲਾਂ ਨੂੰ ਸਾਹਿਬਜ਼ਾਦਿਆਂ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਲਈ ਪ੍ਰੇਰਿਤ ਕਰੇਗਾ ਅਤੇ ਉਨ੍ਹਾਂ ਨੂੰ ਆਪਣੇ ਜੀਵਨ ‘ਚ ਧਰਮ ਅਤੇ ਦੇਸ਼ ਪ੍ਰਤੀ ਸਮਰਪਣ ਦਾ ਪਾਠ ਪੜ੍ਹਾਏਗਾ।

Read More: ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੀ ਮਿਸਾਲ ਦੁਨੀਆਂ ‘ਚ ਕਿਧਰੇ ਨਹੀਂ: ਪੰਜਾਬ ਰਾਜਪਾਲ

Scroll to Top