ਚੰਡੀਗੜ੍ਹ, 27 ਦਸੰਬਰ 2024: ਪੰਜਾਬ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ (Mohinder Bhagat) ਨੇ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਚੁੱਕੇ ਕਦਮ ਬਾਰੇ ਜਾਣਕਾਰੀ ਦਿੱਤੀ ਹੈ |
ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਸ਼ੁਰੂ ਕੀਤੇ ਸੁਧਾਰਾਂ ਅਤੇ ਨਵੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾ.ਕਾ ਨੀ.ਲਾ ਤਾਰਾ ਤੋਂ ਪ੍ਰਭਾਵਿਤ ਧਰਮੀ ਸੈਨਿਕਾਂ ਲਈ ਮਹੀਨਾਵਾਰ ਸਹਾਇਤਾ ਰਾਸ਼ੀ 10,000 ਰੁਪਏ ਤੋਂ ਵਧਾ ਕੇ 12,000 ਰੁਪਏ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫੈਸਲਾ ਪ੍ਰਭਾਵਿਤ ਪਰਿਵਾਰਾਂ ਲਈ ਵਿੱਤੀ ਸਥਿਰਤਾ ਯਕੀਨੀ ਬਣਾਉਣ ਪ੍ਰਤੀ ਉਸ ਦੇ ਸਮਰਪਣ ਨੂੰ ਦਰਸਾਉਂਦਾ ਹੈ।
ਮੋਹਿੰਦਰ ਭਗਤ (Mohinder Bhagat) ਨੇ ਦੱਸਿਆ ਕਿ ਡਿਊਟੀ ਦੌਰਾਨ ਜ਼ਖ਼ਮੀ ਹੋਏ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ ਦੁੱਗਣੀ ਕਰ ਦਿੱਤੀ ਗਈ ਹੈ। ਹੁਣ ਦਿਵਿਆਂਗਤਾ ਦੇ ਆਧਾਰ ‘ਤੇ, 10 ਲੱਖ ਰੁਪਏ ਤੋਂ 40 ਲੱਖ ਰੁਪਏ ਤੱਕ ਦੀ ਸਹਾਇਤਾ ਦਿੱਤੀ ਜਾ ਰਹੀ ਹੈ। ਇਹ ਫੈਸਲਾ ਉਨ੍ਹਾਂ ਸੈਨਿਕਾਂ ਪ੍ਰਤੀ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ, ਜਿਨ੍ਹਾਂ ਨੇ ਦਲੇਰੀ ਅਤੇ ਸਮਰਪਣ ਨਾਲ ਦੇਸ਼ ਦੀ ਸੇਵਾ ਕੀਤੀ ਹੈ।
ਮੰਤਰੀ ਮੋਹਿੰਦਰ ਭਗਤ ਨੇ ਵਾਰ ਜਾਗੀਰ ਸਕੀਮ ਬਾਰੇ ਗੱਲ ਕਰਦਿਆਂ ਦੱਸਿਆ ਕਿ ਇਸ ਸਕੀਮ ਤਹਿਤ ਲਾਭਪਾਤਰੀਆਂ ਨੂੰ ਦਿੱਤੀ ਜਾਣ ਵਾਲੀ ਸਾਲਾਨਾ ਵਿੱਤੀ ਸਹਾਇਤਾ ਨੂੰ 10,000 ਰੁਪਏ ਤੋਂ ਵਧਾ ਕੇ 20,000 ਰੁਪਏ ਕਰ ਦਿੱਤਾ ਹੈ। ਇਸ ਤੋਂ ਇਲਾਵਾ, ਪਹਿਲੇ ਅਤੇ ਦੂਜੇ ਵਿਸ਼ਵ ਯੁੱਧ ਦੇ ਗੈਰ-ਪੈਨਸ਼ਨਯੋਗ ਸਾਬਕਾ ਸੈਨਿਕਾਂ ਅਤੇ 65 ਸਾਲ ਤੋਂ ਵੱਧ ਉਮਰ ਦੀਆਂ ਉਨ੍ਹਾਂ ਦੀਆਂ ਵਿਧਵਾਵਾਂ ਲਈ ਮਾਸਿਕ ਵਿੱਤੀ ਸਹਾਇਤਾ ਨੂੰ 6,000 ਰੁਪਏ ਤੋਂ ਵਧਾ ਕੇ 10,000 ਰੁਪਏ ਕਰ ਦਿੱਤਾ ਗਿਆ ਹੈ ਤਾਂ ਜੋ ਸਾਡੇ ਬਜ਼ੁਰਗ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸਨਮਾਨਜਨਕ ਜੀਵਨ ਯਕੀਨੀ ਬਣਾਇਆ ਜਾ ਸਕੇ ਜਾਓ
ਮੰਤਰੀ ਨੇ ਕਿਹਾ ਕਿ ਅਪ੍ਰੇਸ਼ਨ ਵਿਜੇ ਦੌਰਾਨ ਸ਼ਹੀਦ ਹੋਏ 65 ਸੈਨਿਕਾਂ ਦੇ ਪਰਿਵਾਰਾਂ ਨੂੰ ਅੰਮ੍ਰਿਤਸਰ ਵਿਖੇ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਵਿਖੇ ਕਰਵਾਏ ਸਮਾਗਮ ਦੌਰਾਨ ਸ਼ਰਧਾਂਜਲੀ ਭੇਟ ਕੀਤੀ । ਇਸੇ ਤਰ੍ਹਾਂ ਆਪ੍ਰੇਸ਼ਨ ਪਵਨ ਦੌਰਾਨ ਸ੍ਰੀਲੰਕਾ ‘ਚ ਸ਼ਹੀਦ ਹੋਏ 114 ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਲੁਧਿਆਣਾ ਵਾਰ ਮੈਮੋਰੀਅਲ ਵਿਖੇ ਇੱਕ ਵਿਸ਼ਾਲ ਪ੍ਰੋਗਰਾਮ ਕਰਵਾਇਆ ਗਿਆ।
ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ 8 ਨਵੰਬਰ ਤੋਂ 7 ਦਸੰਬਰ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਸਾਈਕਲ ਰੈਲੀ ਕੱਢੀ। ਮਹੀਨਾ ਭਰ ਚੱਲਣ ਵਾਲੀ ਇਹ ਰੈਲੀ ਚੰਡੀਗੜ੍ਹ ਵਿਖੇ ਜੰਗੀ ਯਾਦਗਾਰ ਵਿਖੇ ਸਮਾਪਤ ਹੋਈ ਜਿੱਥੇ ਸ਼ਹੀਦਾਂ ਅਤੇ ਸਾਬਕਾ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ |
ਵਿਭਾਗ ਵੱਲੋਂ ਰੁਜ਼ਗਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਮੋਹਿੰਦਰ ਭਗਤ ਨੇ ਦੱਸਿਆ ਕਿ ਸ਼ਹੀਦਾਂ ਦੇ 14 ਆਸ਼ਰਿਤਾਂ ਨੂੰ ਸਨਮਾਨ ਅਤੇ ਗ੍ਰੈਟੀਚਿਊਟ ਨੀਤੀ ਤਹਿਤ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸ ਤੋਂ ਇਲਾਵਾ ਪੰਜਾਬ ਵਿੱਚ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਸਿੱਧੀ ਭਰਤੀ ‘ਚ 13% ਰਾਖਵਾਂਕਰਨ ਪ੍ਰਦਾਨ ਕੀਤਾ ਹੈ ਅਤੇ ਦੋ ਸਾਲਾਂ ‘ਚ 2,044 ਅਸਾਮੀਆਂ ਭਰੀਆਂ ਹਨ।
ਉਨ੍ਹਾਂ ਦੱਸਿਆ ਕਿ ਗਰੁੱਪ ਬੀ ਅਤੇ ਸੀ ਦੇ ਮੁਲਾਜ਼ਮਾਂ ਲਈ ਨਵੇਂ ਸੇਵਾ ਨਿਯਮ ਬਣਾਏ ਗਏ ਹਨ, ਜਿਨ੍ਹਾਂ ਨੂੰ ਕੈਬਨਿਟ ਵੱਲੋਂ ਮਨਜ਼ੂਰੀ ਦੇ ਦਿੱਤੀ ਹੈ। ਪੰਜ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰਾਂ ਦੀ ਭਰਤੀ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਰਾਹੀਂ ਕੀਤੀ ਗਈ ਹੈ।
ਪੈਨਸ਼ਨ ਦੀ ਵੰਡ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ 15 ਦਿਨਾਂ ਦਾ ਵਿਸ਼ੇਸ਼ ਸਪਰਸ਼ ਕੈਂਪ ਲਗਾਇਆ ਗਿਆ, ਇਸ ‘ਚ 1,691 ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਆਸ਼ਰਿਤਾਂ ਨੂੰ ਉਨ੍ਹਾਂ ਦੇ ਜੀਵਨ ਸਰਟੀਫਿਕੇਟ ਅਪਲੋਡ ਕਰਨ ਦੀ ਸਹੂਲਤ ਦਿੱਤੀ ਜਾ ਸਕੇ। ਇਸ ਤੋਂ ਇਲਾਵਾ, ਭਲਾਈ ਸਕੀਮਾਂ ਬਾਰੇ ਇੱਕ ਵਿਆਪਕ ਕਿਤਾਬਚਾ ਪ੍ਰਕਾਸ਼ਿਤ ਕੀਤਾ ਅਤੇ ਲਾਭਪਾਤਰੀਆਂ ‘ਚ ਵੰਡਿਆ ਗਿਆ, ਤਾਂ ਜੋ ਉਹ ਸਰਕਾਰੀ ਸਹਾਇਤਾ ਅਤੇ ਸਕੀਮਾਂ ਬਾਰੇ ਬਿਹਤਰ ਜਾਣਕਾਰੀ ਪ੍ਰਾਪਤ ਕਰ ਸਕਣ।
ਸੈਨਿਕਾਂ ਦੁਆਰਾ ਨਿਭਾਈਆਂ ਵਿਲੱਖਣ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਫੌਜੀ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਲਈ ਯਕਮੁਸ਼ਤ ਗ੍ਰਾਂਟ ਰਾਸ਼ੀ ਨੂੰ ਸੋਧਿਆ ਹੈ। ਪਰਮ ਵਿਸ਼ਿਸ਼ਟ ਸੇਵਾ ਮੈਡਲ ਨਾਲ ਸਨਮਾਨਿਤ ਸੈਨਿਕਾਂ ਨੂੰ ਹੁਣ 6 ਲੱਖ ਰੁਪਏ ਦਿੱਤੇ ਜਾ ਰਹੇ ਹਨ, ਜਦੋਂ ਕਿ ਸਰਵੋਤਮ ਯੁੱਧ ਸੇਵਾ ਮੈਡਲ ਨਾਲ ਸਨਮਾਨਿਤ ਸੈਨਿਕਾਂ ਨੂੰ 6.50 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾ ਰਹੀ ਹੈ। ਕੈਬਿਨਟ ਮੰਤਰੀ ਨੇ ਕਿਹਾ ਕਿ ਸਾਲ 2024 ਰੱਖਿਆ ਸੇਵਾਵਾਂ ਭਲਾਈ ਵਿਭਾਗ ਲਈ ਵੱਡੀ ਤਬਦੀਲੀ ਲੈ ਕੇ ਆਇਆ ਹੈ।