ਚੰਡੀਗੜ੍ਹ, 1 ਜਨਵਰੀ 2025: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਨਵੇਂ ਸਾਲ ਦੌਰਾਨ ਪੰਜਾਬ ਰੋਡਵੇਜ਼ (Punjab Roadways) ਅਤੇ ਪੀ.ਆਰ.ਟੀ.ਸੀ. (PRTC) ਦੇ ਬੇੜੇ ‘ਚ ਨਵੀਆਂ ਬੱਸਾਂ ਸ਼ਾਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ।
ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼/ਪਨਬੱਸ, ਪੀ.ਆਰ.ਟੀ.ਸੀ. ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਦੇ ਕੰਮਾਂ ਦੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਸ ਤਰ੍ਹਾਂ ਸੂਬਾ ਸਰਕਾਰ ਨੇ ਪਿਛਲੇ ਸਾਲ ਦੌਰਾਨ ਮਿੱਥੇ ਟੀਚੇ ਹਾਸਲ ਕੀਤੇ ਹਨ, ਉਸੇ ਤਰ੍ਹਾਂ ਨਵੇਂ ਸਾਲ ‘ਚ ਵੀ ਟੀਚਿਆਂ ਨੂੰ ਪ੍ਰਾਪਤ ਕਰਕੇ ਸਰਕਾਰ ਦੇ ਮਾਲੀਏ ‘ਚ ਵਾਧਾ ਕੀਤਾ ਜਾਵੇ।
ਭੁੱਲਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਬੱਸ ਸਟੈਂਡਾਂ ਨੂੰ ਠੇਕੇ ‘ਤੇ ਦਿੱਤਾ ਜਾਵੇ ਤਾਂ ਜੋ ਮਾਲੀਆ ਵਧਾਉਣ ਦੇ ਨਾਲ-ਨਾਲ ਇਨ੍ਹਾਂ ਦੀ ਸਾਂਭ-ਸੰਭਾਲ ਅਤੇ ਸਫਾਈ ਨੂੰ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਉਨ੍ਹਾਂ ਰੂਟਾਂ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕੀਤੀ ਜਾਵੇ ਜਿਨ੍ਹਾਂ ‘ਤੇ ਜ਼ਿਆਦਾਤਰ ਪ੍ਰਾਈਵੇਟ ਬੱਸਾਂ ਚੱਲਦੀਆਂ ਹਨ ਅਤੇ ਸਰਕਾਰੀ ਬੱਸ ਸੇਵਾ ਨਾਮਾਤਰ ਹੈ ਤਾਂ ਜੋ ਮਹਿਲਾਵਾਂ ਨੂੰ ਮੁਫ਼ਤ ਬੱਸ ਸੇਵਾ ਦਾ ਲਾਭ ਲੈਣ ਦੇ ਨਾਲ-ਨਾਲ ਹੋਰ ਸਵਾਰੀਆਂ ਨੂੰ ਵੀ ਸਹੂਲਤ ਮਿਲ ਸਕੇ |
ਮੰਤਰੀ (Laljit Singh Bhullar) ਨੇ ਕਿਹਾ ਕਿ ਵਿਭਾਗ ਦੇ ਅਧਿਕਾਰੀ ਸੂਬੇ ਦੇ ਹਰ ਰੂਟ ‘ਤੇ ਸਰਕਾਰੀ ਬੱਸ ਸੇਵਾ ਨੂੰ ਯਕੀਨੀ ਬਣਾਉਣ ਤਾਂ ਜੋ ਪ੍ਰਾਈਵੇਟ ਬੱਸ ਅਪਰੇਟਰਾਂ ਦੀਆਂ ਮਨਮਾਨੀਆਂ ਨੂੰ ਰੋਕਿਆ ਜਾ ਸਕੇ। ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਅਜਿਹੇ ਸਾਰੇ ਰੂਟਾਂ ਦੀ ਸੂਚੀ ਇਕੱਠੀ ਕਰਕੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਸਰਕਾਰੀ ਬੱਸ ਸੇਵਾ ਉਪਲਬੱਧ ਨਹੀਂ ਹੈ।
ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਦੇ ਅਧਿਕਾਰੀਆਂ ਨੂੰ ਟੈਕਸ ਡਿਫਾਲਟਰਾਂ ‘ਤੇ ਸ਼ਿਕੰਜਾ ਕੱਸਣ ਲਈ ਪ੍ਰਭਾਵਸ਼ਾਲੀ ਵਸੂਲੀ ਪ੍ਰਕਿਰਿਆ ਅਪਣਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਜਨਤਕ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ ਅਤੇ ਸੇਵਾ ਪ੍ਰਦਾਨ ਨੂੰ ਸਮਾਂਬੱਧ ਢੰਗ ਨਾਲ ਯਕੀਨੀ ਬਣਾਇਆ ਜਾਵੇ।
Read More: ਪੰਜਾਬ BSP ਦੇ ਸਾਬਕਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ‘ਆਪ’ ਦਾ ਫੜਿਆ ਪੱਲਾ