Anganwadi Centers

ਪੰਜਾਬ ਸਰਕਾਰ ਜੇਲ੍ਹਾਂ ‘ਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ‘ਚ ਕਰੇਗੀ ਇਨਰੋਲ

ਚੰਡੀਗੜ੍ਹ, 04 ਜਨਵਰੀ 2024: ਪੰਜਾਬ ਦੀ ਕੈਬਿਨਟ ਮੰਤਰੀ ਡਾ: ਬਲਜੀਤ ਕੌਰ ਨੇ ਫ਼ਰੀਦਕੋਟ ਜੇਲ੍ਹ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ‘ਚ ਬੰਦ ਮਹਿਲਾ ਕੈਦੀਆਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ (Anganwadi Centers) ‘ਚ ਦਾਖਲ ਕਰਵਾ ਕੇ ਉਨ੍ਹਾਂ ਨੂੰ ਮੁੱਢਲੀ ਸਿੱਖਿਆ ਨਾਲ ਜੋੜ ਕੇ ਪੌਸ਼ਟਿਕ ਆਹਾਰ ਮੁਹੱਈਆ ਕਰਵਾਉਣ ਦੇ ਉਪਰਾਲੇ ਕੀਤੇ ਜਾਣਗੇ।

ਮੰਤਰੀ ਡਾ: ਬਲਜੀਤ ਕੌਰ ਨੇ ਮਾਡਰਨ ਕੇਂਦਰੀ ਜੇਲ੍ਹ ਫ਼ਰੀਦਕੋਟ ‘ਚ ਮਹਿਲਾ ਕੈਦੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਲੋੜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੈਦੀ ਮਹਿਲਾਵਾਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ। ਜੇਲ੍ਹ ‘ਚ ਬੰਦ ਮਹਿਲਾ ਕੈਦੀਆਂ ਦੇ ਬੱਚਿਆਂ ਨੂੰ ਆਂਗਣਵਾੜੀ ਕੇਂਦਰਾਂ ‘ਚ ਦਾਖਲ ਕਰਵਾ ਕੇ ਪੂਰਕ ਪੋਸ਼ਣ ਪ੍ਰੋਗਰਾਮ (ਸਪਲੀਮੈਟਰੀ ਨਿਊਟ੍ਰੀਸ਼ਨ ਪ੍ਰੋਗਰਾਮ) ਦਾ ਲਾਭ ਦਿੱਤਾ ਜਾ ਸਕੇ ਅਤੇ ਉਨ੍ਹਾਂ ਨੂੰ ਮੁੱਢਲੀ ਸਿੱਖਿਆ ਪ੍ਰੋਗਰਾਮਾਂ ਨਾਲ ਜੋੜਿਆ ਜਾ ਸਕੇਗਾ।

ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਮਹਿਲਾ ਕੈਦੀਆਂ ਦੇ ਸਸ਼ਕਤੀਕਰਨ ਲਈ ਉਨ੍ਹਾਂ ਨੂੰ ਹੁਨਰ ਵਿਕਾਸ ਦੇ ਮੌਕੇ ਪ੍ਰਦਾਨ ਕਰਨ, ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣ ਅਤੇ ਜੇਲ੍ਹ ਤੋਂ ਬਾਹਰ ਦੀ ਜ਼ਿੰਦਗੀ ਲਈ ਤਿਆਰ ਕਰਨ ਲਈ ਜੇਲ੍ਹ ‘ਚ ਸਿਲਾਈ ਸੈਂਟਰ ਸ਼ੁਰੂ ਕੀਤਾ ਹੈ। ਇਸ ਤੋਂ ਇਲਾਵਾ ਜੇਲ੍ਹ ‘ਚ ਇੱਕ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ, ਜਿਸ ‘ਚ ਮਹਿਲਾਵਾਂ ਨੇ ਆਪਣੀ ਪ੍ਰਤਿਭਾ ਅਤੇ ਰਚਨਾਤਮਕਤਾ ਦਾ ਪ੍ਰਦਰਸ਼ਨ ਕਰਦੇ ਹੋਏ ਉਤਸ਼ਾਹ ਨਾਲ ਭਾਗ ਲਿਆ।

ਡਾ: ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਸੈਂਟਰ (Anganwadi Centers) ਇਨ੍ਹਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪੌਸ਼ਟਿਕ ਭੋਜਨ ਅਤੇ ਮੁੱਢਲੀ ਸਿੱਖਿਆ ਮੁਹੱਈਆ ਕਰਵਾਉਣ ‘ਚ ਅਹਿਮ ਭੂਮਿਕਾ ਨਿਭਾਉਣਗੇ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਜਾਂਚ ਅਤੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਸਹੂਲਤਾਂ ਦਾ ਲਾਭ ਹਰ ਮਹਿਲਾਵਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਮਹਿਲਾ ਇਨ੍ਹਾਂ ਤੋਂ ਵਾਂਝੀ ਨਾ ਰਹੇ।

ਉਨ੍ਹਾਂ ਕਿਹਾ ਕਿ ਹਾਲ ਹੀ ‘ਚ ਫਰੀਦਕੋਟ ਜ਼ਿਲ੍ਹੇ ‘ਚ ਵੀ ਅਜਿਹਾ ਕੈਂਪ ਲਗਾਇਆ ਸੀ ਅਤੇ ਇਨ੍ਹਾਂ ਸਹੂਲਤਾਂ ਦਾ ਲਾਭ ਮਹਿਲਾਵਾਂ ਨੂੰ ਦਿੱਤਾ ਗਿਆ ਸੀ। ਮੰਤਰੀ ਨੇ ਕਿਹਾ ਦੌਰਾ ਜੇਲ੍ਹ ‘ਚ ਬੰਦ ਮਹਿਲਾ ਕੈਦੀਆਂ ਦੀ ਸਿਹਤ ਜਾਂਚ, ਉਨ੍ਹਾਂ ਦੀ ਸਰੀਰਕ ਸਥਿਤੀ ਅਤੇ ਉਨ੍ਹਾਂ ਦੇ ਬੱਚਿਆਂ ਲਈ ਸਹੂਲਤਾਂ ਦਾ ਮੁਆਇਨਾ ਕਰਨ ਲਈ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਰੱਕੀ ਵੱਲ ਲਿਜਾਣ ਲਈ ਕੈਦੀ ਮਹਿਲਾਵਾਂ ਨੂੰ ਵੀ ਨਾਲ ਲੈ ਕੇ ਚੱਲਣਾ ਪਵੇਗਾ।

ਇਸ ਮੌਕੇ ਮੰਤਰੀ ਨੇ ਔਰਤਾਂ ਨੂੰ ਸਿੱਖਿਆ ਪ੍ਰਾਪਤ ਕਰਨ ਅਤੇ ਜੇਲ੍ਹ ਤੋਂ ਬਾਹਰ ਆਪਣਾ ਰੁਜ਼ਗਾਰ ਸ਼ੁਰੂ ਕਰਨ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ | ਇਸਦੇ ਨਾਲ ਹੀ ਜੇਲ੍ਹ ਸੁਪਰਡੈਂਟ ਵੱਲੋਂ ਜੇਲ੍ਹ ‘ਚ ਮਹਿਲਾ ਕੈਦੀਆਂ ਲਈ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਮੰਤਰੀ ਨੇ ਉਨ੍ਹਾਂ ਨੂੰ ਭਵਿੱਖ ‘ਚ ਵੀ ਹੋਰ ਵਧੀਆ ਪ੍ਰਬੰਧ ਕਰਦੇ ਰਹਿਣ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਮੰਤਰੀ ਡਾ. ਬਲਜੀਤ ਕੌਰ ਨਾਲ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਡਾ: ਸ਼ੇਨਾ ਅਗਰਵਾਲ ਅਤੇ ਐਸ.ਐਸ.ਪੀ ਡਾ: ਪ੍ਰਗਿਆ ਜੈਨ ਵੀ ਹਾਜ਼ਰ ਸਨ |

Read More: PSPCL ਨੂੰ ਰੂਫਟਾਪ ਸੋਲਰ ਊਰਜਾ ਵਾਧੇ ਲਈ ਭਾਰਤ ਸਰਕਾਰ ਤੋਂ ਮਿਲਿਆ ਕਰੋੜਾਂ ਰੁਪਏ ਦਾ ਇਨਾਮ

Scroll to Top