Anil Vij

Haryana News: ਟਰਾਂਸਪੋਰਟ ਮੰਤਰੀ ਅਨਿਲ ਵਿਜ ਦਾ ਦਾਅਵਾ, ਦਿੱਲੀ ‘ਚ ਇਸ ਵਾਰ ਬਣੇਗੀ ਭਾਜਪਾ ਦੀ ਸਰਕਾਰ

ਚੰਡੀਗੜ੍ਹ, 08 ਜਨਵਰੀ 2025: Haryana News: ਹਰਿਆਣਾ ਦੇ ਊਰਜਾ, ਆਵਾਜਾਈ ਅਤੇ ਕਿਰਤ ਮੰਤਰੀ ਅਨਿਲ ਵਿਜ (Anil Vij) ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਸੜਕ, ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ‘ਚ ਦੋਵਾਂ ਆਗੂਆਂ ਨੇ ਟਰਾਂਸਪੋਰਟ ਸੈਕਟਰ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ ਅਤੇ ਆਪਸੀ ਜਾਣਕਾਰੀ ਸਾਂਝੀ ਕੀਤੀ।

ਮੁਲਾਕਾਤ ਤੋਂ ਬਾਅਦ ਦਿੱਲੀ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਜ ਨੇ ਕਿਹਾ ਕਿ ਹੁਣ ਦਿੱਲੀ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਦਿੱਲੀ ‘ਚ ਵੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪਾਰਟੀ ਨੇ ਹਰਿਆਣਾ ‘ਚ ਜਿੱਤ ਦਾ ਝੰਡਾ ਲਹਿਰਾ ਕੇ ਪੂਰੇ ਦੇਸ਼ ਲਈ ਜਿੱਤ ਦੀ ਸ਼ੁਰੂਆਤ ਕੀਤੀ ਹੈ ਅਤੇ ਹੁਣ ਇਹ ਜਿੱਤ ਯਾਤਰਾ ਦਿੱਲੀ ਸਮੇਤ ਹੋਰਨਾਂ ਸੂਬਿਆਂ ‘ਚ ਵੀ ਜਾਰੀ ਰਹੇਗੀ।

ਅਨਿਲ ਵਿਜ (Anil Vij) ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਹਰਿਆਣਾ ਤੋਂ ਅਸ਼ਵਮੇਧ ਯੱਗ ਦਾ ਘੋੜਾ ਛੱਡਿਆ ਹੈ, ਜਿਸ ਨਾਲ ਭਾਜਪਾ ਜਿੱਥੇ ਵੀ ਜਾਵੇਗੀ, ਉਸ ਦੀ ਜਿੱਤ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਨੀਤੀ ਦੀ ਦਿਸ਼ਾ ਬਦਲ ਕੇ ਕੰਮਕਾਜ ਦੀ ਰਾਜਨੀਤੀ ਸ਼ੁਰੂ ਕਰ ਦਿੱਤੀ ਹੈ, ਜਿਸ ਨੂੰ ਲੋਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਉਨ੍ਹਾਂ ਦਿੱਲੀ ਦੀ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਆਪਣੀ ਜੀਵਨ ਸ਼ੈਲੀ ਨੂੰ ਦਰਸਾਉਣ ਲਈ ਜੋ ਸ਼ੀਸ਼ ਮਹਿਲ ਬਣਾਇਆ ਗਿਆ ਹੈ, ਉਹ ਉਨ੍ਹਾਂ ਦੀ ਸਿਆਸਤ ਨੂੰ ਨਿਘਾਰ ਵੱਲ ਲੈ ਜਾਵੇਗਾ। ਕਿਸਾਨਾਂ ਦੇ ਮੁੱਦੇ ‘ਤੇ ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਪਾਰਟੀ ਨੇ ਅੱਜ ਤੱਕ ਕਿਸਾਨਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਹੀਂ ਦਿੱਤਾ ਅਤੇ ਉਨ੍ਹਾਂ ਨੂੰ ਅਣਗੌਲਿਆ ਕੀਤਾ ਹੈ। ਪੰਜਾਬ ਦੇ ਕਿਸਾਨ ਅੰਦੋਲਨ ਬਾਰੇ ਉਨ੍ਹਾਂ ਕਿਹਾ ਕਿ ਲੱਗਦਾ ਹੈ ਕਿ ‘ਆਪ’ ਪਾਰਟੀ ਕਿਸੇ ਅਣਸੁਖਾਵੀਂ ਘਟਨਾ ਦੀ ਉਡੀਕ ਕਰ ਰਹੀ ਹੈ ਤਾਂ ਜੋ ਇਸ ਨੂੰ ਸਿਆਸੀ ਲਾਹੇ ਲਈ ਵਰਤਿਆ ਜਾ ਸਕੇ।

Read More: Air Pollution: ਹਰਿਆਣਾ ਸਰਕਾਰ ਨੇ ਖੇਤਾਂ ‘ਚ ਅੱਗ ਲਗਾਉਣ ਦੀਆਂ ਘਟਨਾਵਾਂ ਰੋਕਣ ਲਈ ਕੇਂਦਰ ਸਰਕਾਰ ਤੋਂ ਮੰਗੇ ਫ਼ੰਡ

Scroll to Top