ਚੰਡੀਗੜ੍ਹ, 08 ਜਨਵਰੀ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ | ਉਨ੍ਹਾਂ ਨੇ ਇਸ ਨੂੰ ਚੰਡੀਗੜ੍ਹ ’ਤੇ ਪੰਜਾਬ ਦੇ ਹੱਕਾਂ ਨੂੰ ਕੁਚਲਣ ਵਾਲਾ ਕਦਮ ਕਰਾਰ ਦਿੱਤਾ ਹੈ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਸ ਕਦਮ ਨੂੰ ਚੰਡੀਗੜ੍ਹ ਦੇ ਰੁਤਬੇ ਦੇ ਨਾਜ਼ੁਕ ਮੁੱਦੇ ਦੀ ਘੋਰ ਅਣਦੇਖੀ ਵਜੋਂ ਦੇਖਿਆ ਜਾ ਰਿਹਾ ਹੈ, ਜੋ ਕਿ ਪੰਜਾਬ ਅਤੇ ਕੇਂਦਰ ਸਰਕਾਰਾਂ ਵਿਚਕਾਰ ਲੰਮੇ ਸਮੇਂ ਤੋਂ ਵਿਵਾਦ ਦਾ ਵਿਸ਼ਾ ਬਣਿਆ ਹੋਇਆ ਹੈ।
ਸਪੀਕਰ ਸੰਧਵਾਂ (Kultar Singh Sandhwan) ਨੇ ਕਿਹਾ ਕਿ ਰੀ-ਡੈਜਿਗਨੇਸ਼ਨ ਨਾ ਸਿਰਫ਼ ਪ੍ਰਸ਼ਾਸਨਿਕ ਗੜਬੜ ਹੈ, ਸਗੋਂ ਚੰਡੀਗੜ੍ਹ ‘ਤੇ ਪੰਜਾਬ ਦੇ ਜਾਇਜ਼ ਦਾਅਵਿਆਂ ਅਤੇ ਹੱਕਾਂ ਨੂੰ ਵੀ ਖੋਰਾ ਲਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਸ ਫੈਸਲੇ ‘ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਦਾ ਸਤਿਕਾਰ ਕਰਨ ਦੀ ਅਪੀਲ ਕੀਤੀ ਹੈ |
ਇਸ ਘਟਨਾਕ੍ਰਮ ਨੇ ਪੰਜਾਬ ਦੇ ਨੇਤਾਵਾਂ ਅਤੇ ਨਾਗਰਿਕਾਂ ‘ਚ ਬੇਚੈਨੀ ਪੈਦਾ ਕਰ ਦਿੱਤੀ ਹੈ ਅਤੇ ਹਰ ਕੋਈ ਇਸ ਨੂੰ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕ ਨੂੰ ਕਮਜ਼ੋਰ ਕਰਨ ਦੀ ਸੋਚੀ ਸਮਝੀ ਕੋਸ਼ਿਸ਼ ਵਜੋਂ ਦੇਖ ਰਿਹਾ ਹੈ। ਪੰਜਾਬ ਸਰਕਾਰ ਨੇ ਹਮੇਸ਼ਾ ਇਸ ਗੱਲ ‘ਤੇ ਜ਼ੋਰ ਦਿੱਤਾ ਹੈ ਕਿ ਚੰਡੀਗੜ੍ਹ ਸੂਬੇ ਦਾ ਅਨਿੱਖੜਵਾਂ ਅੰਗ ਹੈ ਅਤੇ ਇਸ ਦੇ ਪ੍ਰਸ਼ਾਸਨ ਨਾਲ ਸਬੰਧਤ ਕੋਈ ਵੀ ਫੈਸਲਾ ਸੂਬਾ ਸਰਕਾਰ ਨਾਲ ਸਲਾਹ-ਮਸ਼ਵਰਾ ਕਰਕੇ ਲਿਆ ਜਾਣਾ ਚਾਹੀਦਾ ਹੈ।
Read More: Chandigarh: ਲੋਕਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ, ਜਾਣੋ ਵੇਰਵਾ