ਚੰਡੀਗੜ੍ਹ/ਤਰਨਤਾਰਨ, 15 ਜਨਵਰੀ 2025: ਪੰਜਾਬ (Punjab Police) ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਰਨਤਾਰਨ ਪੁਲਿਸ (Tarn Taran Police) ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ ਗਿਰੋਹ ਦੇ ਮੁੱਖ ਸਰਗਨਾ ਨੂੰ 5 ਕਿੱਲੋ ਹੈਰੋਇਨ (Heroin) ਸਮੇਤ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਰਸ਼ਪਾਲ ਸਿੰਘ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਦੇ ਪਿੰਡ ਭਾਈ ਲੱਧੂ ਦਾ ਵਸਨੀਕ ਹੈ | ਇਸਦੇ ਨਾਲ ਹੀ ਪੁਲਿਸ ਨੇ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਸਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਪਾਕਿਸਤਾਨ ਸਥਿਤ ਤਸਕਰਾਂ ਦੇ ਸਿੱਧੇ ਸੰਪਰਕ ‘ਚ ਸੀ ਅਤੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਸਥਿਤ ਤਸਕਰ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ‘ਚ ਹੋਰ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਇਸ ਕਾਰਵਾਈ ਬਾਰੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਤਰਨ ਤਾਰਨ (Tarn Taran Police) ਅਭਿਮਨਿਊ ਰਾਣਾ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਐਸਪੀ (ਡੀ) ਅਜੈ ਰਾਜ ਸਿੰਘ, ਡੀਐਸਪੀ (ਡੀ) ਰਜਿੰਦਰ ਮਿਨਹਾਸ ਅਤੇ ਡੀਐਸਪੀ ਸਰਬਜੀਤ ਸਿੰਘ ਬਾਜਵਾ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਨੇ ਨੇ ਕਾਰਵਾਈ ਸ਼ੁਰੂ ਕੀਤੀ। ਇੰਚਾਰਜ ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਕਾਰਵਾਈ ਕਰਦਿਆਂ ਪਿੰਡ ਭਾਈ ਲੱਧੂ ਦੇ ਇਲਾਕੇ ਤੋਂ ਰਸ਼ਪਾਲ ਸਿੰਘ ਨੂੰ 5 ਕਿੱਲੋ ਹੈਰੋਇਨ (Heroin) ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਤਰਨਤਾਰਨ ਐਸਐਸਪੀ ਨੇ ਦੱਸਿਆ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਦੇ ਨਾਲ-ਨਾਲ ਗ੍ਰਿਫ਼ਤਾਰ ਵਿਅਕਤੀ ਵੱਲੋਂ ਹੁਣ ਤੱਕ ਖਰੀਦੀਆਂ ਗਈਆਂ ਨਸ਼ੀਲੀਆਂ ਦਵਾਈਆਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਪੁਲਿਸ ਨੇ ਇਸ ਮਾਮਲੇ ‘ਚ ਐਫਆਈਆਰ ਨੰਬਰ 06, ਮਿਤੀ 15 ਜਨਵਰੀ, 2025 ਨੂੰ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਧੀਨ ਪੁਲਿਸ ਸਟੇਸ਼ਨ ਸਦਰ ਪੱਟੀ, ਤਰਨਤਾਰਨ ਵਿਖੇ ਦਰਜ ਕੀਤੀ ਹੈ।
Read More: Amritsar News: ਅੰਮ੍ਰਿਤਸਰ ‘ਚ ਫੈਕਟਰੀ ‘ਚੋਂ ਨਿਕਲਦੇ ਧੂੰਏ ਨੂੰ ਰੋਕਣ ਦੌਰਾਨ ਦੋ ਧਿਰਾਂ ਵਿਚਾਲੇ ਹੋਇਆ ਝਗੜਾ