ਚੰਡੀਗੜ੍ਹ, 15 ਜਨਵਰੀ 2025: C-PYTE Camp: ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਆਪਣੇ ਦਫ਼ਤਰ ਵਿੱਚ ਸੀ-ਪਾਈਟ ਦੀ 5ਵੀਂ ਗਵਰਨਿੰਗ ਕੌਂਸਲ ਦੀ ਬੈਠਕ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲੀ ਵਾਰ ਸੂਬੇ ਭਰ ‘ਚ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪਾਂ ਰਾਹੀਂ 265 ਕੁੜੀਆਂ ਨੂੰ ਫੌਜ, ਸੀ.ਏ.ਪੀ.ਐਫ. ਅਤੇ ਪੰਜਾਬ ਪੁਲਿਸ ‘ਚ ਭਰਤੀ ਲਈ ਸਿਖਲਾਈ ਦਿੱਤੀ ਹੈ।
ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਛੇਤੀ ਹੀ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਥੇਹ ਕਾਂਜਲਾ ਵਿਖੇ ਹਥਿਆਰਬੰਦ ਸੈਨਾਵਾਂ ‘ਚ ਭਰਤੀ ਹੋਣ ਦੀਆਂ ਇੱਛਾਵਾਂ ਰੱਖਣ ਵਾਲੀਆਂ ਲੜਕੀਆਂ ਲਈ ਇੱਕ ਵਿਸ਼ੇਸ਼ ਸੀ-ਪਾਈਟ ਕੈਂਪ (C-PYTE Camp) ਖੋਲ੍ਹੇਗੀ ਅਤੇ ਕੈਂਪ ‘ਚ ਸਿਰਫ਼ ਮਹਿਲਾ ਸਟਾਫ਼ ਹੋਵੇਗਾ।
ਇਸੇ ਤਰ੍ਹਾਂ ਪਠਾਨਕੋਟ ਜ਼ਿਲ੍ਹੇ ‘ਚ ਇੱਕ ਹੋਰ ਸੀ-ਪਾਈਟ ਕੈਂਪ ਵੀ ਸਥਾਪਤ ਕੀਤਾ ਜਾਵੇਗਾ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਪੁਲਿਸ, ਹਥਿਆਰਬੰਦ ਸੈਨਾਵਾਂ ਅਤੇ ਸੀਏਪੀਐਫ ‘ਚ ਭਰਤੀ ਲਈ ਤਿਆਰ ਕੀਤਾ ਜਾ ਸਕੇ, ਤਾਂ ਜੋ ਉਨ੍ਹਾਂ ਨੂੰ ਰੁਜ਼ਗਾਰ ਯੋਗ ਬਣਾਇਆ ਜਾ ਸਕੇ। ਇਸ ਸਮੇਂ ਪੰਜਾਬ ‘ਚ 14 ਸੀ-ਪਾਈਟ ਕੈਂਪ ਕੰਮ ਕਰ ਰਹੇ ਹਨ।
ਅਮਨ ਅਰੋੜਾ ਨੇ ਸਬੰਧਤ ਅਧਿਕਾਰੀਆਂ ਨੂੰ ਪਿੰਡ ਆਸਲ ਉਤਾੜ (ਤਰਨਤਾਰਨ), ਪਿੰਡ ਖੇੜੀ (ਸੰਗਰੂਰ) ਅਤੇ ਬੋਰੇਵਾਲ (ਮਾਨਸਾ) ਵਿਖੇ ਨਿਰਮਾਣ ਅਧੀਨ ਤਿੰਨ ਨਵੇਂ ਕੈਂਪਾਂ ਦਾ ਕੰਮ ਨਿਰਧਾਰਤ ਸਮੇਂ ਅੰਦਰ ਪੂਰਾ ਕਰਨ ਦੇ ਹੁਕਮ ਵੀ ਦਿੱਤੇ।
ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੀ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦੱਸਿਆ ਕਿ ਇਨ੍ਹਾਂ ਸੀ-ਪਾਈਟ ਕੈਂਪਾਂ ਰਾਹੀਂ 2,58,760 ਨੌਜਵਾਨਾਂ ਨੂੰ ਮੁਫ਼ਤ ਸਿਖਲਾਈ ਦਿੱਤੀ ਹੈ, ਜਿਨ੍ਹਾਂ ‘ਚੋਂ 1,15,649 ਨੌਜਵਾਨਾਂ ਨੂੰ ਰੁਜ਼ਗਾਰ ਮਿਲਿਆ ਹੈ।
ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਵੱਖ-ਵੱਖ ਰੱਖਿਆ ਬਲਾਂ ਲਈ ਸਿਖਲਾਈ ਦੇਣ ਤੋਂ ਇਲਾਵਾ, ਉਨ੍ਹਾਂ ਨੂੰ ਹੋਰ ਖੇਤਰਾਂ ‘ਚ ਰੁਜ਼ਗਾਰ ਦੇ ਯੋਗ ਬਣਾਉਣ ਲਈ ਵੀ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਘੱਟੋ-ਘੱਟ 150 ਨੌਜਵਾਨਾਂ ਨੂੰ ਡਰੋਨ ਪਾਇਲਟ ਵਜੋਂ, 300 ਨੌਜਵਾਨਾਂ ਨੂੰ ਸੁਰੱਖਿਆ ਗਾਰਡਾਂ ਵਜੋਂ ਅਤੇ 150 ਨੂੰ ਜੇਸੀਬੀ/ਕਰੇਨ ਆਪਰੇਟਰਾਂ ਵਜੋਂ ਸਿਖਲਾਈ ਦਿੱਤੀ ਜਾਵੇਗੀ।
ਸੀ-ਪਾਈਟ ਦੇ ਡਾਇਰੈਕਟਰ ਜਨਰਲ ਮੇਜਰ ਜਨਰਲ ਰਾਮਬੀਰ ਸਿੰਘ ਮਾਨ ਨੇ ਕਿਹਾ ਕਿ ਸੀ-ਪਾਈਟ ਕੈਂਪਾਂ ਦਾ ਸਟਾਫ ਨੌਜਵਾਨਾਂ ‘ਚ ਰਾਸ਼ਟਰੀ ਏਕਤਾ, ਅਨੁਸ਼ਾਸਨ, ਸਮਾਜਿਕ ਸਰੋਕਾਰ ਸਮੇਤ ਨੈਤਿਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ਸਖ਼ਤ ਮਿਹਨਤ ਕਰ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਬਿਹਤਰ ਨਾਗਰਿਕ ਬਣਾਇਆ ਜਾ ਸਕੇ। ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ, ਪੁਲਿਸ, ਅਰਧ ਸੈਨਿਕ ਬਲਾਂ ‘ਚ ਰੁਜ਼ਗਾਰ ਲਈ ਤਿਆਰ ਕਰਨ ਤੋਂ ਇਲਾਵਾ, ਉਨ੍ਹਾਂ ਨੂੰ ਹੋਰ ਉਦਯੋਗਾਂ ‘ਚ ਰੁਜ਼ਗਾਰ ਦੇ ਯੋਗ ਬਣਾਉਣ ਲਈ ਸਿਖਲਾਈ ਅਤੇ ਮਾਰਗਦਰਸ਼ਨ ਵੀ ਪ੍ਰਦਾਨ ਕੀਤਾ ਜਾ ਰਿਹਾ ਹੈ।
Read More: CM ਭਗਵੰਤ ਮਾਨ ਵੱਲੋਂ ਪਟਿਆਲਾ ਵਿਖੇ ਪੰਜਾਬ ਦਾ ਪਹਿਲਾ ਬੁਟੀਕ ਤੇ ਵਿਰਾਸਤੀ ਹੋਟਲ ਲੋਕ ਸਮਰਪਿਤ