ਚੰਡੀਗੜ੍ਹ, 17 ਜਨਵਰੀ 2025: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਜੇ.ਈ. ਤੇ ਲਾਈਨਮੈਨ ਨੂੰ ਰਿਸ਼ਵਤ (Bribe Case) ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਗ੍ਰਿਫਤਾਰ ਕੀਤਾ ਹੈ | ਫੜੇ ਗਏ ਮੁਲਜ਼ਮ ਜੂਨੀਅਰ ਇੰਜੀਨੀਅਰ ਮਨਜੀਤ ਸਿੰਘ ਅਤੇ ਲਾਈਨਮੈਨ ਹਰਜੀਤ ਸਿੰਘ ਦੋਵੇਂ ਪੀ.ਐਸ.ਪੀ.ਸੀ.ਐਲ. ਦੇ ਦਫ਼ਤਰ ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਸਨ |
ਵਿਜੀਲੈਂਸ ਬਿਊਰੋ ਦੇ ਬੁਲਾਰੇ ਮੁਤਾਬਕ ਉਪਰੋਕਤ ਮੁਲਜ਼ਮਾਂ ਨੂੰ ਸੁਦਰਸ਼ਨ ਪਾਰਕ, ਮਕਸੂਦਾਂ, ਜਲੰਧਰ ਸ਼ਹਿਰ ਦੇ ਰਹਿਣ ਵਾਲੇ ਸੁਮੀਤ ਵਧਵਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਹੈ।
ਵਿਜੀਲੈਂਸ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ (Vigilance Bureau) ਨਾਲ ਸੰਪਰਕ ਕੀਤਾ ਅਤੇ ਦੋਸ਼ ਲਗਾਇਆ ਕਿ ਦੋਵੇਂ ਮੁਲਜ਼ਮ ਉਸਦੇ ਘਰ ‘ਤੇ ਲੱਗੇ ਪੁਰਾਣੇ ਮੀਟਰ ਨੂੰ ਹਟਾਉਣ ਅਤੇ ਨਵਾਂ ਬਿਜਲੀ ਮੀਟਰ ਲਗਾਉਣ ਦੇ ਬਦਲੇ 10,000 ਰੁਪਏ ਦੀ ਰਿਸ਼ਵਤ ਮੰਗ ਰਹੇ ਸਨ। ਸ਼ਿਕਾਇਤ ‘ਚ ਅੱਗੇ ਕਿਹਾ ਗਿਆ ਹੈ ਕਿ ਉਕਤ ਲਾਈਨਮੈਨ ਪਹਿਲਾਂ ਹੀ UPI ਭੁਗਤਾਨ ਰਾਹੀਂ 5,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਕਮ ਵਜੋਂ 5,000 ਰੁਪਏ ਦੀ ਮੰਗ ਕਰ ਰਿਹਾ ਹੈ।
ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ‘ਚ ਉਕਤ ਲਾਈਨਮੈਨ ਅਤੇ ਜੇਈ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ‘ਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਨ੍ਹਾਂ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ‘ਚ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ।
Read More: Bribe Case: ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ