ਚੰਡੀਗੜ੍ਹ, 22 ਜਨਵਰੀ 2025: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਫਿਨਲੈਂਡ (Finland) ਦੀ ਤੁਰਕੂ ਯੂਨੀਵਰਸਿਟੀ ਦੇ ਮਾਹਰਾਂ ਨਾਲ ਮਿਲ ਕੇ ਐਸ.ਏ.ਐਸ. ਨਗਰ (ਮੋਹਾਲੀ) ਦੇ ਫੇਜ਼-11 ਵਿਖੇ ਸਕੂਲ ਆਫ਼ ਐਮੀਨੈਂਸ ਦੇ ਆਪਣੇ ਦੌਰੇ ਦੌਰਾਨ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਾਰਚ ‘ਚ ਸਿਖਲਾਈ ਲਈ 72 ਪ੍ਰਾਇਮਰੀ ਸਕੂਲ ਅਧਿਆਪਕਾਂ ਦੇ ਦੂਜੇ ਬੈਚ ਨੂੰ ਫਿਨਲੈਂਡ ਭੇਜਣ ਲਈ ਤਿਆਰ ਹੈ।
ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 72 ਪ੍ਰਾਇਮਰੀ ਅਧਿਆਪਕਾਂ ਦੇ ਦੂਜੇ ਬੈਚ ਦੀ ਸਿਖਲਾਈ ਲਈ ਤੁਰਕੂ ਯੂਨੀਵਰਸਿਟੀ ਨਾਲ ਪਹਿਲਾਂ ਹੀ ਇੱਕ ਸਮਝੌਤਾ ਪੱਤਰ ‘ਤੇ ਹਸਤਾਖਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਤਿੰਨ ਹਫ਼ਤਿਆਂ ਦੇ ਸਿਖਲਾਈ ਪ੍ਰੋਗਰਾਮ ਤਹਿਤ, ਪਹਿਲੇ ਹਫ਼ਤੇ ਦੀ ਸਿਖਲਾਈ ਪੰਜਾਬ ‘ਚ ਹੀ ਦਿੱਤੀ ਜਾਵੇਗੀ, ਜਿਸ ਤੋਂ ਬਾਅਦ ਅਗਲੇ ਦੋ ਹਫ਼ਤਿਆਂ ਦੀ ਸਿਖਲਾਈ ਫਿਨਲੈਂਡ ‘ਚ ਹੋਵੇਗੀ।
ਮੰਤਰੀ ਹਰਜੋਤ ਸਿੰਘ ਬੈਂਸ ਨੇ ਏਰੀ ਕਿਓਸਕੀ, ਜੋਇਲ, ਮਿਸ ਮਿਰਜ਼ਾਮੀ ਇਨੋਲਾ ਅਤੇ ਸ਼੍ਰੀਮਤੀ ਸਾਰੀ ਇਸੋਕਾਇਟੋ-ਸਿੰਜੋਈ ਸਮੇਤ ਮਾਹਰਾਂ ਦਾ ਨਿੱਘਾ ਸਵਾਗਤ ਕੀਤਾ। ਸਿੱਖਿਆ ਮੰਤਰੀ ਨੇ ਉਨ੍ਹਾਂ ਦੇ ਸਹਿਯੋਗ ਅਤੇ ਮੁਹਾਰਤ ਦੀ ਸ਼ਲਾਘਾ ਕੀਤੀ ਅਤੇ ਰਾਜ ‘ਚ ਸਕੂਲ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ‘ਚ ਉਨ੍ਹਾਂ ਦੀ ਭੂਮਿਕਾ ਦੇ ਮਹੱਤਵ ਨੂੰ ਉਜਾਗਰ ਕੀਤਾ।
ਪੰਜਾਬ ਦੇ ਸਿੱਖਿਆ ਮੰਤਰੀ ਨੇ ਕਿਹਾ ਕਿ ਫਿਨਲੈਂਡ (Finland) ਦੇ ਇਨ੍ਹਾਂ ਮਾਹਰਾਂ ਦੀ ਮੌਜੂਦਗੀ ਪੰਜਾਬ ਅਤੇ ਫਿਨਲੈਂਡ ਵਿਚਕਾਰ ਵਿਦਿਅਕ ਮਿਆਰਾਂ ਨੂੰ ਸੁਧਾਰਨ ਅਤੇ ਵਧੀਆ ਅਭਿਆਸਾਂ ਨੂੰ ਸਾਂਝਾ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੁਹਾਰਤ ਅਤੇ ਮਾਰਗਦਰਸ਼ਨ ਸਿਖਲਾਈ ਪਾਠਕ੍ਰਮ ਨੂੰ ਡਿਜ਼ਾਈਨ ਕਰਨ ਅਤੇ ਗਿਆਨ ਦੇ ਸਫਲ ਆਦਾਨ-ਪ੍ਰਦਾਨ ਨੂੰ ਯਕੀਨੀ ਬਣਾਉਣ ‘ਚ ਮਦਦਗਾਰ ਹੋਣਗੇ।
ਹਰਜੋਤ ਬੈਂਸ ਨੇ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਦਾ ਉਦੇਸ਼ ਅਧਿਆਪਕਾਂ ਨੂੰ ਪ੍ਰਭਾਵਸ਼ਾਲੀ ਪ੍ਰਾਇਮਰੀ ਸਕੂਲ ਅਧਿਆਪਨ ਤਕਨੀਕਾਂ ਨਾਲ ਲੈਸ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਅਧਿਆਪਕਾਂ ਨੂੰ ਹੁਨਰਾਂ ਅਤੇ ਅਧਿਆਪਨ ਵਿਧੀਆਂ ਬਾਰੇ ਗਿਆਨ ਪ੍ਰਾਪਤ ਕਰਨ ‘ਚ ਮੱਦਦ ਕਰੇਗੀ, ਜਿਸ ਨਾਲ ਨਾ ਸਿਰਫ਼ ਉਨ੍ਹਾਂ ਦੇ ਅਧਿਆਪਨ ਅਨੁਭਵ ‘ਚ ਸੁਧਾਰ ਹੋਵੇਗਾ ਬਲਕਿ ਕਲਾਸਰੂਮ ‘ਚ ਵਿਦਿਆਰਥੀਆਂ ਦੇ ਨਤੀਜਿਆਂ ‘ਚ ਵੀ ਸੁਧਾਰ ਹੋਵੇਗਾ।
ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਨਵੀਨਤਾਕਾਰੀ ਸਿੱਖਿਆ ਰਣਨੀਤੀਆਂ ‘ਤੇ ਕੇਂਦ੍ਰਤ ਕਰਦਾ ਹੈ ਜੋ ਆਧੁਨਿਕ ਵਿਦਿਅਕ ਮਿਆਰਾਂ ਦੇ ਅਨੁਸਾਰ ਹਨ ਅਤੇ ਇਹ ਯਕੀਨੀ ਬਣਾਉਂਦੇ ਹਨ ਕਿ ਅਧਿਆਪਕ ਆਪਣੇ ਵਿਦਿਆਰਥੀਆਂ ਦੀਆਂ ਸਾਰੀਆਂ ਵਿਦਿਅਕ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।
ਇਸ ਸਕੂਲ ਫੇਰੀ ਦੌਰਾਨ ਨੈਸ਼ਨਲ ਐਵਾਰਡੀ ਆਰਟ ਐਂਡ ਕਰਾਫਟ ਅਧਿਆਪਕ ਗੁਰਪ੍ਰੀਤ ਸਿੰਘ ਨਾਮਧਾਰੀ ਨੇ ਮਾਹਰਾਂ ਤੋਂ ਯੂਰਪੀਅਨ ਦੇਸ਼ਾਂ ਦੇ ਨਕਸ਼ੇ ‘ਤੇ ਫਿਨਲੈਂਡ ਦੇ ਝੰਡੇ ਦੀ ਲਾਈਵ ਪੇਂਟਿੰਗ ਕਰਵਾ ਕੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਮਾਹਿਰਾਂ ਦੀ ਟੀਮ ਸਕੂਲ ਦੇ ਵਿਦਿਆਰਥੀਆਂ ਦੇ ਕਲਾ ਅਤੇ ਸ਼ਿਲਪਕਾਰੀ ਦੇ ਹੁਨਰ ਤੋਂ ਬਹੁਤ ਪ੍ਰਭਾਵਿਤ ਹੋਈ।
ਸਿੱਖਿਆ ਮੰਤਰੀ ਨੇ ਸਕੂਲ ਦੇ ਵਿਦਿਆਰਥੀਆਂ ਦੁਆਰਾ ਬਣਾਈਆਂ ਗਈਆਂ ਪੇਂਟਿੰਗਾਂ ਦੇ ਨਾਲ ਮਾਹਰਾਂ ਦੀ ਟੀਮ ਦਾ ਸਨਮਾਨ ਵੀ ਕੀਤਾ। ਇਸ ਮੌਕੇ ਸਕੂਲ ਸਿੱਖਿਆ ਡਾਇਰੈਕਟਰ ਅਮਨਿੰਦਰ ਕੌਰ ਬਰਾੜ, ਡੀ.ਈ.ਓ. ਗਿੰਨੀ ਦੁੱਗਲ, ਸਕੂਲ ਆਫ਼ ਐਮੀਨੈਂਸ ਫੇਜ਼ 11 ਦੀ ਪ੍ਰਿੰਸੀਪਲ ਲਵਿਸ਼ ਚਾਵਲਾ, ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਅਤੇ ਸਕੂਲ ਸਟਾਫ਼ ਵੀ ਮੌਜੂਦ ਸੀ।
Read More: ਫਿਨਲੈਂਡ ਯੂਨੀਵਰਸਿਟੀ ਦੇ ਮਾਹਰਾਂ ਵੱਲੋਂ ਪੰਜਾਬ ਦੌਰਾ, ਸਿਖਲਾਈ ਪ੍ਰੋਗਰਾਮ ‘ਚ 296 ਪ੍ਰਾਇਮਰੀ ਅਧਿਆਪਕਾਂ ਨੇ ਲਿਆ ਹਿੱਸਾ