406 Services

ਪੰਜਾਬ ਸਰਕਾਰ ਦੀ ਨਵੀਂ ਪਹਿਲ, ਹੁਣ ਘਰ ਬੈਠੇ ਇੱਕ ਫ਼ੋਨ ਕਾਲ ‘ਤੇ ਮਿਲਣਗੀਆਂ 406 ਸੇਵਾਵਾ

ਚੰਡੀਗੜ੍ਹ, 06 ਫਰਵਰੀ 2025: 406 Services In Punjab: ਪੰਜਾਬ ਪ੍ਰਸ਼ਾਸਕੀ ਸੁਧਾਰ ਮੰਤਰੀ ਅਮਨ ਅਰੋੜਾ ਨੇ ਅੱਜ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ” ਯੋਜਨਾ ਦੇ ਵਿਸਥਾਰ ਦਾ ਐਲਾਨ ਕੀਤਾ ਹੈ, ਜਿਸ ‘ਚ 363 ਹੋਰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸ਼ਾਮਲ ਕੀਤੀਆਂ ਹਨ, ਜਿਸ ਨਾਲ ਨਾਗਰਿਕਾਂ ਲਈ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸਾਰੀਆਂ ਸੇਵਾਵਾਂ ਦਾ ਲਾਭ ਆਪਣੇ ਘਰਾਂ ‘ਚ ਬੈਠੇ ਹੀ ਪ੍ਰਾਪਤ ਕਰਨਾ ਸੰਭਵ ਹੋ ਗਿਆ ਹੈ। ਇਸਦੇ ਤਹਿਤ ਆਧਾਰ ਕਾਰਡ, ਡਰਾਈਵਿੰਗ ਲਾਇਸੈਂਸ ਅਤੇ ਪਾਸਪੋਰਟ ਅਰਜ਼ੀਆਂ ਸਮੇਤ 406 ਸੇਵਾਵਾਂ ਹੁਣ ਨਾਗਰਿਕਾਂ ਦੇ ਦਰਵਾਜ਼ੇ ‘ਤੇ ਪ੍ਰਦਾਨ ਕੀਤੀਆਂ ਜਾਣਗੀਆਂ।

ਮੰਤਰੀ ਅਮਨ ਅਰੋੜਾ ਨੇ ਮੈਗਸੀਪਾ ਵਿਖੇ ਮੋਟਰਸਾਈਕਲਾਂ ‘ਤੇ ਤਾਇਨਾਤ ‘ਸੇਵਾ ਸਹਾਇਕਾਂ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਬਾਅਦ ਕਿਹਾ ਕਿ 10 ਦਸੰਬਰ, 2023 ਨੂੰ 43 ਸੇਵਾਵਾਂ ਨਾਲ ਸ਼ੁਰੂ ਕੀਤੀ | ਇਸ ਯੋਜਨਾ ਦੇ ਤਹਿਤ ਹੁਣ 29 ਪ੍ਰਮੁੱਖ ਵਿਭਾਗਾਂ ਨਾਲ ਸਬੰਧਤ ਕੁੱਲ 406 ਸੇਵਾਵਾਂ (406 Services) ਪ੍ਰਦਾਨ ਕੀਤੀਆਂ ਜਾਣਗੀਆਂ |

ਹੁਣ ਉਪਲਬੱਧ ਸੇਵਾਵਾਂ ‘ਚ ਡਰਾਈਵਿੰਗ ਲਾਇਸੈਂਸ, ਪਾਸਪੋਰਟ ਅਰਜ਼ੀ, ਪੁਲਿਸ ਵੈਰੀਫਿਕੇਸ਼ਨ, ਯੂਟੀਲਿਟੀ ਕੁਨੈਕਸ਼ਨ, ਜ਼ਿਲ੍ਹਾ ਅਧਿਕਾਰੀਆਂ ਤੋਂ ਐਨਓਸੀ, ਕਿਰਾਏਦਾਰ ਵੈਰੀਫਿਕੇਸ਼ਨ ਅਤੇ ਹੋਰ ਬਹੁਤ ਸਾਰੀਆਂ ਸੇਵਾਵਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ 363 ਹੋਰ ਸੇਵਾਵਾਂ ਦੇ ਵਿਸਥਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨਾਗਰਿਕਾਂ ਨੂੰ ਬਿਨਾਂ ਕਿਸੇ ਦੇਰੀ ਜਾਂ ਬੇਲੋੜੀ ਕਾਗਜ਼ੀ ਕਾਰਵਾਈ ਦੇ ਜ਼ਰੂਰੀ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਯੋਜਨਾ ਤਹਿਤ 92,000 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਸਾਰੀਆਂ ਅਰਜ਼ੀਆਂ ‘ਤੇ ਸਮੇਂ ਸਿਰ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਾਉਣ ਦੀ ਬਜਾਏ, ਉਨ੍ਹਾਂ ਦੇ ਦਸਤਾਵੇਜ਼ ਅਤੇ ਸਰਟੀਫਿਕੇਟ ਸਿੱਧੇ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਏ ਜਾ ਰਹੇ ਹਨ।

ਅਮਨ ਅਰੋੜਾ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸਰਕਾਰੀ ਦਫ਼ਤਰਾਂ ‘ਚ ਨੌਕਰਸ਼ਾਹੀ ਦੀਆਂ ਰੁਕਾਵਟਾਂ ਅਤੇ ਲੰਬੀਆਂ ਕਤਾਰਾਂ ਵਰਗੀਆਂ ਪੁਰਾਣੀਆਂ ਸਮੱਸਿਆਵਾਂ ਨੂੰ ਹੱਲ ਕਰਕੇ ਨਾਗਰਿਕਾਂ ਨੂੰ ਮੁਸ਼ਕਿਲ ਰਹਿਤ ਸੇਵਾਵਾਂ ਪ੍ਰਦਾਨ ਕਰਨਾ ਹੈ ਅਤੇ ਲੋਕਾਂ ਦੇ ਔਖੇ ਸਰਕਾਰੀ ਪ੍ਰਕਿਰਿਆਵਾਂ ਤੋਂ ਸਮਾਂ ਬਚਾਉਣਾ ਹੈ। ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ, “ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ” ਯੋਜਨਾ ਪੰਜਾਬ ਦੇ ਨਾਗਰਿਕਾਂ ਨੂੰ ਉਨ੍ਹਾਂ ਦੇ ਦਰਵਾਜ਼ਿਆਂ ‘ਤੇ ਸਰਕਾਰੀ ਸੇਵਾਵਾਂ ਉਪਲਬੱਧ ਕਰਵਾਉਣ ਦਾ ਇੱਕ ਸ਼ਲਾਘਾਯੋਗ ਉਪਰਾਲਾ ਹੈ।

ਉਨ੍ਹਾਂ ਦੱਸਿਆ ਕਿ ਪਿਛਲੇ ਦੋ ਸਾਲਾਂ ‘ਚ ਪੰਜਾਬ ਸਰਕਾਰ ਨੇ ਸਰਕਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਅਤੇ ਰਿਕਾਰਡਾਂ ਨੂੰ ਡਿਜੀਟਾਈਜ਼ ਕਰਨ ‘ਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 77 ਲੱਖ ਤੋਂ ਵੱਧ ਸਰਟੀਫਿਕੇਟ ਡਿਜੀਟਲ ਰੂਪ ‘ਚ ਵੰਡੇ ਜਾ ਚੁੱਕੇ ਹਨ ਅਤੇ ਨਾਗਰਿਕ ਹੁਣ ਸਿੱਧੇ ਆਪਣੇ ਮੋਬਾਈਲ ਫੋਨਾਂ ‘ਤੇ ਸਰਕਾਰੀ ਸਰਟੀਫਿਕੇਟ ਪ੍ਰਾਪਤ ਕਰ ਰਹੇ ਹਨ |

ਇਸ ਨਾਲ ਉਨ੍ਹਾਂ ਦਾ ਸਮਾਂ ਅਤੇ ਪੈਸਾ ਦੋਵਾਂ ਦੀ ਬਚਤ ਹੋ ਰਹੀ ਹੈ। ਇਸ ਤੋਂ ਇਲਾਵਾ, ਪਟਵਾਰੀਆਂ, ਸਰਪੰਚਾਂ, ਨੰਬਰਦਾਰਾਂ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਦੁਆਰਾ ਅਰਜ਼ੀਆਂ ਦੀ ਔਨਲਾਈਨ ਪ੍ਰਕਿਰਿਆ ਕੀਤੀ ਜਾ ਰਹੀ ਹੈ, ਜਿਸ ਨਾਲ ਸੇਵਾ ਪ੍ਰਦਾਨ ਕਰਨ ਦੀ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਇਆ ਹੈ। ਉਨ੍ਹਾਂ ਕਿਹਾ ਕਿ ਪਟਵਾਰੀਆਂ ਵੱਲੋਂ 9 ਲੱਖ ਤੋਂ ਵੱਧ ਅਰਜ਼ੀਆਂ ਦਾ ਔਨਲਾਈਨ ਪ੍ਰੋਸੈੱਸ ਕੀਤੀ ਹੈ।

ਮੰਤਰੀ ਨੇ ਦੱਸਿਆ ਕਿ ਸੇਵਾਵਾਂ ਦੀ ਸਪਲਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਾਗਰਿਕਾਂ ਨੂੰ ਇਸ ਯੋਜਨਾ ਰਾਹੀਂ ਫੀਡਬੈਕ ਦੇਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਹੁਣ ਤੱਕ, 12.95 ਲੱਖ ਤੋਂ ਵੱਧ ਨਾਗਰਿਕਾਂ ਨੇ ਇਹਨਾਂ ਸੇਵਾਵਾਂ ਨੂੰ ਦਰਜਾ ਦਿੱਤਾ ਹੈ, ਜਿਸ ਨਾਲ ਇਹਨਾਂ ਸੇਵਾਵਾਂ ਨੂੰ ਔਸਤਨ 5 ‘ਚੋਂ 4.1 ਰੇਟਿੰਗ ਮਿਲੀ ਹੈ।

ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸੁਧਾਰ ਸਿਰਫ਼ ਤਕਨਾਲੋਜੀ ਤੱਕ ਸੀਮਿਤ ਨਹੀਂ ਹਨ ਬਲਕਿ ਸੂਬਾ ਸਰਕਾਰ ਦੀ ਵਧੇਰੇ ਜ਼ਿੰਮੇਵਾਰ ਅਤੇ ਜਵਾਬਦੇਹ ਸ਼ਾਸਨ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਸਤ੍ਰਿਤ ਸੇਵਾਵਾਂ ਦਾ ਲਾਭ ਉਠਾਉਣ ਅਤੇ ਆਪਣੇ ਲਈ ਸਹੂਲਤ ਅਤੇ ਪਾਰਦਰਸ਼ਤਾ ਦਾ ਅਨੁਭਵ ਕਰਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਪਣੇ ਨਾਗਰਿਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਅਤੇ ਇੱਕ ਅਜਿਹਾ ਪੰਜਾਬ ਬਣਾਉਣ ਲਈ ਵਚਨਬੱਧ ਹੈ ਜਿੱਥੇ ਹਰ ਨਾਗਰਿਕ ਮਹੱਤਵਪੂਰਨ ਅਤੇ ਸਸ਼ਕਤ ਮਹਿਸੂਸ ਕਰੇ।

Read More: ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ ਘਰ ਬੈਠੇ ਹੀ ਪ੍ਰਾਪਤ ਕਰੋ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ

Scroll to Top