ਚੰਡੀਗੜ੍ਹ, 8 ਫਰਵਰੀ 2025: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ (Dr. Ravjot Singh) ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਦੇ ਨਾਗਰਿਕਾਂ ਨੂੰ ਸਾਫ਼-ਸੁਥਰਾ, ਬਿਹਤਰ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਕੇ “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਅਲਾਟ ਕੀਤੇ ਗਏ ਫੰਡਾਂ ਦੀ ਵਰਤੋਂ ਬਿਨਾਂ ਕਿਸੇ ਦੇਰੀ ਦੇ ਜਲਦੀ ਤੋਂ ਜਲਦੀ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਲਾਭ ਮਿਲ ਸਕੇ।
ਅੱਜ ਮਿਊਂਸੀਪਲ ਭਵਨ ਵਿਖੇ, ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ ਅਤੇ ਸਵੱਛ ਭਾਰਤ ਮਿਸ਼ਨ (ਸ਼ਹਿਰੀ), ਸਮਾਰਟ ਸਿਟੀ ਮਿਸ਼ਨ, ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ, ਪੰਜਾਬ ਮਿਊਂਸੀਪਲ ਸੇਵਾਵਾਂ ਸੁਧਾਰ ਪ੍ਰੋਜੈਕਟ, ਐਮਡੀਐਫ ਆਦਿ ਦੇ ਨਾਲ ਹੀ ਹੋਰ ਵੱਖ-ਵੱਖ ਯੋਜਨਾਵਾਂ ਅਧੀਨ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਉੱਚ ਗੁਣਵੱਤਾ ਬਣਾਈ ਰੱਖਦੇ ਹੋਏ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।
ਇਸ ਤੋਂ ਇਲਾਵਾ, ਕੈਬਨਿਟ ਮੰਤਰੀ (Dr. Ravjot Singh) ਨੇ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਕਈ ਮਹੱਤਵਪੂਰਨ ਮੁੱਦਿਆਂ ਜਿਵੇਂ ਕਿ ਇਮਾਰਤੀ ਯੋਜਨਾਵਾਂ ਦੀ ਪ੍ਰਵਾਨਗੀ, ਪਲਾਟਾਂ ਨੂੰ ਨਿਯਮਤ ਕਰਨ ਲਈ ਐਨਓਸੀ ਦੇ ਲੰਬਿਤ ਕੇਸ, ਅਵਾਰਾ ਪਸ਼ੂਆਂ ਦਾ ਪ੍ਰਬੰਧਨ, ਏ.ਬੀ.ਸੀ. ਪ੍ਰੋਗਰਾਮ ਅਤੇ ਗਊ ਸੈੱਸ ਆਦਿ ਬਾਰੇ ਵਿਸਤ੍ਰਿਤ ਚਰਚਾ ਕੀਤੀ । ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪਲਾਟਾਂ ਨੂੰ ਨਿਯਮਤ ਕਰਨ ਲਈ ਐਨ.ਓ.ਸੀ. ਜਾਰੀ ਕਰਨ। ਅਤੇ ਇਮਾਰਤੀ ਯੋਜਨਾਵਾਂ ਦੀ ਪ੍ਰਵਾਨਗੀ ਨਾਲ ਸਬੰਧਤ ਸਾਰੇ ਲੰਬਿਤ ਮਾਮਲਿਆਂ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ ਅਤੇ ਬੇਲੋੜੀ ਦੇਰੀ ਤੋਂ ਬਚਿਆ ਜਾ ਸਕੇ।
ਇਸ ਤੋਂ ਇਲਾਵਾ, ਡਾ. ਰਵਜੋਤ ਸਿੰਘ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਵਿਸ਼ੇਸ਼ ਤੌਰ ‘ਤੇ ਹਦਾਇਤ ਕੀਤੀ ਕਿ ਉਹ ਹਰੇਕ ਨਗਰ ਨਿਗਮ ‘ਚ ਪਸ਼ੂ ਜਨਮ ਨਿਯੰਤਰਣ (ਏ.ਬੀ.ਸੀ.) ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਅਵਾਰਾ ਕੁੱਤਿਆਂ ਦੇ ਵੱਢਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
Read More: ਪੰਜਾਬ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਰਾਸ਼ੀ ਵਧਾਈ