ਚੰਡੀਗੜ੍ਹ, 01 ਮਾਰਚ 2025: ਪੰਜਾਬ ਦੇ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਸ਼ਿਆਂ ਦੇ ਖਾਤਮੇ ਲਈ ਬਣਾਈ 5 ਮੈਂਬਰੀ ਕੈਬਨਿਟ ਸਬ-ਕਮੇਟੀ ਦੀ ਉੱਚ ਪੱਧਰੀ ਬੈਠਕ ਤੋਂ ਬਾਅਦ ਵੱਡਾ ਬਿਆਨ ਦਿੱਤਾ ਹੈ | ਅਮਨ ਅਰੋੜਾ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ, ਸਮਾਜਿਕ, ਧਾਰਮਿਕ ਅਤੇ ਗੈਰ-ਸਰਕਾਰੀ ਸੰਗਠਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਲੜਾਈ ‘ਚ ਪੰਜਾਬ ਸਰਕਾਰ ਦਾ ਸਮਰਥਨ ਕਰਨ ਅਤੇ ਇੱਕ ਸਾਂਝਾ ਮੋਰਚਾ ਬਣਾ ਕੇ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ‘ਚ ਯੋਗਦਾਨ ਪਾਉਣ।
ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪੰਜਾਬ ਦੇ 3 ਕਰੋੜ ਨਾਗਰਿਕਾਂ ਦੀ ਸਮੂਹਿਕ ਜ਼ਿੰਮੇਵਾਰੀ ਹੈ। ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਪੂਰੀ ਤਾਕਤ ਨਾਲ ਨਸ਼ਿਆਂ ਦੇ ਖ਼ਤਰੇ ਵਿਰੁੱਧ ਲੜਨਾ ਚਾਹੀਦਾ ਹੈ।” ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦੇ ਸਹਿਯੋਗ ਤੋਂ ਬਿਨਾਂ, ਪੰਜਾਬ ਸਰਕਾਰ ਅਤੇ ਪੁਲਿਸ ਇਕੱਲੀ ਪੰਜਾਬ ਨੂੰ ਪਿਛਲੀਆਂ ਸਰਕਾਰਾਂ ਵੱਲੋਂ ਪੈਦਾ ਕੀਤੀ ਇਸ ਦਲਦਲ ‘ਚੋਂ ਨਹੀਂ ਕੱਢ ਸਕਦੇ।
ਅਮਨ ਅਰੋੜਾ ਨੇ ਉਮੀਦ ਜਤਾਈ ਹੈ ਕਿ ਜੇਕਰ ਅਸੀਂ ਇਕੱਠੇ ਕੰਮ ਕਰੀਏ, ਤਾਂ ਅਸੀਂ ਪੰਜਾਬ ਨੂੰ ਇਸ ਸਮੱਸਿਆ ਤੋਂ ਬਾਹਰ ਕੱਢ ਸਕਦੇ ਹਾਂ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਲਪਨਾ ਅਨੁਸਾਰ ਪੰਜਾਬ ਨੂੰ ਇੱਕ ਸਿਹਤਮੰਦ ਅਤੇ ਖੁਸ਼ਹਾਲ ਸੂਬਾ ਬਣਾ ਸਕਦੇ ਹਾਂ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਇੱਕ ਵਿਆਪਕ 360-ਡਿਗਰੀ ਐਕਸ਼ਨ ਪਲਾਨ ਤਿਆਰ ਕੀਤਾ ਹੈ। ਇਸ ਯੋਜਨਾ ਤਹਿਤ ਨਸ਼ਾ ਪੀੜਤਾਂ ਨੂੰ ਸਮਾਜ ਦੀ ਮੁੱਖ ਧਾਰਾ ‘ਚ ਮੁੜ ਸ਼ਾਮਲ ਕਰਨ ਲਈ ਰੋਕਥਾਮ, ਇਲਾਜ ਅਤੇ ਪੁਨਰਵਾਸ ਉਪਾਅ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜਿੱਥੇ ਪੁਲਿਸ ਅਧਿਕਾਰੀ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੇ ਹਨ, ਉੱਥੇ ਉਨ੍ਹਾਂ ਨੂੰ ਨਸ਼ੇੜੀਆਂ ਨੂੰ ਮਰੀਜ਼ ਸਮਝ ਕੇ ਉਨ੍ਹਾਂ ਪ੍ਰਤੀ ਹਮਦਰਦੀ ਰੱਖਣ ਦੇ ਵੀ ਨਿਰਦੇਸ਼ ਦਿੱਤੇ ਹਨ।
ਅਮਨ ਅਰੋੜਾ ਨੇ ਕਿਹਾ ਕਿ ਅਸੀਂ ਉਦੋਂ ਤੱਕ ਆਰਾਮ ਨਹੀਂ ਕਰਾਂਗੇ ਜਦੋਂ ਤੱਕ ਪੰਜਾਬ ‘ਚੋਂ ਨਸ਼ਾ ਪੂਰੀ ਤਰ੍ਹਾਂ ਖਤਮ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ, “ਇਹ ਗੁਰੂਆਂ, ਪੀਰਾਂ, ਫਕੀਰਾਂ, ਸੰਤਾਂ ਅਤੇ ਯੋਧਿਆਂ ਦੀ ਧਰਤੀ, ਪੰਜਾਬ ਦੇ ਵਜੂਦ ਦਾ ਸਵਾਲ ਹੈ।” ਪਿਛਲੀਆਂ ਸਰਕਾਰਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਜਾਣਬੁੱਝ ਕੇ ਪੰਜਾਬ ਨੂੰ ਇਸ ਦਲਦਲ ‘ਚ ਧੱਕ ਦਿੱਤਾ।