Dr. Balbir Singh

ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਹੋਵੇਗੀ ਤੈਅ: ਡਾ. ਬਲਬੀਰ ਸਿੰਘ

ਐਸ.ਏ.ਐਸ. ਨਗਰ, 04 ਮਾਰਚ 2025: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਸਥਾਨਕ ਸਰਕਾਰੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿਖੇ ਜ਼ਿਲ੍ਹੇ ਦੇ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨਾਲ ਬੈਠਕ ਕੀਤੀ | ਇਸ ਉਪਰੰਤ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਸਿਰਜਣ ਦੀ ਮੁਹਿੰਮ ਵਿੱਚ, ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਇਨ੍ਹਾਂ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਇਹ ਦੱਸਣਾ ਜ਼ਰੂਰੀ ਹੋਵੇਗਾ ਕਿ ਉਨ੍ਹਾਂ ਨੇ ਕਿੰਨੇ ਵਿਅਕਤੀਆਂ ਦਾ ਨਸ਼ਾ ਛੁਡਾਇਆ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ, ਜਿਸ ‘ਚ ਆਮ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਸਿਹਤ ਮੰਤਰੀ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ‘ਚ ਉਨ੍ਹਾਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਕਰਕੇ ਇੱਕ ਸਖ਼ਤ ਸੁਨੇਹਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਆਪਣਾ ਗੈਰ-ਕਾਨੂੰਨੀ ਕਾਰੋਬਾਰ ਤੁਰੰਤ ਬੰਦ ਕਰ ਦੇਣਾ ਚਾਹੀਦਾ ਹੈ ਨਹੀਂ ਤਾਂ ਉਨ੍ਹਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਜਾਣ ਲਈ ਤਿਆਰ ਰਹਿਣ |

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦੇ ਆਦੀ ਲੋਕਾਂ ਨੂੰ ਨਸ਼ਾ ਮੁਕਤ ਕਰਨ ਅਤੇ ਸਮਾਜ ਦੀ ਮੁੱਖ ਧਾਰਾ ‘ਚ ਸ਼ਾਮਲ ਕਰਨ ਲਈ ਕਈ ਤਰ੍ਹਾਂ ਦੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ‘ਚ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਛੁਡਾਅ ਕੇ ਉਨ੍ਹਾਂ ਨੂੰ ਸਰਕਾਰ ਵੱਲੋਂ ਕਾਰੋਬਾਰ ਮੁਖੀ ਕੋਰਸਾਂ ਦੀ ਸਿਖਲਾਈ ਵੀ ਦਿੱਤੀ ਜਾਵੇਗੀ ਅਤੇ ਸਿਖਲਾਈ ਤੋਂ ਬਾਅਦ, ਉਨ੍ਹਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਕਰਜ਼ੇ ਪ੍ਰਦਾਨ ਕੀਤੇ ਜਾਣਗੇ ਅਤੇ ਸਵੈ-ਰੁਜ਼ਗਾਰ ਸ਼ੁਰੂ ਕਰਨ ‘ਚ ਮੱਦਦ ਕੀਤੀ ਜਾਵੇਗੀ।

ਉਨ੍ਹਾਂ (Dr. Balbir Singh) ਨੇ ਸੂਬੇ ਦੀਆਂ ਔਰਤਾਂ ਨੂੰ ਖਾਸ ਤੌਰ ‘ਤੇ ਅਪੀਲ ਕੀਤੀ ਕਿ ਜੇਕਰ ਕਿਸੇ ਪਰਿਵਾਰ ਦਾ ਕੋਈ ਮੈਂਬਰ ਨਸ਼ੇ ਦੀ ਦਲਦਲ ‘/ਚ ਫਸਿਆ ਹੋਇਆ ਹੈ, ਤਾਂ ਉਸਨੂੰ ਤੁਰੰਤ ਸਰਕਾਰੀ ਨਸ਼ਾ ਛੁਡਾਊ ਕੇਂਦਰ ‘ਚ ਲਿਆਂਦਾ ਜਾਵੇ ਅਤੇ ਸਰਕਾਰ ਵਾਅਦਾ ਕਰਦੀ ਹੈ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਜਾਨ ਬਚਾ ਕੇ ਉਨ੍ਹਾਂ ਨੂੰ ਦੁਬਾਰਾ ਸਿਹਤਮੰਦ ਜ਼ਿੰਦਗੀ ਜਿਊਣ ਦਾ ਮੌਕਾ ਦਿੱਤਾ ਜਾਵੇਗਾ।

ਨਸ਼ਾ ਛੁਡਾਊ ਕੇਂਦਰ ‘ਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਦੇ ਹੋਏ, ਸਿਹਤ ਮੰਤਰੀ ਨੇ ਉਨ੍ਹਾਂ ਨੂੰ ਨਸ਼ੇ ਦੀ ਦਲਦਲ ‘ਚੋਂ ਹਮੇਸ਼ਾ ਲਈ ਬਾਹਰ ਆਉਣ ਦੀ ਅਪੀਲ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ, ਸਿਵਲ ਸਰਜਨ ਡਾ. ਸੰਗੀਤਾ ਜੈਨ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰਪਾਲ ਕੌਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

Read More: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪੰਜਾਬ ‘ਚੋਂ ਨਸ਼ਾ ਤਸਕਰੀ ਨੂੰ ਅੰਤਿਮ ਤੇ ਮੁਕੰਮਲ ਝਟਕਾ ਦੇਵੇਗੀ: ਹਰਪਾਲ ਸਿੰਘ ਚੀਮਾ

Scroll to Top