Mandi Gobindgarh

ਮੰਡੀ ਗੋਬਿੰਦਗੜ੍ਹ ‘ਚ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾਂ, ਸਰਕਾਰੀ ਜ਼ਮੀਨ ‘ਤੇ ਨਾਜਾਇਜ਼ ਕਬਜਾ ਹਟਾਇਆ

ਚੰਡੀਗੜ੍ਹ 05 ਮਾਰਚ, 2025: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਫਤਿਹਗੜ੍ਹ ਸਾਹਿਬ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਮੰਡੀ ਗੋਬਿੰਦਗੜ੍ਹ (Mandi Gobindgarh) ਦੀ ਮਾਸਟਰ ਕਲੋਨੀ ‘ਚ ਇੱਕ ਨਸ਼ਾ ਤਸਕਰ ਦੇ ਘਰ ਨੂੰ ਢਾਹ ਦਿੱਤਾ ਗਿਆ। ਇਹ ਘਰ ਸਰਕਾਰੀ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਕਰਕੇ ਬਣਾਇਆ ਗਿਆ ਸੀ।

ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾ ਰਹੀ ਹੈ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਸਟਰ ਕਲੋਨੀ ਦੇ ਇਸ ਪਰਿਵਾਰ ਵਿਰੁੱਧ 2024 ‘ਚ ਐਨਡੀਪੀਐਸ ਐਕਟ ਤਹਿਤ ਦੋ ਮਾਮਲੇ ਦਰਜ ਹਨ।

ਉਨ੍ਹਾਂ ਨਸ਼ਾ ਵੇਚਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਉਹ ਤੁਰੰਤ ਨਸ਼ੇ ਵੇਚਣਾ ਬੰਦ ਕਰ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਸੇ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ 6 ਹੋਰ ਘਰਾਂ ਦੀ ਪਛਾਣ ਕੀਤੀ ਹੈ ਅਤੇ ਜਲਦੀ ਹੀ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੇ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰ ਦਿੱਤਾ ਹੈ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਧਰਤੀ ਫਤਿਹਗੜ੍ਹ ਸਾਹਿਬ ‘ਚ ਇੱਕ ਵੀ ਨਸ਼ਾ ਵੇਚਣ ਵਾਲੇ ਨੂੰ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਵਿਰੁੱਧ ਸ਼ਿਕਾਇਤ ਕਰਨ ਲਈ ਆਪਣੇ ਨੇੜਲੇ ਪੁਲਿਸ ਸਟੇਸ਼ਨ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ‘ਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ‘ਚ ਬਖਸ਼ਿਆ ਨਹੀਂ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੇ ਲਿਬਾਡਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਜੰਗ ਸਮਾਜ ਨੂੰ ਨਸ਼ਾ ਮੁਕਤ ਬਣਾਉਣ ‘ਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ‘ਚ ਨਸ਼ਾ ਤਸਕਰਾਂ ਲਈ ਕੋਈ ਥਾਂ ਨਹੀਂ ਹੈ ਇਸ ਲਈ ਉਨ੍ਹਾਂ ਨੂੰ ਇਹ ਕਾਰੋਬਾਰ ਛੱਡ ਦੇਣਾ ਚਾਹੀਦਾ ਹੈ ਨਹੀਂ ਤਾਂ ਉਨ੍ਹਾਂ ਦੇ ਘਰਾਂ ‘ਤੇ ਵੀ ਪੀਲਾ ਪੰਜਾ ਵਰਤਿਆ ਜਾਵੇਗਾ।

ਮਾਰਕੀਟ ਕਮੇਟੀ ਚਨਾਰਥਲ ਕਲਾਂ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਵੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਐਸਪੀ (ਜਾਂਚ) ਰਾਕੇਸ਼ ਯਾਦਵ, ਡੀਐਸਪੀ ਅਮਲੋਹ ਗੁਰਦੀਪ ਸਿੰਘ, ਐਸਐਚਓ ਮੰਡੀ ਗੋਬਿੰਦਗੜ੍ਹ ਪੁਲਿਸ ਸਟੇਸ਼ਨ ਇੰਸਪੈਕਟਰ ਅਰਸ਼ਦੀਪ ਸ਼ਰਮਾ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਮੌਜੂਦ ਸਨ।

Read More: ਰੇਲਵੇ ਵਿਭਾਗ ਨੇ ਲੁਧਿਆਣਾ ‘ਚ 32 ਨਾਜਾਇਜ਼ ਕਬਜ਼ਿਆਂ ਦੀ ਸੂਚੀ ਸੌਂਪੀ, ਹੁਣ ਤੱਕ 9 ਗੈਰ-ਕਾਨੂੰਨੀ ਢਾਂਚੇ ਢਾਹੇ

Scroll to Top