ਅੰਮ੍ਰਿਤਸਰ, 8 ਮਾਰਚ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਜਰਮਨੀ ਦੇ ਮਿਊਨਿਖ ‘ਚ ਸਪੀਕਰਜ਼ ਪਲੇਟਫਾਰਮ ਦੀ ਤਰਜ਼ ‘ਤੇ ਅੰਮ੍ਰਿਤਸਰ ਅਤੇ ਮੋਹਾਲੀ ‘ਚ ਦੋ ਬ੍ਰੇਨਸਟੌਰਮਿੰਗ ਸੈਂਟਰ (Brainstorming Centers) ਖੋਲ੍ਹੇਗੀ ਜਿੱਥੇ ਵਿਦਿਆਰਥੀ ਕਾਰੋਬਾਰ ਨਾਲ ਸਬੰਧਤ ਮੁੱਦਿਆਂ ‘ਤੇ ਵਿਚਾਰ ਸਾਂਝੇ ਕਰ ਸਕਦੇ ਹਨ।
ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਇੱਥੇ ਖਾਲਸਾ ਕਾਲਜ ਵਿਖੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲ ਪੱਧਰ ‘ਤੇ ਵਿਚਾਰ-ਵਟਾਂਦਰੇ ਲਈ ਬਿਜ਼ਨਸ ਬਲਾਸਟਰਸ ਪਹਿਲਕਦਮੀ ਪਹਿਲਾਂ ਹੀ ਸ਼ੁਰੂ ਕੀਤੀ ਹੋਈ ਹੈ ਅਤੇ ਵਿਦਿਆਰਥੀਆਂ ਨੂੰ 11 ਕਰੋੜ ਰੁਪਏ ਪਹਿਲਾਂ ਹੀ ਵੰਡੇ ਜਾ ਚੁੱਕੇ ਹਨ। ਇਸਦਾ ਉਦੇਸ਼ ਵਿਦਿਆਰਥੀਆਂ ਨੂੰ ਵਿਚਾਰ-ਵਟਾਂਦਰੇ ਲਈ ਇੱਕ ਢੁਕਵਾਂ ਪਲੇਟਫਾਰਮ ਪ੍ਰਦਾਨ ਕਰਨਾ ਹੈ ਤਾਂ ਜੋ ਨਵੇਂ ਕਾਰੋਬਾਰੀ ਵਿਚਾਰ ਉੱਭਰ ਸਕਣ।
ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਔਰਤਾਂ ਨੂੰ ਬਹੁਤ ਸਤਿਕਾਰ ਦਿੱਤਾ ਸੀ। ਉਨ੍ਹਾਂ ਨੇ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ‘ਤੇ ਵੀ ਚਿੰਤਾ ਪ੍ਰਗਟ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਕੁੜੀਆਂ ਨੇ ਜੀਵਨ ਦੇ ਹਰ ਖੇਤਰ ਵਿੱਚ ਉੱਤਮਤਾ ਪ੍ਰਾਪਤ ਕੀਤੀ ਹੈ ਅਤੇ ਆਪਣੀ ਮਿਹਨਤ ਅਤੇ ਸਫਲਤਾ ਰਾਹੀਂ ਦੂਜੇ ਨੌਜਵਾਨਾਂ ਲਈ ਰੋਲ ਮਾਡਲ ਬਣ ਕੇ ਉੱਭਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕੁੜੀਆਂ ਨੇ ਉਨ੍ਹਾਂ ਖੇਤਰਾਂ ‘ਚ ਵੀ ਸਫਲਤਾ ਹਾਸਲ ਕੀਤੀ ਹੈ ਜਿਨ੍ਹਾਂ ਨੂੰ ਪਹਿਲਾਂ ਮਰਦਾਂ ਦਾ ਖੇਤਰ ਮੰਨਿਆ ਜਾਂਦਾ ਸੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਪਹਿਲਾਂ ਹੀ ਵੱਖ-ਵੱਖ ਖੇਤਰਾਂ ‘ਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਸ਼ੁਰੂ ਕਰ ਚੁੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਬਿਹਤਰ ਪੁਲਿਸਿੰਗ, ਖੇਤੀਬਾੜੀ, ਵਿੱਤ ਅਤੇ ਹੋਰ ਖੇਤਰਾਂ ਵਿੱਚ ਏਆਈ ਦੀ ਸ਼ੁਰੂਆਤ ਕੀਤੀ ਹੈ।
ਵਿਦਿਆਰਥੀਆਂ ਨੂੰ ਡਿਜੀਟਲ ਯੁੱਗ ਨੂੰ ਅਪਣਾਉਣ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਡਿਜੀਟਲਾਈਜ਼ੇਸ਼ਨ ਦਾ ਯੁੱਗ ਹੈ ਅਤੇ ਪੰਜਾਬ ਤਕਨੀਕੀ ਨਵੀਨਤਾ ਵਿੱਚ ਮੋਹਰੀ ਬਣਨ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਧਿਆਨ ਵਿਸ਼ਵਵਿਆਪੀ ਮੰਗਾਂ ਅਨੁਸਾਰ ਕਿੱਤਾਮੁਖੀ ਸਿੱਖਿਆ ਅਤੇ ਹੁਨਰ ਵਿਕਾਸ ‘ਤੇ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਸਿਰਫ਼ ਡਿਗਰੀ ਪ੍ਰਾਪਤ ਕਰਨ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਇਸਦਾ ਉਦੇਸ਼ ਹੁਨਰ ਵਿਕਸਤ ਕਰਕੇ ਰੋਜ਼ੀ-ਰੋਟੀ ਕਮਾਉਣਾ ਅਤੇ ਸਮਾਜ ਦੀ ਸੇਵਾ ਕਰਨਾ ਵੀ ਹੋਣਾ ਚਾਹੀਦਾ ਹੈ। ਔਰਤਾਂ ਨੂੰ ਸਮਾਜ ਦੇ ਸਿਰਜਣਹਾਰ ਦੱਸਦਿਆਂ, ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਸੰਸਾਰ ਵਿੱਚ ਜਨਮ ਦੇਣ, ਪਾਲਣ ਪੋਸ਼ਣ ਕਰਨ ਅਤੇ ਸਬਰ ਰੱਖਣ ਦੀ ਵਿਸ਼ੇਸ਼ ਸ਼ਕਤੀ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ 11 ਮਹਿਲਾ ਵਿਧਾਇਕ ਬਣਾਏ ਹਨ ਅਤੇ ਅੱਠ ਮਹਿਲਾ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ ਅਤੇ ਤਿੰਨ ਔਰਤਾਂ ਨੂੰ ਸੀਨੀਅਰ ਪੁਲਿਸ ਸੁਪਰਡੈਂਟ ਨਿਯੁਕਤ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਔਰਤ ਨੂੰ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ ਅਤੇ ਸੱਤ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜਿੱਥੇ ਔਰਤਾਂ ਫਾਇਰ ਬ੍ਰਿਗੇਡ ‘ਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਦਲਾਅ ਸਮੇਂ ਦੀ ਲੋੜ ਸੀ ਕਿਉਂਕਿ ਭੀੜ-ਭੜੱਕੇ ਵਾਲੇ ਖੇਤਰਾਂ ਅਤੇ ਉੱਚੀਆਂ ਇਮਾਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਫਾਇਰ ਬ੍ਰਿਗੇਡ ਨੂੰ ਅਤਿ-ਆਧੁਨਿਕ ਵਾਹਨ ਮੁਹੱਈਆ ਕਰਵਾਏ ਗਏ ਹਨ।
Read More: ਜਥੇਦਾਰਾਂ ਨੂੰ ਅਹੁਦੇ ਤੋਂ ਹਟਾਉਣਾ ਬਦਲਾਖੋਰੀ ਜਾਪਦੀ ਹੈ: CM ਭਗਵੰਤ ਮਾਨ