ਪੰਜਾਬ ਸਰਕਾਰ ਵੱਲੋਂ ਭਾਰਤ ਦੇ ਰਾਸ਼ਟਰਪਤੀ ਦਾ ਸ਼ਾਨਦਾਰ ਸਵਾਗਤ

* ਰਾਸ਼ਟਰਪਤੀ ਦਾ ਸੰਘਰਸ਼ ਅਤੇ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ: ਮੁੱਖ ਮੰਤਰੀ

ਚੰਡੀਗੜ੍ਹ, 12 ਮਾਰਚ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu,) , ਜੋ ਸੂਬੇ ਦੇ ਦੌਰੇ ‘ਤੇ ਹਨ, ਦਾ ਨਿੱਘਾ ਸਵਾਗਤ ਕੀਤਾ ਗਿਆ।

ਇੰਡੀਅਨ ਸਕੂਲ ਆਫ਼ ਬਿਜ਼ਨਸ (Indian School of Business) ਵਿਖੇ ਕਰਵਾਏ ਗਏ ਸਮਾਗਮ ਦੌਰਾਨ ਰਾਸ਼ਟਰਪਤੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਟਰਪਤੀ ਦੀ ਫੇਰੀ ਸੂਬੇ ਦੇ ਇਤਿਹਾਸ ਵਿੱਚ ਸੁਨਹਿਰੀ ਦਿਨ ਹੈ ਅਤੇ ਇਸ ਮੌਕੇ ਹਰ ਪੰਜਾਬੀ ਬੇਹੱਦ ਖੁਸ਼ ਹੈ। ਉਨ੍ਹਾਂ ਕਿਹਾ ਕਿ ਮਹਾਨ ਗੁਰੂਆਂ, ਸੰਤਾਂ ਅਤੇ ਪੀਰ-ਪੈਗੰਬਰਾਂ ਦੀ ਪਵਿੱਤਰ ਧਰਤੀ ਪੰਜਾਬ ‘ਤੇ ਰਾਸ਼ਟਰਪਤੀ ਦਾ ਸਵਾਗਤ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਆਪਣੀ ਫੇਰੀ ਦੌਰਾਨ ਭਾਰਤ ਦੇ ਰਾਸ਼ਟਰਪਤੀ ਪੰਜਾਬੀਆਂ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਨ ਦੇ ਨਾਲ-ਨਾਲ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਦੇ ਗਵਾਹ ਬਣਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਟਰਪਤੀ ਨੇ ਅੱਜ ਕੇਂਦਰੀ ਯੂਨੀਵਰਸਿਟੀ ਬਠਿੰਡਾ (bathinda) ਵਿਖੇ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ ਅਤੇ ਬੁੱਧਵਾਰ ਨੂੰ ਉਹ ਪੰਜਾਬ ਯੂਨੀਵਰਸਿਟੀ ਦੇ ਕਨਵੋਕੇਸ਼ਨ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਮੁੱਖ ਵਿਦਿਅਕ ਸੰਸਥਾਵਾਂ ਵਿੱਚ ਰਾਸ਼ਟਰਪਤੀ ਦੀ ਫੇਰੀ, ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਸਖ਼ਤ ਮਿਹਨਤ ਅਤੇ ਸਮਰਪਣ ਲਈ ਪ੍ਰੇਰਿਤ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਸ਼ਟਰਪਤੀ ਦਾ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ ਕਿਉਂਕਿ ਉਨ੍ਹਾਂ ਨੇ ਜ਼ਿੰਦਗੀ ਵਿੱਚ ਨਿੱਜੀ ਅਤੇ ਪੇਸ਼ੇਵਰ ਪੱਧਰ ‘ਤੇ ਸਖ਼ਤ ਸੰਘਰਸ਼ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦ੍ਰੋਪਦੀ ਮੁਰਮੂ ਨੇ ਆਪਣੀ ਸਖ਼ਤ ਮਿਹਨਤ, ਦ੍ਰਿਸ਼ਟੀਕੋਣ ਅਤੇ ਵਚਨਬੱਧਤਾ ਨਾਲ ਜ਼ਿੰਦਗੀ ਵਿੱਚ ਨਵੀਆਂ ਉਚਾਈਆਂ ਛੂਹੀਆਂ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਦੀ ਇਹ ਪ੍ਰਾਪਤੀ ਉਨ੍ਹਾਂ ਨੂੰ ਸਾਬਕਾ ਅਮਰੀਕੀ ਰਾਸ਼ਟਰਪਤੀ ਇਬਰਾਹਿਮ ਲਿੰਕਨ ਵਰਗੇ ਆਲਮੀ ਆਗੂਆਂ ਦੀ ਕਤਾਰ ਵਿੱਚ ਖੜ੍ਹਾ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਯਾਦਗਾਰੀ ਪਲ ਹੈ ਅਤੇ ਪੂਰਾ ਪੰਜਾਬ ਦੇਸ਼ ਦੇ ਰਾਸ਼ਟਰਪਤੀ ਦਾ ਇਸ ਦੌਰੇ ਦੌਰਾਨ ਨਿੱਘਾ ਸਵਾਗਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮੁਬਾਰਕ ਧਰਤੀ ‘ਤੇ ਦੇਸ਼ ਦੇ ਰਾਸ਼ਟਰਪਤੀ ਦਾ ਸਵਾਗਤ ਕਰਦਿਆਂ ਮਾਣ ਮਹਿਸੂਸ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮਿਹਨਤੀ ਅਤੇ ਅਗਾਂਹ-ਵਧੂ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮਨਿਰਭਰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ, ਪੰਜਾਬ ਨੂੰ ਦੇਸ਼ ਦੀ ਖੜਗ ਭੁਜਾ ਹੋਣ ਦਾ ਮਾਣ ਵੀ ਹਾਸਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿਹਨਤੀ ਅਤੇ ਬਹਾਦਰ ਪੰਜਾਬੀ ਆਪਣੀ ਹਿੰਮਤ, ਅਥਾਹ ਹੌਸਲੇ ਅਤੇ ਸਖ਼ਤ ਉੱਦਮੀ ਭਾਵਨਾ ਲਈ ਪੂਰੀ ਦੁਨੀਆ ਵਿੱਚ ਜਾਣੇ ਜਾਂਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੰਜ ਦਰਿਆਵਾਂ ਦੀ ਇਸ ਪਵਿੱਤਰ ਧਰਤੀ ‘ਤੇ ਇਤਿਹਾਸ ਦੇ ਕਈ ਪੰਨਿਆਂ ਨੂੰ ਨੇੜਿਓਂ ਦੇਖਿਆ ਹੈ।ਇਸ ਤੋਂ ਪਹਿਲਾਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਸਮਾਗਮ ਦੌਰਾਨ ਪਤਵੰਤਿਆਂ ਦਾ ਸਵਾਗਤ ਕੀਤਾ।ਇਸ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਸ਼ੀਲ ਨਾਗੂ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਹੋਰ ਮੌਜੂਦ ਸਨ।

Read More: ਸੁਨੰਦਾ ਸ਼ਰਮਾ ਨੇ ਇੱਕ ਹੋਰ ਪੋਸਟ ਕੀਤੀ ਸਾਂਝੀ, CM ਮਾਨ ਦਾ ਕੀਤਾ ਧੰਨਵਾਦ

Scroll to Top