Harjot Singh Bains

ਪੰਜਾਬ ਦੇ ਸਾਰੇ 228 ਵਿੱਦਿਅਕ ਬਲਾਕਾਂ ‘ਚ ਭੇਜੀਆਂ ਜਾਣਗੀਆਂ 23 ਜਾਗਰੂਕਤਾ ਵੈਨਾਂ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 20 ਮਾਰਚ, 2025: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਫੇਜ਼-2, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੇ ਦਾਖਲੇ ਵਧਾਉਣ ਲਈ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂ ਕੀਤੀ। ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਬੈਨਰਾਂ ਅਤੇ ਲਾਊਡਸਪੀਕਰਾਂ ਨਾਲ ਲੈਸ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ |

ਇਸਤੋਂ ਬਾਅਦ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਦਾਖ਼ਲਾ ਮੁਹਿੰਮ ਲਈ 23 ਵੈਨਾਂ ਪੰਜਾਬ ਦੇ ਸਾਰੇ 228 ਵਿੱਦਿਅਕ ਬਲਾਕਾਂ ‘ਚ ਭੇਜੀਆਂ ਜਾਣਗੀਆਂ। ਜਿਸ ਨਾਲ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੇ ਦਾਖਲੇ ਨੂੰ ਵਧਾਉਣ ‘ਚ ਬਹੁਤ ਮੱਦਦ ਮਿਲੇਗੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰੀ-ਪ੍ਰਾਇਮਰੀ ਸਕੂਲਾਂ ‘ਚ 10 ਫੀਸਦੀ ਦਾਖਲਾ ਵਧਾਉਣ ਦੇ ਵਿਭਾਗ ਦੇ ਟੀਚੇ ਨੂੰ ਵੀ ਉਜਾਗਰ ਕੀਤਾ। ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਪੰਜਾਬ ਦੇ 13,100 ਪ੍ਰੀ-ਪ੍ਰਾਇਮਰੀ ਸਕੂਲਾਂ ‘ਚ 3.51 ਲੱਖ ਤੋਂ ਵੱਧ ਵਿਦਿਆਰਥੀ ਦਾਖਲ ਹੋਏ ਸਨ।

ਪੰਜਾਬ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਦਾਖਲਾ ਮੁਹਿੰਮ ਸਕੂਲ ਨਾ ਜਾਣ ਵਾਲੇ ਬੱਚਿਆਂ ਦੀ ਪਛਾਣ ਕਰਨ, ਸਰਕਾਰੀ ਸਕੂਲਾਂ ‘ਚ ਦਾਖਲਿਆਂ ਨੂੰ ਉਤਸ਼ਾਹਿਤ ਕਰਨ ਅਤੇ ਸਾਰਿਆਂ ਲਈ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ‘ਚ ਭਾਈਚਾਰਕ ਭਾਗੀਦਾਰੀ ਵਧਾਉਣ ‘ਚ ਅਹਿਮ ਭੂਮਿਕਾ ਨਿਭਾਏਗੀ।

ਇਸ ਮੁਹਿੰਮ ਤਹਿਤ ਸਥਾਨਕ ਵਿਧਾਇਕ, ਡਿਪਟੀ ਕਮਿਸ਼ਨਰ, ਐਸਡੀਐਮ, ਸਥਾਨਕ ਜਨ ਪ੍ਰਤੀਨਿਧੀ, ਸਕੂਲ ਪ੍ਰਬੰਧਨ ਕਮੇਟੀਆਂ (ਐਸਐਮਸੀ), ਪੰਚਾਇਤਾਂ ਦੇ ਮੈਂਬਰ ਅਤੇ ਸਾਰੇ ਸਕੂਲ ਮੁਖੀ ਹਿੱਸਾ ਲੈਣਗੇ। ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਮਾਪਿਆਂ ਅਤੇ ਭਾਈਚਾਰੇ ‘ਚ ਸਿੱਖਿਆ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਸਕੂਲ ‘ਚ ਦਾਖਲ ਕਰਵਾਉਣ ਲਈ ਪ੍ਰੇਰਿਤ ਕਰਨਾ ਹੈ।

ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਸਕੂਲ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਬਾਰੇ ਕਿਹਾ ਕਿ ਇਸ ਸਾਲ ਸਰਕਾਰੀ ਸਕੂਲਾਂ ਦੇ 189 ਵਿਦਿਆਰਥੀਆਂ ਨੇ ਜੇਈਈ ਮੇਨਜ਼ ਪ੍ਰੀਖਿਆ ਪਾਸ ਕੀਤੀ ਹੈ। ਇਨ੍ਹਾਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦੇ ਹੋਏ, ਮੰਤਰੀ ਨੇ ਅਧਿਆਪਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਸਫਲਤਾ ਪ੍ਰਾਪਤ ਕਰਨ ‘ਚ ਮੱਦਦ ਕੀਤੀ।

ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਰੇ ਸਰਕਾਰੀ ਸਕੂਲਾਂ ‘ਚ ਵਾਈ-ਫਾਈ ਇੰਟਰਨੈਟ ਕਨੈਕਸ਼ਨ, ਫਰਨੀਚਰ, ਲੜਕਿਆਂ ਅਤੇ ਲੜਕੀਆਂ ਲਈ ਵੱਖਰੇ ਪਖਾਨੇ ਵਰਗੀਆਂ ਸਾਰੀਆਂ ਜ਼ਰੂਰੀ ਸਹੂਲਤਾਂ ਤੋਂ ਇਲਾਵਾ ਸਾਰੇ ਸਕੂਲ ਆਫ਼ ਐਮੀਨੈਂਸ ਅਤੇ 17 ਲੜਕੀਆਂ ਦੇ ਸਕੂਲਾਂ ਲਈ ਬੱਸ ਸਹੂਲਤ ਸ਼ੁਰੂ ਕੀਤੀ ਜਾ ਰਹੀ ਹੈ। ਮੰਤਰੀ ਨੇ ਕਿਹਾ ਕਿ 10,000 ਤੋਂ ਵੱਧ ਨਵੇਂ ਕਲਾਸਰੂਮ ਬਣਾਏ ਹਨ ਅਤੇ 6,000 ਕਲਾਸਰੂਮਾਂ ਦਾ ਨਵੀਨੀਕਰਨ ਕੀਤਾ ਗਿਆ ਹੈ, ਇਸ ਤੋਂ ਇਲਾਵਾ 8,000 ਸਰਕਾਰੀ ਸਕੂਲਾਂ ‘ਚ 1,300 ਕਿਲੋਮੀਟਰ ਲੰਬੀਆਂ ਚਾਰਦੀਵਾਰੀਆਂ ਬਣਾਈਆਂ ਗਈਆਂ ਹਨ।

ਇਸ ਦੌਰਾਨ ਐਸ.ਸੀ.ਈ.ਆਰ.ਟੀ. ਦੀ ਡਾਇਰੈਕਟਰ ਅਮਨਿੰਦਰ ਕੌਰ ਬਰਾੜ, ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਪਰਮਜੀਤ ਸਿੰਘ ਸਮਾਣਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Read More: ਹਰਜੋਤ ਸਿੰਘ ਬੈਂਸ ਵੱਲੋਂ 161 ਸਰਕਾਰੀ ਸਕੂਲਾਂ ਨੂੰ ‘ਬੈਸਟ ਸਕੂਲ ਐਵਾਰਡ’ ਨਾਲ ਸਨਮਾਨਿਤ

Scroll to Top