ਚੰਡੀਗੜ੍ਹ, 22 ਮਾਰਚ 2025: ਸਾਬਕਾ ਕਰਨਲ ਪੁਸ਼ਪਿੰਦਰ ਸਿੰਘ ਬਾਠ ’ਤੇ ਹੋਏ ਹਮਲੇ ਦਾ ਮਾਮਲੇ ‘ਚ ਚਾਰ ਇੰਸਪੈਕਟਰ ਸਮੇਤ 12 ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ | ਇਸਦੇ ਨਾਲ ਹੀ ਸਾਬਕਾ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਪਰਿਵਾਰ ਨੂੰ ਸੁਰੱਖਿਆ ਦਿੱਤੀ ਗਈ ਹੈ | ਉਕਤ ਮਾਮਲੇ ‘ਚ ਇੱਕ ਉੱਚ ਪੱਧਰੀ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਗਈ ਹੈ, ਜੋ ਕਿ ਜਾਂਚ ਤੋਂ ਬਾਅਦ ਮੁਲਜ਼ਮਾਂ ਨੂੰ ਗ੍ਰਿਫਤਾਰ ਕਰੇਗੀ |
ਜਿਕਰੀਯੋਗ ਹੈ ਕਿ 13 ਮਾਰਚ ਦੀ ਰਾਤ ਨੂੰ ਸਾਬਕਾ ਕਰਨਲ ਪੁਸ਼ਪਿੰਦਰ ਸਿੰਘ ਬਾਠ ’ਤੇ ਹਮਲੇ ਦੀ ਮੰਦਭਾਗੀ ਘਟਨਾ ਸਬੰਧੀ ਕਰਨਲ ਪੁਸ਼ਪਿੰਦਰ ਸਿੰਘ ਬਾਠ ਵੱਲੋਂ 14 ਮਾਰਚ ਨੂੰ ਦਰਜ ਕਰਵਾਏ ਗਏ ਬਿਆਨ ਦੇ ਆਧਾਰ ‘ਤੇ 21 ਮਾਰਚ ਨੂੰ ਥਾਣਾ ਸਿਵਲ ਲਾਈਨਜ਼ ਪਟਿਆਲਾ ਵਿਖੇ ਕੇਸ ਐਫਆਈਆਰ ਨੰਬਰ 69 ਦਰਜ ਕੀਤੀ। ਕਰਨਲ ਦੇ ਬਿਆਨ ‘ਚ ਉਨ੍ਹਾਂ ਪੁਲਿਸ ਅਧਿਕਾਰੀਆਂ ਦੇ ਨਾਮ ਹਨ ਜਿਨ੍ਹਾਂ ਨੇ ਉਸ ‘ਤੇ ਹਮਲਾ ਕੀਤਾ ਸੀ ਅਤੇ ਹਮਲੇ ਵਿੱਚ ਹਰੇਕ ਵਿਅਕਤੀ ਦੀ ਭੂਮਿਕਾ ਦਾ ਵੇਰਵਾ ਵੀ ਦਿੱਤਾ ਗਿਆ ਹੈ।
ਪੁਲਿਸ ਮੁਤਾਬਕ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੰਜਾਬ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਕਾਨੂੰਨ ਅਤੇ ਵਿਵਸਥਾ, ਐਸ.ਪੀ.ਐਸ. ਪਰਮਾਰ ਦੀ ਅਗਵਾਈ ਹੇਠ ਇੱਕ ਉੱਚ-ਪੱਧਰੀ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ, ਜਿਸ ‘ਚ ਸੰਦੀਪ ਮਲਿਕ, IPS ਸੀਨੀਅਰ ਪੁਲਿਸ ਸੁਪਰਡੈਂਟ, ਹੁਸ਼ਿਆਰਪੁਰ ਅਤੇ ਮਨਪ੍ਰੀਤ ਸਿੰਘ, PPS, ਪੁਲਿਸ ਸੁਪਰਡੈਂਟ, ਦਿਹਾਤੀ, ਐਸ.ਏ.ਐਸ. ਨਗਰ ਨੂੰ ਸ਼ਾਮਲ ਹਨ। ਐਸਆਈਟੀ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਲਈ ਰੋਜ਼ਾਨਾ ਆਧਾਰ ‘ਤੇ ਸਬੂਤ ਇਕੱਠੇ ਕਰਨ ਅਤੇ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਇਸ ਮਾਮਲੇ ‘ਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕੇ।
ਜਿਕਰਯੋਗ ਹੈ ਕਿ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਪੰਜਾਬ ਪੁਲਿਸ ਦੇ ਕੁਝ ਅਧਿਕਾਰੀਆਂ ਵੱਲੋਂ ਆਪਣੇ ਪਤੀ ਅਤੇ ਪੁੱਤਰ ‘ਤੇ ਕੀਤੇ ਹਮਲੇ ਦੀ ਸੀਬੀਆਈ ਜਾਂਚ ਦੀ ਮੰਗ ਦੁਹਰਾਈ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਸਵਿੰਦਰ ਕੌਰ ਬਾਠ ਨੇ ਪੰਜਾਬ ਪੁਲਿਸ ਦੇ 12 ਅਧਿਕਾਰੀਆਂ ‘ਤੇ ਉਨ੍ਹਾਂ ਦੇ ਪਤੀ ਅਤੇ ਪੁੱਤਰ ਅੰਗਦ ਬਾਠ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ।
ਉਨ੍ਹਾਂ ਨੇ ਮੰਗ ਕੀਤੀ ਕਿ ਉਸਦੇ ਪਤੀ ਦੀ ਸ਼ਿਕਾਇਤ ‘ਤੇ ਭਾਰਤੀ ਦੰਡ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਜਾਵੇ, 12 ਪੁਲਿਸ ਅਧਿਕਾਰੀਆਂ ਦੇ ਨਾਮ ਲਏ ਜਾਣ ਅਤੇ ਸਾਰੇ ਮੁਲਜ਼ਮਾਂ ਦਾ ਤੁਰੰਤ ਪਟਿਆਲਾ ਤੋਂ ਬਾਹਰ ਤਬਾਦਲਾ ਕੀਤਾ ਜਾਵੇ।
Read More: ਪਟਿਆਲਾ ਮੀਡੀਆ ਕਲੱਬ ਵੱਲੋਂ ਸਾਬਕਾ ਕਰਨਲ ਦੇ ਮਾਮਲੇ ’ਤੇ ਧਰਨੇ ’ਚ ਮੀਡੀਆ ਨਾਲ ਬਦਸਲੂਕੀ ਦੀ ਸਖ਼ਤ ਨਿਖੇਧੀ