ਚੰਡੀਗੜ੍ਹ, 24 ਮਾਰਚ 2025: 2006 ਬੈਚ ਦੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ (IAS Dr. Ravi Bhagat) ਨੇ ਅੱਜ ਆਪਣੇ ਦਫ਼ਤਰ ਵਿਖੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ‘ਚ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸਾਂਭ ਲਿਆ ਹੈ। ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਡਾ. ਰਵੀ ਭਗਤ ਪੰਜਾਬ ਸਰਕਾਰ ‘ਚ ਵੱਖ-ਵੱਖ ਅਹੁਦਿਆਂ ‘ਤੇ ਸੇਵਾ ਨਿਭਾ ਚੁੱਕੇ ਹਨ।
ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਆਮ ਜਨਤਾ ਨੂੰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਦਾ ਲਾਭ ਦੇਣ ਲਈ ਵਿਲੱਖਣ ਵਿਚਾਰ ਅਮਲ ‘ਚ ਲਿਆਉਣ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਡਾ. ਰਵੀ ਭਗਤ ਜਨਤਕ ਸੇਵਾਵਾਂ ਪ੍ਰਤੀ ਆਪਣੀ ਸਰਗਰਮ ਅਤੇ ਜਵਾਬਦੇਹ ਪਹੁੰਚ ਲਈ ਜਾਣੇ ਜਾਂਦੇ ਹਨ।
ਜਿਕਰਯੋਗ ਹੈ ਕਿ ‘ਐਮ.ਐਸ.ਪੀ. ਆਫ ਜੀਓਪੌਲੀਟਿਕਸ’ ‘ਚ ਡਾਕਟਰੇਟ ਡਾ. ਰਵੀ ਭਗਤ ਨੇ 2008-2009 ‘ਚ ਸਬ-ਡਿਵੀਜ਼ਨਲ ਮੈਜਿਸਟ੍ਰੇਟ ਮਲੋਟ ਵਜੋਂ ਪ੍ਰਸ਼ਾਸਨਿਕ ਸੇਵਾਵਾਂ ਨਿਭਾਉਣ ਦੀ ਸ਼ੁਰੂਆਤ ਕੀਤੀ ਸੀ, ਇਸਤੋਂ ਬਾਅਦ ਡਾ. ਰਵੀ ਭਗਤ ਨੇ ਫਰੀਦਕੋਟ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਡਿਪਟੀ ਕਮਿਸ਼ਨਰ ਵਜੋਂ ਸੇਵਾ ਨਿਭਾਈ । ਉਨ੍ਹਾਂ ਨੇ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ, ਸਕੱਤਰ ਮੰਡੀ ਬੋਰਡ, ਸੀ.ਈ.ਓ. ਈ-ਗਵਰਨੈਂਸ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ, ਸਕੱਤਰ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਜੋਂ ਸੇਵਾਵਾਂ ਨਿਭਾਈਆਂ ਹਨ।
ਆਈ.ਏ.ਐਸ. ਡਾ. ਰਵੀ ਭਗਤ (Dr. Ravi Bhagat) ਸਾਲ 2021 ਤੋਂ ਹੁਣ ਤੱਕ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਜੋਂ ਆਪਣੀਆਂ ਸੇਵਾਵਾਂ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾ ਰਹੇ ਹਨ। ਇਸ ਆਈ.ਏ.ਐਸ. ਡਾ. ਰਵੀ ਭਗਤ ਨੂੰ ਸਿਹਤ, ਸਿੱਖਿਆ, ਸਮਾਜਿਕ ਸੁਰੱਖਿਆ ਅਤੇ ਗਵਰਨੈਂਸ ਦੇ ਖੇਤਰਾਂ ‘ਚ ਕਈ ਨਵੀਨਤਮ ਅਤੇ ਨਿਵੇਕਲੀਆਂ ਕਾਢਾਂ ਲਾਗੂ ਕਰਨ ਲਈ ਜਾਣਿਆ ਜਾਂਦਾ ਹੈ |
ਡਾ. ਰਵੀ ਭਗਤ ਵੱਲੋਂ ਕੋਰੋਨਾ ਕਾਲ ਵੇਲੇ ਦੀ ਮਹਾਂਮਾਰੀ ਦੇ ਚੁਣੌਤੀਪੂਰਨ ਸਮੇਂ ਦੌਰਾਨ ਜਨਤਕ ਸੇਵਾਵਾਂ ਨੂੰ ਸੁਚਾਰੂ ਬਣਾ ਕੇ ਆਮ ਲੋਕਾਂ ਦੀ ਸਹੂਲਤ ਲਈ ਕੀਤੀਆਂ ਪਹਿਲਕਦਮੀਆਂ ਦੀ ਸਾਰਿਆਂ ਨੇ ਸ਼ਲਾਘਾ ਕੀਤੀ ਸੀ। ਅਧਿਕਾਰੀ ਨੂੰ ਇਨ੍ਹਾਂ ਸੇਵਾਵਾਂ ਸਦਕਾ ਕਈ ਵੱਕਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੁਰਸਕਾਰ ਅਤੇ ਸਨਮਾਨ ਨਾਮ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੀ ਅਗਵਾਈ ਹੇਠ ਸਾਲ 2015 ‘ਚ ਗਿੰਨੀਜ਼ ਬੁੱਕ ਆਫ਼ ਵਰਲਡ ਰਿਕਾਰਡ ਬਣਾਇਆ ਸੀ ਜਦੋਂ 10,000 ਵਿਦਿਆਰਥੀਆਂ ਨੇ ਨਸ਼ਾ ਵਿਰੋਧੀ ਮੁਹਿੰਮ ‘ਚ ਹਿੱਸਾ ਲਿਆ ਸੀ ਅਤੇ ਸਾਲ 2018 ‘ਚ ਇਕ ਹੋਰ ਗਿੰਨੀਜ਼ ਬੁੱਕ ਆਫ਼ ਵਰਲਡ ਰਿਕਾਰਡ ਬਣਾਇਆ ਸੀ ਜਦੋਂ 82 ਦੇਸ਼-ਭਗਤਾਂ ਨੇ ਸ਼ਾਂਤੀ ਲਈ ਗੀਤ ਗਾਇਆ ਸੀ।
ਅੱਜ ਅਹੁਦਾ ਸੰਭਾਲਣ ਤੋਂ ਬਾਅਦ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਨੂੰ ਲਾਗੂ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਆਈ.ਏ.ਐਸ. ਡਾ. ਰਵੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵਚਨਬੱਧਤਾ ਮੁਤਾਬਕ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਹੋਰ ਮੁੱਖ ਖੇਤਰਾਂ ‘ਤੇ ਵਧੇਰੇ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਾਗਰਿਕ ਕੇਂਦਰਿਤ ਸੇਵਾਵਾਂ ਦੇ ਲਾਭ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇਗਾ।
Read More: Chandigarh: ਰਵੀ ਭਗਤ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਬਣੇ, ਸਰਕਾਰ ਨੇ ਜਾਰੀ ਕੀਤੇ ਹੁਕਮ