ਚੰਡੀਗੜ੍ਹ, 29 ਮਾਰਚ 2025: ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (harpal singh cheema) ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਪੰਜਾਬ ਦੇ ਮੁੱਖ ਸਕੱਤਰ ਨੇ ਰਾਜ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਰਾਹੀਂ ਪ੍ਰਭਾਵਸ਼ਾਲੀ ਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਅਤੇ ਨਾਗਰਿਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਚੁੱਕੇ ਗਏ ਮਹੱਤਵਪੂਰਨ ਕਦਮਾਂ ਬਾਰੇ ਨਵੇਂ ਨਿਰਦੇਸ਼ ਜਾਰੀ ਕੀਤੇ ਹਨ।
ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (harpal singh cheema) ਨੇ ਕਿਹਾ ਕਿ ਇਨ੍ਹਾਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰਾਂ ਲਈ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡਾਂ ਦਾ ਨਿਯਮਤ ਤੌਰ ‘ਤੇ ਦੌਰਾ ਕਰਨਾ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ ਅਧਿਕਾਰੀ ਹਫ਼ਤੇ ਦੇ ਚਾਰ ਦਿਨ – ਸ਼ਨੀਵਾਰ, ਐਤਵਾਰ, ਸੋਮਵਾਰ ਅਤੇ ਮੰਗਲਵਾਰ – ਇਸ ਕੰਮ ਲਈ ਸਮਰਪਿਤ ਕਰਨਗੇ। ਵਿੱਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੌਰਿਆਂ ਦੌਰਾਨ, ਅਧਿਕਾਰੀਆਂ ਨੂੰ ਪ੍ਰਤੀ ਦਿਨ ਤਿੰਨ ਤੋਂ ਚਾਰ ਪਿੰਡਾਂ ਨੂੰ ਕਵਰ ਕਰਨ ਅਤੇ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਸਾਰੇ ਪਿੰਡਾਂ ਦਾ ਦੌਰਾ ਦੋ ਤੋਂ ਤਿੰਨ ਮਹੀਨਿਆਂ ਦੇ ਅੰਦਰ ਪੂਰਾ ਕਰਨ ਲਈ ਕਿਹਾ ਗਿਆ ਹੈ।
ਇਨ੍ਹਾਂ ਦੌਰਿਆਂ ਦੇ ਮੁੱਖ ਉਦੇਸ਼ਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਪਿੰਡ ਵਾਸੀਆਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਨਗੇ, ਉਨ੍ਹਾਂ ਨੂੰ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨਗੇ ਅਤੇ ਪਿੰਡ ਪੱਧਰ ‘ਤੇ ਕੰਮ ਕਰਨ ਵਾਲੇ ਸਰਕਾਰੀ ਕਰਮਚਾਰੀਆਂ, ਜਿਨ੍ਹਾਂ ਵਿੱਚ ਅਧਿਆਪਕ ਅਤੇ ਸਿਹਤ ਕਰਮਚਾਰੀ ਸ਼ਾਮਲ ਹਨ, ਦੀ ਕਾਰਗੁਜ਼ਾਰੀ ਬਾਰੇ ਨਿੱਜੀ ਫੀਡਬੈਕ ਵੀ ਲੈਣਗੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਦੌਰਿਆਂ ਦੌਰਾਨ ਅਧਿਕਾਰੀ ਪਿੰਡ ਵਾਸੀਆਂ ਨੂੰ ਆਪਣੇ ਪਿੰਡਾਂ ਵਿੱਚ ਸਫ਼ਾਈ ਰੱਖਣ, ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਦਾ ਸਮਰਥਨ ਕਰਨ ਅਤੇ ਖੇਡਾਂ ਅਤੇ ਸਮਾਜਿਕ ਵਿਕਾਸ ਗਤੀਵਿਧੀਆਂ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਰਗਰਮ ਪਹਿਲਕਦਮੀ ਰਾਹੀਂ ਨੌਜਵਾਨਾਂ ਦੀ ਊਰਜਾ ਨੂੰ ਸਮਾਜ ਦੇ ਸਮੁੱਚੇ ਵਿਕਾਸ ਲਈ ਸਹੀ ਦਿਸ਼ਾ ਵਿੱਚ ਵਰਤਿਆ ਜਾਵੇਗਾ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਦਾਇਤਾਂ ਵਿੱਚ ਇਨ੍ਹਾਂ ਦੌਰਿਆਂ ਦੀ ਪ੍ਰਭਾਵਸ਼ੀਲਤਾ ਨੂੰ ਯਕੀਨੀ ਬਣਾਉਣ ਲਈ ਢਾਂਚਾਗਤ ਯੋਜਨਾਬੰਦੀ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਆਪਣੇ ਦੌਰੇ ਪਹਿਲਾਂ ਤੋਂ ਹੀ ਤਹਿ ਕਰਨਗੇ ਅਤੇ ਸਬੰਧਤ ਪਿੰਡਾਂ ਨੂੰ ਪਹਿਲਾਂ ਤੋਂ ਜਾਣਕਾਰੀ ਦੇਣਗੇ। ਉਨ੍ਹਾਂ ਕਿਹਾ ਕਿ ਇਹ ਪਹਿਲ ਨਾਗਰਿਕਾਂ ਦੀਆਂ ਸ਼ਿਕਾਇਤਾਂ ਦੇ ਜਲਦੀ ਹੱਲ ਅਤੇ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਦਰਵਾਜ਼ਿਆਂ ‘ਤੇ ਪਹੁੰਚਾਉਣ ‘ਤੇ ਕੇਂਦ੍ਰਿਤ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਦੌਰਿਆਂ ਦੌਰਾਨ, ਜਨਤਾ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਨ, ਉਨ੍ਹਾਂ ਦੀਆਂ ਚਿੰਤਾਵਾਂ ਨੂੰ ਸਮਝਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧਿਆਨ ਨਾਲ ਦਰਜ ਕਰਨ ਲਈ ਜਨਤਕ ਮੀਟਿੰਗਾਂ ਵੀ ਆਯੋਜਿਤ ਕੀਤੀਆਂ ਜਾਣਗੀਆਂ।
ਇਸ ਪਹਿਲਕਦਮੀ ਦੇ ਇੱਕ ਮਹੱਤਵਪੂਰਨ ਪਹਿਲੂ ਵਜੋਂ ਵਿਭਾਗਾਂ ਵਿਚਕਾਰ ਤਾਲਮੇਲ ‘ਤੇ ਜ਼ੋਰ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿੰਡ ਵਾਸੀਆਂ ਤੋਂ ਪ੍ਰਾਪਤ ਫੀਡਬੈਕ ਅਤੇ ਜ਼ਰੂਰਤਾਂ ਦੇ ਅਧਾਰ ‘ਤੇ, ਸਬੰਧਤ ਵਿਭਾਗਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ ਜਾਣਗੇ। ਇਸ ਤੋਂ ਇਲਾਵਾ, ਅਧਿਕਾਰੀ ਆਪਣੇ ਦੌਰਿਆਂ ਦੀ ਇੱਕ ਵਿਸਤ੍ਰਿਤ ਰਿਪੋਰਟ ਤਿਆਰ ਕਰਨਗੇ, ਜਿਸ ਵਿੱਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਵੇਰਵੇ, ਉਨ੍ਹਾਂ ਦੇ ਹੱਲ ਲਈ ਚੁੱਕੇ ਗਏ ਕਦਮਾਂ ਅਤੇ ਸੁਝਾਏ ਗਏ ਹੋਰ ਉਪਾਵਾਂ ਸ਼ਾਮਲ ਹੋਣਗੇ। ਵਿੱਤ ਮੰਤਰੀ ਨੇ ਕਿਹਾ ਕਿ ਇਹ ਰਿਪੋਰਟਾਂ ਸਮੀਖਿਆ ਲਈ ਜਨਤਕ ਸ਼ਿਕਾਇਤ ਨਿਵਾਰਣ ਵਿਭਾਗ ਅਤੇ ਮੁੱਖ ਸਕੱਤਰ ਦਫ਼ਤਰ ਨੂੰ ਸੌਂਪੀਆਂ ਜਾਣਗੀਆਂ।
Read More: ਪਿਛਲੀਆਂ ਸਰਕਾਰਾਂ ਨੇ ਮਾਈਨਿੰਗ ਮਾਫੀਆ ਨਾਲ ਮਿਲੀਭੁਗਤ ਕਰਕੇ ਸਰਕਾਰੀ ਖਜ਼ਾਨੇ ਨੂੰ ਲੁੱਟਿਆ