Dirba

ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਦੇ ਸਕੂਲ ‘ਚ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ

ਚੰਡੀਗੜ੍ਹ/ਦਿੜ੍ਹਬਾ, 11 ਅਪ੍ਰੈਲ 2025: ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਰਕਾਰੀ ਹਾਈ ਸਕੂਲ ਉਗਰਾਹਾਂ ਵਿਖੇ 41.28 ਲੱਖ ਰੁਪਏ ਦੀ ਲਾਗਤ ਨਾਲ ਬਣੇ ਤਿੰਨ ਕਲਾਸਰੂਮਾਂ ਅਤੇ ਸਕੂਲ ਦੀ ਚਾਰਦੀਵਾਰੀ ਦਾ ਉਦਘਾਟਨ ਕੀਤਾ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕਰਨ ਅਤੇ ਸਕੂਲ ਸਿੱਖਿਆ ਨੂੰ ਅੰਤਰਰਾਸ਼ਟਰੀ ਪੱਧਰ ਦਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਸਾਲ 2022 ‘ਚ ਜਦੋਂ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਵਿੱਚ ਸੱਤਾ ‘ਚ ਆਈ ਸੀ, ਤਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਿੱਖਿਆ ਅਤੇ ਸਿਹਤ ਦੇ ਖੇਤਰ ‘ਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਜਾਣਗੇ ਅਤੇ ਅਸੀਂ ਉਸ ਵਾਅਦੇ ਨੂੰ ਲਾਗੂ ਕਰਨ ਲਈ ਪੂਰੀ ਤਰ੍ਹਾਂ ਸਰਗਰਮ ਹਾਂ ਜਿਸ ਤਹਿਤ ਪਿਛਲੇ 3 ਸਾਲਾਂ ‘ਚ ਕਈ ਸਿੱਖਿਆ ਪ੍ਰੋਜੈਕਟ ਸਫਲਤਾਪੂਰਵਕ ਲਾਗੂ ਕੀਤੇ ਹਨ ਅਤੇ ਅਗਲੇ 2 ਸਾਲਾਂ ‘ਚ ਹੋਰ ਵਿਕਾਸ ਕਾਰਜ ਕੀਤੇ ਜਾਣਗੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰੀ ਸਕੂਲਾਂ ‘ਚ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਲਈ, ਵਿਸ਼ਾ ਅਧਾਰਤ ਪ੍ਰਯੋਗਸ਼ਾਲਾਵਾਂ, ਨਵੇਂ ਕਲਾਸਰੂਮ, ਲਾਇਬ੍ਰੇਰੀਆਂ, ਖੇਡ ਦੇ ਮੈਦਾਨ, ਬੈਂਚ ਅਤੇ ਹੋਰ ਫਰਨੀਚਰ ਪ੍ਰਦਾਨ ਕੀਤੇ ਹਨ, ਜਿਸ ਨਾਲ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਭਵਿੱਖ ‘ਚ ਬੱਚੇ ਆਪਣੀ ਕਾਬਲੀਅਤ ਨਾਲ ਨਾ ਸਿਰਫ਼ ਆਪਣੇ ਸਕੂਲ ਸਗੋਂ ਸੂਬੇ ਦਾ ਨਾਮ ਰੌਸ਼ਨ ਕਰ ਸਕਣ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ‘ਚ 118 ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਹਨ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਫਿਨਲੈਂਡ, ਸਿੰਗਾਪੁਰ ਆਦਿ ਦੇਸ਼ਾਂ ਦੇ ਵਿਦਿਅਕ ਟੂਰ ਕਰਵਾਏ ਗਏ ਹਨ ਤਾਂ ਜੋ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਵੀ ਅੰਤਰਰਾਸ਼ਟਰੀ ਪੱਧਰ ਦੀਆਂ ਤਕਨੀਕਾਂ ਨਾਲ ਸਿੱਖਿਅਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ‘ਚ ਦਿੜ੍ਹਬਾ ਹਲਕੇ ਨਾਲ ਜੋ ਪਛੜੇਪਣ ਦਾ ਦਾਗ ਲੱਗਿਆ ਹੋਇਆ ਸੀ, ਉਸ ਨੂੰ ਸਰਕਾਰ ਨੇ ਵਿਕਾਸ ਕਾਰਜਾਂ ਨਾਲ ਪੂਰੀ ਤਰ੍ਹਾਂ ਮਿਟਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤਾਂ ਪਿੰਡਾਂ ਦਾ ਵਿਕਾਸ ਕਰ ਰਹੀਆਂ ਹਨ ਅਤੇ ਨਗਰ ਪੰਚਾਇਤਾਂ ਦੇ ਸਰਗਰਮ ਅਧਿਕਾਰੀਆਂ ਰਾਹੀਂ ਸ਼ਹਿਰੀ ਵਿਕਾਸ ਦਾ ਕੰਮ ਉਤਸ਼ਾਹ ਨਾਲ ਚੱਲ ਰਿਹਾ ਹੈ। ਉਨ੍ਹਾਂ ਸਾਰੇ ਨਾਗਰਿਕਾਂ ਨੂੰ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ ‘ ਮੁਹਿੰਮ ‘ਚ ਪੰਜਾਬ ਸਰਕਾਰ ਦਾ ਸਰਗਰਮੀ ਨਾਲ ਸਹਿਯੋਗ ਕਰਨ ਲਈ ਉਤਸ਼ਾਹਿਤ ਕੀਤਾ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਵੱਧ ਤੋਂ ਵੱਧ ਸਮਾਂ ਦੇਣ ਲਈ ਕਿਹਾ ਕਿਉਂਕਿ ਸਿੱਖਿਆ ਰਾਹੀਂ ਕੋਈ ਵੀ ਟੀਚਾ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹੋਰ ਪਤਵੰਤਿਆਂ ਦਾ ਸਨਮਾਨ ਕੀਤਾ ਗਿਆ। ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਅਤੇ ਸਕੂਲ ਇੰਚਾਰਜ ਨੇ ਸਕੂਲ ਦੀਆਂ ਹੋਰ ਮਹੱਤਵਪੂਰਨ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ।

Read More: ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਲਈ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਕੀਤੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

Scroll to Top