ਚੰਡੀਗੜ੍ਹ/ਸੰਗਰੂਰ, 2 ਮਈ 2025: ਪੰਜਾਬ ਦੇ ਵਿੱਤ ਮੰਤਰੀ ਅਤੇ “ਯੁੱਧ ਨਸ਼ਿਆਂ ਵਿਰੁੱਧ” ਬਾਰੇ ਕੈਬਨਿਟ-ਸਬ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਪੈਲੇਸ ਵਿਖੇ ਕਰਵਾਏ ਗ੍ਰਾਮ ਰੱਖਿਆ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ ਹਨ ਜਿਨ੍ਹਾਂ ਨੇ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਅਤੇ ਪੰਜਾਬ ਦੇ ਜਲ ਸਰੋਤਾਂ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ ਹਨ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਨਸ਼ਿਆਂ ਵਿਰੁੱਧ ਜੰਗ ਲੜ ਰਿਹਾ ਹੈ ਅਤੇ ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੇ ਨਸ਼ਿਆਂ ਦੀ ਤਸਕਰੀ ਬੰਦ ਨਾ ਕੀਤੀ ਤਾਂ ਉਨ੍ਹਾਂ ਨੂੰ ਪੰਜਾਬ ਛੱਡਣਾ ਪਵੇਗਾ।
ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਸਰਕਾਰ ਡਰੱਗ ਮਨੀ ਨਾਲ ਬਣੇ ਘਰਾਂ ਨੂੰ ਢਾਹੁਣ ਅਤੇ ਡਰੱਗ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇਕੱਲੇ ਜ਼ਿਲ੍ਹਾ ਸੰਗਰੂਰ ‘ਚ ਐਨ.ਡੀ.ਪੀ.ਐਸ. ਤਹਿਤ 240 ਮਾਮਲੇ ਦਰਜ ਕੀਤੇ ਹਨ ਅਤੇ 332 ਗ੍ਰਿਫ਼ਤਾਰੀਆਂ ਕੀਤੀਆਂ ਹਨ, ਇਸ ਤੋਂ ਇਲਾਵਾ ਲਗਭਗ 9.20 ਲੱਖ ਰੁਪਏ ਦੀ ਨਕਦੀ ਵੀ ਜ਼ਬਤ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਕਾਰਵਾਈ ਦੇ ਨਾਲ-ਨਾਲ, ਸਰਕਾਰ ਨੇ ਪਿੰਡ ਪੱਧਰ ‘ਤੇ ਵਿਲੇਜ ਡਿਫੈਂਸ ਕਮੇਟੀਆਂ (ਵੀਡੀਸੀ) ਅਤੇ ਸ਼ਹਿਰੀ ਪੱਧਰ ‘ਤੇ ਵਾਰਡ ਡਿਫੈਂਸ ਕਮੇਟੀਆਂ (ਡਬਲਯੂਡੀਸੀ) ਬਣਾਈਆਂ ਹਨ, ਜੋ ਨਸ਼ਿਆਂ ਦੀ ਲਾਹਨਤ ਵਿਰੁੱਧ ਲੜਾਈ ‘ਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ। ਇਨ੍ਹਾਂ ਕਮੇਟੀ ਮੈਂਬਰਾਂ ਨੂੰ ਆਪਣੇ-ਆਪਣੇ ਖੇਤਰਾਂ ‘ਚ ਸਖ਼ਤ ਨਿਗਰਾਨੀ ਰੱਖਣ ਅਤੇ ਨਸ਼ਿਆਂ ਨਾਲ ਸਬੰਧਤ ਜਾਣਕਾਰੀ ਤੁਰੰਤ ਪੁਲਿਸ ਜਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦੇਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ, ਇਹ ਮੈਂਬਰ ਨਸ਼ੇਦੇ ਆਦੀਆਂ ਨੂੰ ਇਲਾਜ ਲਈ ਮੁੜ ਵਸੇਬਾ ਕੇਂਦਰਾਂ ਵਿੱਚ ਭੇਜਣ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਵਿੱਚ ਵੀ ਮਦਦ ਕਰਨਗੇ।
Read More: War on drugs: ਮੁੱਖ ਮੰਤਰੀ ਮਾਨ ਨੇ ਪੰਜਾਬੀਆਂ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਨਿੱਖੜਵਾਂ ਅੰਗ ਬਣਨ ਦੀ ਕੀਤੀ ਅਪੀਲ