Harjot Singh Bains

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 10ਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ

ਚੰਡੀਗੜ੍ਹ, 16 ਮਈ 2025: ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਐਲਾਨੇ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ।

ਹਰਜੋਤ ਸਿੰਘ ਬੈਂਸ ਨੇ ਨੇ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ‘ਚ ਸਿਖ਼ਰਲੇ ਸਥਾਨ ਹਾਸਲੇ ਕਰਨ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ (ਫਰੀਦਕੋਟ) ਦੀ ਅਕਸ਼ਨੂਰ ਕੌਰ ਨੇ 650/650 ਅੰਕਾਂ ਨਾਲ ਸੂਬੇ ਭਰ ‘ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਛੱਤਿਆਣਾ (ਸ੍ਰੀ ਮੁਕਤਸਰ ਸਾਹਿਬ) ਦੀ ਰਤਿੰਦਰਦੀਪ ਕੌਰ ਅਤੇ ਰਾਮ ਸਰੂਪ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਚੌਂਦਾ (ਮਲੇਰਕੋਟਲਾ) ਦੀ ਅਰਸ਼ਦੀਪ ਕੌਰ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਨੇ ਆਪਣੇ ਸਾਥੀ ਵਿਦਿਆਰਥੀਆਂ ਲਈ ਸ਼ਾਨਦਾਰ ਮਿਸਾਲ ਕਾਇਮ ਕੀਤੀ ਹੈ। ਕੁੜੀਆਂ ਨੇ ਦਸਵੀਂ ਦੇ ਨਤੀਜਿਆਂ ‘ਚ ਕੁੱਲ 96.85% ਦੀ ਪਾਸ ਪ੍ਰਤੀਸ਼ਤਤਾ ਨਾਲ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੜਕਿਆਂ (94.50%) ਨੂੰ ਪਛਾੜ ਦਿੱਤਾ ਹੈ।

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਕੁੱਲ 2,77,746 ਵਿਦਿਆਰਥੀਆਂ ਨੇ 10ਵੀਂ ਜਮਾਤ ਦੀ ਪ੍ਰੀਖਿਆ ਦਿੱਤੀ, ਜਿਨ੍ਹਾਂ ‘ਚੋਂ 2,65,548 ਵਿਦਿਆਰਥੀ ਪਾਸ ਹੋਏ (95.61%) ਹਨ। ਸਰਕਾਰੀ ਸਕੂਲਾਂ ‘ਚ 95.47% ਪਾਸ ਪ੍ਰਤੀਸ਼ਤਤਾ ਨਾਲ 1,76,605 ਵਿਦਿਆਰਥੀ ਪ੍ਰੀਖਿਆ ‘ਚ ਸਫ਼ਲ ਰਹੇ।

Read More: PSEB 10th Class Result 2025: 10ਵੀਂ ਜਮਾਤ ਦੇ ਆਏ ਨਤੀਜੇ, ਕੁੜੀਆਂ ਨੇ ਮਾਰੀ ਬਾਜ਼ੀ

Scroll to Top