ਰੂਪਨਗਰ/ਕਪੂਰਥਲਾ , 17 ਮਈ 2025: ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਸੂਬੇ ਦੀਆਂ ਜੇਲ੍ਹਾਂ ‘ਚ ਅਤਿ-ਆਧੁਨਿਕ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਅਧਾਰਤ ਕੈਮਰੇ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਕਦਮ ਨਾਲ ਸੂਬੇ ਦੀਆਂ ਜੇਲ੍ਹਾਂ (Punjab jails) ‘ਚ ਨਸ਼ੀਲੇ ਪਦਾਰਥਾਂ ਅਤੇ ਮੋਬਾਈਲ ਫੋਨਾਂ ਦੀ ਗੈਰ-ਕਾਨੂੰਨੀ ਵਰਤੋਂ ਸਮੇਤ ਵੱਖ-ਵੱਖ ਗਤੀਵਿਧੀਆਂ ਦੀ 24×7 ਨਿਗਰਾਨੀ ਸੰਭਵ ਹੋਵੇਗੀ।
ਲਾਲਜੀਤ ਸਿੰਘ ਭੁੱਲਰ ਨੇ ਬੀਤੇ ਦਿਨ ਰੂਪਨਗਰ ਅਤੇ ਕਪੂਰਥਲਾ ਦੀਆਂ ਕੇਂਦਰੀ ਜੇਲ੍ਹਾਂ ਦਾ ਅਚਨਚੇਤ ਨਿਰੀਖਣ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਜੇਲ੍ਹਾਂ ‘ਚ ਮੋਬਾਈਲ ਫੋਨਾਂ ਦੀ ਗੈਰ-ਕਾਨੂੰਨੀ ਵਰਤੋਂ ਅਤੇ ਅਪਰਾਧੀ ਅਨਸਰਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕ ਰਹੀ ਹੈ ਅਤੇ ਪੰਜਾਬ ਦੀਆਂ ਜੇਲ੍ਹਾਂ ਨੂੰ ਨਵੀਨਤਮ ਸੁਰੱਖਿਆ ਯੰਤਰਾਂ ਨਾਲ ਲੈਸ ਕੀਤਾ ਜਾ ਰਿਹਾ ਹੈ।
ਜੇਲ੍ਹ ਮੰਤਰੀ ਨੇ ਜੇਲ੍ਹ (Punjab jails) ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦੇ ਹੁਕਮ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਸਰਕਾਰੀ ਕਰਮਚਾਰੀ ਜਾਂ ਕੈਦੀ ਜੇਲ੍ਹ ‘ਚ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਾ ਜਾਂ ਸਪਲਾਈ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜੇਲ੍ਹ ‘ਚ ਨਸ਼ਿਆਂ, ਮੋਬਾਈਲ ਫੋਨ ਅਤੇ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਪੂਰੀ ਤਰ੍ਹਾਂ ਕੰਟਰੋਲ ਕਰਨ ਦੇ ਨਿਰਦੇਸ਼ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਡਿਊਟੀ ‘ਚ ਲਾਪ੍ਰਵਾਹੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਭੁੱਲਰ ਨੇ ਕਿਹਾ ਕਿ ਛੇਤੀ ਹੀ ਸੂਬੇ ਭਰ ਦੀਆਂ ਸਾਰੀਆਂ ਜੇਲ੍ਹਾਂ ‘ਚ ਜੈਮਰ ਲਗਾਏ ਜਾਣਗੇ ਅਤੇ ਇਸ ਸਬੰਧੀ ਮੁੱਖ ਮੰਤਰੀ ਮਾਨ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ ਸਾਰੀ ਪ੍ਰਕਿਰਿਆ ਪੂਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ‘ਚ ਸੰਗਰੂਰ ਜੇਲ੍ਹ ਵਿੱਚ ਉਨ੍ਹਾਂ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਜੋ ਗੈਰ-ਕਾਨੂੰਨੀ ਗਤੀਵਿਧੀਆਂ ‘ਚ ਸ਼ਾਮਲ ਸਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੈਦੀਆਂ ਨੂੰ ਸਮਾਜ ਦੇ ਉਸਾਰੂ ਨਾਗਰਿਕਾਂ ਵਜੋਂ ਮੁੜ ਸ਼ਾਮਲ ਕਰਨ ਲਈ ਵੀ ਵਚਨਬੱਧ ਹੈ। ਉਨ੍ਹਾਂ ਨੇ ਕੈਦੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਤੋਂ ਜੇਲ੍ਹ ਹਸਪਤਾਲ ‘ਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ, ਦਿੱਤੇ ਜਾ ਰਹੇ ਖਾਣੇ ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ।
Read More: ਜੇਲ੍ਹਾਂ ਦੀ ਸੁਰੱਖਿਆ ਨਾਲ ਸਬੰਧਤ ਮਾਮਲੇ ‘ਚ ਪੰਜਾਬ ਪੁਲਿਸ ਹਾਈਕੋਰਟ ‘ਚ ਪੇਸ਼ ਕਰੇਗੀ ਪ੍ਰਗਤੀ ਰਿਪੋਰਟ