ਚੰਡੀਗੜ੍ਹ, 19 ਮਈ 2025: ਪੰਜਾਬ ਸਰਕਾਰ ਨੇ ਆਉਣ ਵਾਲੇ ਝੋਨੇ ਦੀ ਬਿਜਾਈ ਸੀਜ਼ਨ ਲਈ ਬਿਜਲੀ ਸਪਲਾਈ ਦਾ ਇੱਕ ਵਿਸਤ੍ਰਿਤ ਸਮਾਂ-ਸਾਰਣੀ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਹ ਯੋਜਨਾ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਤਿਆਰ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ, ਨਿਰਵਿਘਨ ਅਤੇ ਲੋੜੀਂਦੀ ਬਿਜਲੀ ਮਿਲ ਸਕੇ।
ਬਿਜਾਈ ਲਈ ਜ਼ੋਨ ਅਨੁਸਾਰ ਸਮਾਂ-ਸਾਰਣੀ
1. ਪੰਜਾਬ ਸਰਕਾਰ ਨੇ ਸੂਬੇ ਨੂੰ ਵੱਖ-ਵੱਖ ਜ਼ੋਨਾਂ ‘ਚ ਵੰਡਿਆ ਹੈ ਅਤੇ ਝੋਨਾ ਬੀਜਣ ਦੀਆਂ ਤਾਰੀਖ਼ਾਂ ਨਿਰਧਾਰਤ ਕੀਤੀਆਂ ਹਨ:
2. 15 ਮਈ ਤੋਂ 31 ਮਈ ਤੱਕ ਝੋਨੇ ਦੀ ਸਿੱਧੀ ਬਿਜਾਈ (DSR) ਵਿਧੀ ਨਾਲ ਬਿਜਾਈ ਦੀ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਸ ਸਮੇਂ ਦੌਰਾਨ ਸਬੰਧਤ ਖੇਤਰਾਂ ਨੂੰ ਪ੍ਰਤੀ ਦਿਨ 8 ਘੰਟੇ ਬਿਜਲੀ ਸਪਲਾਈ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ।
3. 1 ਜੂਨ 2025 ਤੋਂ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ ਨਹਿਰੀ ਸਿੰਜਾਈ ਵਾਲੇ ਜ਼ਿਲ੍ਹਿਆਂ – ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ‘ਚ ਝੋਨੇ ਦੀ ਬਿਜਾਈ ਸ਼ੁਰੂ ਹੋ ਜਾਵੇਗੀ।
4. ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਅੰਮ੍ਰਿਤਸਰ, ਰੂਪਨਗਰ, ਐਸਏਐਸ ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ‘ਚ ਬਿਜਾਈ 5 ਜੂਨ ਤੋਂ ਸ਼ੁਰੂ ਹੋਵੇਗੀ।
5. ਬਾਕੀ ਰਹਿੰਦੇ ਜ਼ਿਲ੍ਹਿਆਂ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ‘ਚ ਬਿਜਾਈ ਦਾ ਕੰਮ 9 ਜੂਨ ਤੋਂ ਸ਼ੁਰੂ ਹੋ ਜਾਵੇਗਾ।
ਬਿਜਲੀ ਸਪਲਾਈ ਲਈ ਢੁਕਵੇਂ ਪ੍ਰਬੰਧ
ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਸ ਸਾਲ ਪੰਜਾਬ ‘ਚ ਬਿਜਲੀ ਦੀ ਮੰਗ 17,000 ਮੈਗਾਵਾਟ ਤੱਕ ਪਹੁੰਚ ਸਕਦੀ ਹੈ, ਜੋ ਕਿ ਪਿਛਲੇ ਸਾਲ ਦੀ ਵੱਧ ਤੋਂ ਵੱਧ ਮੰਗ 16,058 ਮੈਗਾਵਾਟ ਤੋਂ ਵੱਧ ਹੈ। ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਕੁੱਲ 10,400 ਮੈਗਾਵਾਟ ਬਿਜਲੀ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਹੈ।
ਉਨ੍ਹਾਂ ਦੱਸਿਆ ਕਿ ਸਾਰੇ ਥਰਮਲ ਪਲਾਂਟ ਪੂਰੀ ਸਮਰੱਥਾ ਨਾਲ ਕੰਮ ਕਰ ਰਹੇ ਹਨ, ਸਿਰਫ਼ ਗੋਇੰਦਵਾਲ ਪਲਾਂਟ ਅੰਸ਼ਕ ਤੌਰ ‘ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ, “ਕੋਲੇ ਦੀ ਕੋਈ ਕਮੀ ਨਹੀਂ ਹੈ ਅਤੇ ਘਰੇਲੂ ਅਤੇ ਵਪਾਰਕ ਖਪਤਕਾਰਾਂ ਨੂੰ ਨਿਯਮਤ ਸਪਲਾਈ ਮਿਲਦੀ ਰਹੇਗੀ। ਸਰਕਾਰ ਦੀ ਤਰਜੀਹ ਕਿਸਾਨਾਂ ਨੂੰ ਸਮੇਂ ਸਿਰ ਬਿਜਲੀ ਮੁਹੱਈਆ ਕਰਵਾਉਣਾ ਹੈ।”
Read More: ਕਿਸਾਨਾਂ ਲਈ ਅਹਿਮ ਜਾਣਕਾਰੀ, ਜਾਣੋ ਕਦੋਂ ਸ਼ੁਰੂ ਹੋਵੇਗਾ ਝੋਨੇ ਦਾ ਸੀਜ਼ਨ