ਚੰਡੀਗੜ੍ਹ 20 ਮਈ 2025 – ਭ੍ਰਿਸ਼ਟਾਚਾਰ ਵਿਰੁੱਧ ਆਪਣੀ ਸਖ਼ਤ ਕਾਰਵਾਈ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਜ਼ਿਲ੍ਹਾ ਸੰਗਰੂਰ ਦੇ ਸਬ-ਤਹਿਸੀਲ ਸ਼ੇਰਪੁਰ ਵਿਖੇ ਤਾਇਨਾਤ ਏਰੀਆ ਕਾਨੂੰਨਗੋ ਅਵਤਾਰ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ, ਰਾਜ ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਕਾਨੂੰਨਗੋ ਨੂੰ ਪਿੰਡ ਮਲਕੂ ਪੱਟੀ, ਤਹਿਸੀਲ ਧੂਰੀ, ਜ਼ਿਲ੍ਹਾ ਸੰਗਰੂਰ ਦੇ ਵਸਨੀਕ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ (Vigilance Bureau) ਕੋਲ ਪਹੁੰਚ ਕੀਤੀ ਅਤੇ ਦੱਸਿਆ ਕਿ ਉਸਨੇ ਆਪਣੇ ਪਰਿਵਾਰ ਦੀ ਖੇਤੀਬਾੜੀ ਵਾਲੀ ਜ਼ਮੀਨ ਨੂੰ ਸਾਰੇ ਕਾਨੂੰਨੀ ਵਾਰਸਾਂ ਵਿੱਚ ਵੰਡਣ ਲਈ ਅਰਜ਼ੀ ਦਿੱਤੀ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਅਵਤਾਰ ਸਿੰਘ ਪਹਿਲਾਂ ਹੀ ਉਸ ਤੋਂ 18,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਉਸਦੀ ਅਰਜ਼ੀ ‘ਤੇ ਕਾਰਵਾਈ ਕਰਨ ਲਈ 25,000 ਰੁਪਏ ਹੋਰ ਮੰਗ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ (Vigilance Bureau) ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ (Vigilance Bureau) ਦੇ ਪਟਿਆਲਾ (patiala) ਰੇਂਜ ਦੇ ਥਾਣਾ ਸਦਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧ ਵਿੱਚ ਹੋਰ ਜਾਂਚ ਜਾਰੀ ਹੈ।