ਚੰਡੀਗੜ੍ਹ, 23 ਮਈ 2025: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ (Barinder Kumar Goyal) ਨੇ ਅੱਜ ਭਾਖੜਾ ਮੇਨ ਲਾਈਨ (BML) ਪਾਣੀ ਦੀ ਵੰਡ ਬਾਰੇ ਹਰਿਆਣਾ ਵੱਲੋਂ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਦੀ ਸਖ਼ਤ ਨਿੰਦਾ ਕੀਤੀ ਅਤੇ ਇਸਨੂੰ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਜ਼ਮੀਨੀ ਹਕੀਕਤ ਤੋਂ ਉਨ੍ਹਾਂ ਦਾ ਧਿਆਨ ਹਟਾਉਣ ਦੀ ਜਾਣਬੁੱਝ ਕੇ ਕੀਤੀ ਕੋਸ਼ਿਸ਼ ਕਰਾਰ ਦਿੱਤਾ ਹੈ।
ਬਰਿੰਦਰ ਗੋਇਲ ਨੇ ਕਿਹਾ ਕਿ ਹਰਿਆਣਾ ਦਾ ਦਾਅਵਾ ਹੈ ਕਿ ਉਹ ਬੀ.ਐਮ.ਐਲ. ਤੋਂ ਆਪਣੇ ਪੂਰੇ ਹਿੱਸੇ ਦਾ 10,300 ਕਿਊਸਿਕ ਪਾਣੀ ਲੈ ਰਿਹਾ ਹੈ, ਇਹ ਨਾ ਸਿਰਫ਼ ਤੱਥਾਂ ਤੋਂ ਦੂਰ ਹੈ ਬਲਕਿ ਇੱਕ ਹੈਰਾਨ ਕਰਨ ਵਾਲੀ ਝੂਠੀ ਪ੍ਰਚਾਰ ਰਣਨੀਤੀ ਦਾ ਹਿੱਸਾ ਹੈ।
ਅੱਜ ਦੁਪਹਿਰ 12 ਵਜੇ ਤੱਕ ਦੀ ਸਥਿਤੀ ਦਾ ਹਵਾਲਾ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਬੀ.ਐਮ.ਐਲ. ਅਜੇ ਤੱਕ ਆਪਣੀ ਪੂਰੀ ਸੰਚਾਲਨ ਸਮਰੱਥਾ 11,700 ਕਿਊਸਿਕ ਤੱਕ ਵੀ ਨਹੀਂ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਨਿਰਧਾਰਤ ਪ੍ਰੋਟੋਕੋਲ ਮੁਤਾਬਕ ਪਾਣੀ ਦਾ ਪੱਧਰ ਹੌਲੀ-ਹੌਲੀ ਵਧਾਇਆ ਜਾ ਰਿਹਾ ਹੈ।
ਬਰਿੰਦਰ ਗੋਇਲ (Barinder Kumar Goyal) ਨੇ ਕਿਹਾ ਕਿ ਬੀ.ਐਮ.ਐਲ. ਨਹਿਰ ਦੇ ਪੰਜਾਬ ‘ਚ ਸ਼ੁਰੂਆਤੀ ਬਿੰਦੂ ‘ਤੇ 9690 ਕਿਊਸਿਕ ਪਾਣੀ ਮਿਲ ਰਿਹਾ ਹੈ। ਪੰਜਾਬ ਇਸ ਪਾਣੀ ‘ਚੋਂ 2025 ਕਿਊਸਿਕ ਆਪਣੀਆਂ ਜਾਇਜ਼ ਜ਼ਰੂਰਤਾਂ ਲਈ ਵਰਤ ਰਿਹਾ ਹੈ। ਦਿੱਲੀ ਅਤੇ ਰਾਜਸਥਾਨ ਦੇ ਜਾਇਜ਼ ਹਿੱਸੇ ਦਾ ਹਿਸਾਬ ਕੱਟਣ ਤੋਂ ਬਾਅਦ, ਹਰਿਆਣਾ ਨੂੰ 6720 ਕਿਊਸਿਕ ਪਾਣੀ ਮਿਲ ਰਿਹਾ ਹੈ, ਜੋ ਕਿ ਹਰਿਆਣਾ ਵੱਲੋਂ ਕੀਤੇ ਗਏ ਵੰਡ ਦੇ ਦਾਅਵਿਆਂ ਨਾਲੋਂ ਬਹੁਤ ਘੱਟ ਹੈ।
ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਆਪਣੇ ਸੰਵਿਧਾਨਕ ਅਧਿਕਾਰ ਅਧੀਨ 3,000 ਕਿਊਸਿਕ ਪਾਣੀ ਦੀ ਪੂਰੀ ਵਰਤੋਂ ਕਰੇਗਾ ਅਤੇ ਬਾਕੀ ਪਾਣੀ ਬੀਐਮਐਲ ਨਹਿਰੀ ਪ੍ਰਣਾਲੀ ਦੀ ਸਮਰੱਥਾ ਅਨੁਸਾਰ ਹਰਿਆਣਾ ਨੂੰ ਦਿੱਤਾ ਜਾਵੇਗਾ।
ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਆਪਸੀ ਸਹਿਯੋਗ ਅਤੇ ਸਰੋਤਾਂ ਦੀ ਤਰਕਸੰਗਤ ਵੰਡ ਦੇ ਹੱਕ ‘ਚ ਹੈ ਪਰ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਜਾਂ ਆਪਣੇ ਜਾਇਜ਼ ਅਧਿਕਾਰਾਂ ਨੂੰ ਖਤਰੇ ‘ਚ ਪਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕਰੇਗਾ।
Read More: ਬਰਿੰਦਰ ਕੁਮਾਰ ਗੋਇਲ ਨੇ ਮੂਨਕ ਤੇ ਖਨੌਰੀ ਅਨਾਜ ਮੰਡੀਆਂ ‘ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ