ਚੰਡੀਗੜ੍ਹ, 23 ਮਈ 2025: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਅਧਿਕਾਰੀਆਂ ਨੂੰ ਠੇਕਾ ਅਤੇ ਆਊਟਸੋਰਸ ਕੀਤੇ ਕਰਮਚਾਰੀਆਂ ਦੋਵਾਂ ਦੇ ਮਾਮਲੇ ‘ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਇਸਨੂੰ ਉਨ੍ਹਾਂ ਦੇ ਹੱਕ ‘ਚ ਤਿਆਰ ਕਰਨ ਲਈ ਕਿਹਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਨਬੱਸ ‘ਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਸਥਾਈ ਕਰਨ ਅਤੇ ਆਊਟਸੋਰਸ ‘ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਯਤਨਸ਼ੀਲ ਹੈ।
ਲਾਲਜੀਤ ਸਿੰਘ ਭੁੱਲਰ ਨੇ ਠੇਕਾ ਅਤੇ ਆਊਟਸੋਰਸ ਕੀਤੇ ਕਰਮਚਾਰੀਆਂ ਦੀ ਜਲਦੀ ਸਥਾਈ ਨਿਯੁਕਤੀ ਅਤੇ ਠੇਕਾ ਲਾਗੂ ਕਰਨ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਨੂੰ ਸਾਫ਼-ਸੁਥਰੀ ਪ੍ਰਕਿਰਿਆ ਅਪਣਾ ਕੇ ਉਨ੍ਹਾਂ ਦੇ ਬਣਦੇ ਹੱਕ ਦਿੱਤੇ ਜਾਣੇ ਚਾਹੀਦੇ ਹਨ।
ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਕਰਮਚਾਰੀ ਯੂਨੀਅਨਾਂ ਵੱਲੋਂ ਸਮੇਂ-ਸਮੇਂ ‘ਤੇ ਉਠਾਈਆਂ ਵੱਖ-ਵੱਖ ਮੰਗਾਂ ਦੇ ਹੱਲ ਲਈ ਗੰਭੀਰਤਾ ਨਾਲ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਲਈ ਠੇਕਾ ਅਤੇ ਆਊਟਸੋਰਸ ਕੀਤੇ ਕਰਮਚਾਰੀ ਮਹੱਤਵਪੂਰਨ ਹਨ ਅਤੇ ਸਰਕਾਰ ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਰਹੇਗੀ।