ਚੰਡੀਗੜ੍ਹ, 25 ਮਈ 2025: ਕੇਰਲਾ ਸਰਕਾਰ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ. ਪ੍ਰਸਾਦ ਨੇ ਬੀਤੇ ਦਿਨ ਆਪਣੀ ਪੰਜਾਬ ਫੇਰੀ ਦੌਰਾਨ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫ਼ਤਰ ਦਾ ਦੌਰਾ ਕੀਤਾ। ਇਸ ਸਬੰਧੀ ਬਾਰੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੁੰਦ ਸ਼ਰਮਾ ਨੇ ਕਿਹਾ ਕਿ ਕੇਰਲ ਦੇ ਖੇਤੀਬਾੜੀ ਮੰਤਰੀ ਦੇ ਦੌਰੇ ਦੌਰਾਨ ਚਰਚਾ ਦਾ ਮੁੱਖ ਮੁੱਦਾ ਦੋਵਾਂ ਸੂਬਿਆਂ ‘ਚ ਮਿਡ ਡੇ ਮੀਲ ਸਕੀਮ ਨੂੰ ਹੋਰ ਬਿਹਤਰ ਬਣਾਉਣ ਲਈ ਕੀਤੇ ਜਾਣ ਵਾਲੇ ਕੰਮ ਸਨ।
ਇਸ ਮੌਕੇ ਬਾਲ ਮੁਕੰਦ ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਲਾਈ ਜਾ ਰਹੀ ਮਿਡ ਡੇ ਮੀਲ ਸਕੀਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ, ਜਿਸਦੀ ਕੇਰਲਾ ਦੇ ਖੇਤੀਬਾੜੀ ਮੰਤਰੀ ਨੇ ਬਹੁਤ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੇ ਆਪਣੇ ਸੂਬੇ ‘ਚ ਮਿਡ ਡੇ ਮੀਲ ਸਕੀਮ ਬਾਰੇ ਜਾਣਕਾਰੀ ਦਿੱਤੀ। ਚੇਅਰਮੈਨ ਨੇ ਪੰਜਾਬ ‘ਚ ਖੁਰਾਕ ਸੁਰੱਖਿਆ ਦੇ ਨਾਲ-ਨਾਲ ਪੋਸ਼ਣ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਨਵੇਂ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਸਕੂਲਾਂ ‘ਚ ਪੌਸ਼ਟਿਕ ਰਸੋਈ ਬਗੀਚਿਆਂ ਅਤੇ ਜੜੀ-ਬੂਟੀਆਂ ਦੇ ਪੌਦੇ ਉਗਾਉਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।
ਚੇਅਰਮੈਨ ਨੇ ਦੱਸਿਆ ਕਿ ਕਮਿਸ਼ਨ ਦੇ ਸਾਰੇ ਮੈਂਬਰ ਮਿਡ ਡੇ ਮੀਲ, ਆਂਗਣਵਾੜੀਆਂ ਅਤੇ ਅਨਾਜ ਵੰਡ ਦਾ ਨਿਰੀਖਣ ਕਰਨ ਲਈ ਨਿਯਮਿਤ ਤੌਰ ‘ਤੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਦੇ ਹਨ। ਹੁਣ ਸਾਰੇ ਮੈਂਬਰਾਂ ਨੂੰ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਪਾਣੀ ਦੇ ਨਮੂਨੇ ਲੈਣ ਵਾਲੀਆਂ ਮਸ਼ੀਨਾਂ ਅਤੇ ਅਨਾਜ ‘ਚ ਨਮੀ ਦੀ ਮਾਤਰਾ ਦੀ ਜਾਂਚ ਕਰਨ ਲਈ ਨਮੀ ਮੀਟਰ ਜਾਰੀ ਕੀਤੇ ਗਏ ਹਨ।
Read More: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਅਮਰੀਕਾ ਦੌਰੇ ਲਈ ਵਿਦੇਸ਼ ਮੰਤਰਾਲੇ ਨੇ ਨਹੀਂ ਦਿੱਤੀ ਮਨਜ਼ੂਰੀ