ਈਜ਼ੀ ਰਜਿਸਟਰੀ

ਪੰਜਾਬ ਸਰਕਾਰ ਦਾ ਮਕਸਦ ਜਾਇਦਾਦ ਦੀ ਭ੍ਰਿਸ਼ਟਾਚਾਰ ਮੁਕਤ ਰਜਿਸਟ੍ਰੇਸ਼ਨ ਸਹੂਲਤ ਦੇਣਾ: CM ਭਗਵੰਤ ਮਾਨ

ਮੋਹਾਲੀ, 28 ਮਈ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ‘ਈਜ਼ੀ ਰਜਿਸਟ੍ਰੇਸ਼ਨ ਸਕੀਮ’ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੋਹਾਲੀ ਦੇ ਸਬ-ਰਜਿਸਟਰਾਰ ਦਫ਼ਤਰ ਦਾ ਅਚਾਨਕ ਦੌਰਾ ਕੀਤਾ ਅਤੇ ਸੰਬੰਧਿਤ ਅਧਿਕਾਰੀਆਂ ਅਤੇ ਲੋਕਾਂ ਨਾਲ ਗੱਲਬਾਤ ਕੀਤੀ | ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਇਸ ਦੌਰੇ ਦਾ ਉਦੇਸ਼ ਅਧਿਕਾਰੀਆਂ ‘ਚ ਗਲਤੀਆਂ ਲੱਭਣਾ ਨਹੀਂ ਸੀ ਸਗੋਂ ਸਰਕਾਰੀ ਦਫ਼ਤਰਾਂ ‘ਚ ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ ਬਣਾਉਣਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਇਸ ਮਹੱਤਵਪੂਰਨ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣਾ ਸੀ, ਜਿਸਦਾ ਉਦੇਸ਼ ਲੋਕਾਂ ਲਈ ਜਾਇਦਾਦ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਹੋਰ ਸੁਵਿਧਾਜਨਕ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਪ੍ਰੋਜੈਕਟ ਦੇ ਨਤੀਜਿਆਂ ਦਾ ਨਿੱਜੀ ਤੌਰ ‘ਤੇ ਮੁਲਾਂਕਣ ਕਰਨਾ ਚਾਹੁੰਦੇ ਹਨ ਅਤੇ ਸਬ-ਰਜਿਸਟਰਾਰ ਦਫ਼ਤਰ ਦੇ ਕੰਮਕਾਜ ਦੀ ਸਮੀਖਿਆ ਕਰਨਾ ਚਾਹੁੰਦੇ ਹਨ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੁਣ ਫੀਸ ਭੁਗਤਾਨ ਲਈ ਬੈਂਕਾਂ ‘ਚ ਜਾਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਔਨਲਾਈਨ ਭੁਗਤਾਨ ਪ੍ਰਣਾਲੀ ਇੱਕ ਸਿੰਗਲ ਡਿਜੀਟਲ ਲੈਣ-ਦੇਣ ਰਾਹੀਂ ਸਾਰੀਆਂ ਲੋੜੀਂਦੀਆਂ ਫੀਸਾਂ – ਸਟੈਂਪ ਡਿਊਟੀ ਅਤੇ ਰਜਿਸਟ੍ਰੇਸ਼ਨ ਫੀਸ ਦਾ ਭੁਗਤਾਨ ਕਰਨ ‘ਚ ਮੱਦਦ ਕਰਦੀ ਹੈ |

ਮੁੱਖ ਮੰਤਰੀ ਨੇ ਕਿਹਾ ਕਿ 48 ਘੰਟਿਆਂ ਦੇ ਅੰਦਰ ਰਜਿਸਟਰੀ ਦਸਤਾਵੇਜ਼ਾਂ ਦੀ ਪੂਰਵ-ਤਸਦੀਕ ਪ੍ਰਕਿਰਿਆ ਅਤੇ ਮੁਲਾਕਾਤ ਅਧਾਰਤ ਰਜਿਸਟ੍ਰੇਸ਼ਨ ਪ੍ਰਣਾਲੀ ਨਾਗਰਿਕਾਂ ਲਈ ਦਿੱਕਤਾਂ ਨੂੰ ਘੱਟ ਕਰਦੇ ਹੋਏ ਪੂਰੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਂਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਲੁਕਵੇਂ ਖਰਚੇ ਖਤਮ ਹੋਣਗੇ ਅਤੇ ਵਿਚੋਲਿਆਂ ‘ਤੇ ਨਿਰਭਰਤਾ ਘੱਟ ਹੋਵੇਗੀ।

ਮੁੱਖ ਮੰਤਰੀ ਨੇ 20 ਮਿੰਟ ਤੋਂ ਵੱਧ ਦੇ ਆਪਣੇ ਦੌਰੇ ਦੌਰਾਨ ਉੱਥੇ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਯੋਜਨਾ ਬਾਰੇ ਫੀਡਬੈਕ ਲਿਆ। ਮੁੱਖ ਮੰਤਰੀ ਨੇ ਲੋਕਾਂ ਤੋਂ ਉਨ੍ਹਾਂ ਦੀ ਜਾਇਦਾਦ ਦੀ ਰਜਿਸਟ੍ਰੇਸ਼ਨ ‘ਚ ਲੱਗਣ ਵਾਲੇ ਸਮੇਂ ਬਾਰੇ ਪੁੱਛਿਆ। ਆਪਣੀ ਫੀਡਬੈਕ ਸਾਂਝੀ ਕਰਦੇ ਹੋਏ, ਨਾਗਰਿਕਾਂ ਨੇ ਕਿਹਾ ਕਿ ਉਨ੍ਹਾਂ ਦਾ ਕੰਮ ਸੁਚਾਰੂ ਢੰਗ ਨਾਲ ਅਤੇ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਹੋਇਆ ਹੈ, ਅਤੇ ਉਨ੍ਹਾਂ ਨੂੰ ਵਟਸਐਪ ਰਾਹੀਂ ਇਸ ਬਾਰੇ ਜਾਣਕਾਰੀ ਮਿਲਦੀ ਰਹੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਇਹ ਪ੍ਰਣਾਲੀ 15 ਜੁਲਾਈ ਤੱਕ ਪੰਜਾਬ ਭਰ ‘ਚ ਲਾਗੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨੂੰ 15 ਜੁਲਾਈ ਤੋਂ 1 ਅਗਸਤ ਤੱਕ ਹਰ ਜ਼ਿਲ੍ਹੇ ‘ਚ ਟ੍ਰਾਇਲ ਕੀਤਾ ਜਾਵੇਗਾ ਅਤੇ 1 ਅਗਸਤ ਤੋਂ ਪੂਰੇ ਪੰਜਾਬ ‘ਚ ਲਾਗੂ ਕੀਤਾ ਜਾਵੇਗਾ, ਤਾਂ ਜੋ ਸਾਰੇ ਨਾਗਰਿਕਾਂ ਨੂੰ ਰਜਿਸਟ੍ਰੇਸ਼ਨ ਸੇਵਾਵਾਂ ਸੁਚਾਰੂ ਢੰਗ ਨਾਲ ਮਿਲਣੀਆਂ ਸ਼ੁਰੂ ਹੋ ਜਾਣ।

Read More: CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਮੋਹਾਲੀ ਤੋਂ ‘ਈਜ਼ੀ ਰਜਿਸਟਰੀ’ ਪ੍ਰਣਾਲੀ ਦੀ ਸ਼ੁਰੂਆਤ

Scroll to Top