ਮੈਗਾ ਪੀਟੀਐਮ ਸਫਲ ਰਿਹਾ: 17 ਲੱਖ ਤੋਂ ਵੱਧ ਮਾਪਿਆਂ ਨੇ ਲਿਆ ਹਿੱਸਾ

ਚੰਡੀਗੜ੍ਹ 1 ਜੂਨ, 2025: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (harjot singh bains) ਨੇ ਕਿਹਾ ਕਿ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਅਤੇ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਤਾਲਮੇਲ ਨੂੰ ਮਜ਼ਬੂਤ ​​ਕਰਨ ਦੇ ਉਦੇਸ਼ ਨਾਲ, ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ  ਸੂਬੇ ਭਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਇੱਕ ਮੈਗਾ ਮਾਪੇ-ਅਧਿਆਪਕ ਮੀਟਿੰਗ (ਪੀਟੀਐਮ) ਦਾ ਆਯੋਜਨ ਕੀਤਾ ਗਿਆ। ਇਹ ਪੀਟੀਐਮ ਪਹਿਲੀ ਵਾਰ ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਆਯੋਜਿਤ ਕੀਤਾ ਗਿਆ ਸੀ ਤਾਂ ਜੋ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਅਕਾਦਮਿਕ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ ਜਾ ਸਕੇ।

ਹਰਜੋਤ ਸਿੰਘ ਬੈਂਸ ਨੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਵੱਖ-ਵੱਖ ਪਿੰਡਾਂ – ਸਵਾਮੀਪੁਰ, ਬਿਭੌਰ ਸਾਹਿਬ, ਕਲਸੇੜਾ, ਰਾਮਪੁਰ ਸਾਹਨੀ, ਮੌਜੇਵਾਲ, ਛੋਟੇਵਾਲ, ਸੂਰੇਵਾਲ, ਸੁਖਸਾਲ ਅਤੇ ਕੁਲਗੜਾਂ – ਦੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਅਤੇ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਕੀਤੀ।ਸਿੱਖਿਆ ਮੰਤਰੀ ਨੇ ਦੱਸਿਆ ਕਿ ਅੱਜ ਦੇ ਪੀਟੀਐਮ ਵਿੱਚ 17 ਲੱਖ ਤੋਂ ਵੱਧ ਮਾਪੇ ਸ਼ਾਮਲ ਹੋਏ, ਅਤੇ ਉਨ੍ਹਾਂ ਨੇ ਆਪਣੇ ਬੱਚਿਆਂ ਦੀ ਅਕਾਦਮਿਕ ਪ੍ਰਗਤੀ ਅਤੇ ਸਮੁੱਚੇ ਵਿਕਾਸ ਬਾਰੇ ਜਾਣਨ ਵਿੱਚ ਡੂੰਘੀ ਦਿਲਚਸਪੀ ਦਿਖਾਈ।

ਉਨ੍ਹਾਂ ਕਿਹਾ ਕਿ ਇਸ ਮੈਗਾ ਪੇਟੀਐਮ ਦਾ ਉਦੇਸ਼ ਵਿਦਿਆਰਥੀਆਂ ਦੀ ਸਿੱਖਣ ਪ੍ਰਕਿਰਿਆ ਅਤੇ ਨਤੀਜਿਆਂ ਨੂੰ ਹੋਰ ਬਿਹਤਰ ਬਣਾਉਣਾ ਹੈ, ਜਿਸ ਵਿੱਚ ਮਾਪਿਆਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਇਆ ਗਿਆ ਹੈ। ਸਕੂਲ ਮੁਖੀਆਂ ਨੇ ਛੁੱਟੀਆਂ ਦੌਰਾਨ ਬੱਚਿਆਂ ਦੇ ਹੋਮਵਰਕ ਬਾਰੇ ਮਾਪਿਆਂ ਨੂੰ ਜਾਣਕਾਰੀ ਦਿੱਤੀ ਅਤੇ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਬੱਚੇ ਆਪਣੇ ਸਾਰੇ ਕੰਮ ਪੂਰੇ ਕਰਨ।

ਇਸ ਤੋਂ ਇਲਾਵਾ, ਉਨ੍ਹਾਂ ਨੂੰ 15 ਜੁਲਾਈ 2025 ਨੂੰ ਹੋਣ ਵਾਲੇ ਦੋ-ਮਾਸਿਕ ਟੈਸਟ ਦੇ ਸਿਲੇਬਸ ਬਾਰੇ ਵੀ ਜਾਣਕਾਰੀ ਦਿੱਤੀ ਗਈ। ਤੀਜੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ‘ਮਿਸ਼ਨ ਸਮਰਥ’ ਤਹਿਤ ਤਿਆਰ ਕੀਤੇ ਗਏ ਵੀਡੀਓ ਲੈਕਚਰਾਂ ਅਤੇ ਅਭਿਆਸ ਪ੍ਰਸ਼ਨਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ, ਜੋ ਕਿ ਛੁੱਟੀਆਂ ਦੌਰਾਨ ਨਿਰੰਤਰ ਅਧਿਐਨ ਨੂੰ ਉਤਸ਼ਾਹਿਤ ਕਰਨ ਲਈ ਬਣਾਏ ਗਏ ਹਨ।

ਸਿੱਖਿਆ ਮੰਤਰੀ ਸ੍ਰੀ ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਣ ਦੇ ਅਨੁਕੂਲ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਸਿੱਖਿਆ ਵਿਭਾਗ ਦੀ ਵਚਨਬੱਧਤਾ ਦੇ ਹਿੱਸੇ ਵਜੋਂ, ਇਹ ਪੇਟੀਐਮ ਸਕੂਲ ਅਤੇ ਘਰ ਵਿਚਕਾਰ ਸਬੰਧ ਨੂੰ ਹੋਰ ਮਜ਼ਬੂਤ ​​ਕਰੇਗਾ, ਜਿਸਦਾ ਸਿੱਧਾ ਲਾਭ ਵਿਦਿਆਰਥੀਆਂ ਨੂੰ ਹੋਵੇਗਾ।

Read More:  ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਨਵੇਂ ਹੁਕਮ ਕੀਤੇ ਜਾਰੀ, ਇਸ ਦਿਨ ਹੋਵੇਗੀ ਮਾਪੇ ਅਧਿਆਪਕ ਮਿਲਣੀ

Scroll to Top