ਪਟਿਆਲਾ, 03 ਜੂਨ 2025: ਪੰਜਾਬ ‘ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਅੱਜ ਪਟਿਆਲਾ ‘ਚ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ (ANTF office) ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਮੀਡੀਆ ਨਾਲ ਗੱਲਬਾਤ ਕੀਤੀ ਅਤੇ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਅਤੇ ਪੁਲਿਸ ਦੀ ਰਣਨੀਤੀ ਬਾਰੇ ਜਾਣਕਾਰੀ ਸਾਂਝੀ ਕੀਤੀ।
ਇਸ ਦੌਰਾਨ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਕਿਹਾ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ “ਜ਼ੀਰੋ ਟਾਲਰੈਂਸ” ਦੀ ਨੀਤੀ ਅਪਣਾਈ ਹੈ ਅਤੇ ਇਸ ਨਵੇਂ ਏਐਨਟੀਐਫ ਦਫ਼ਤਰ (ANTF office) ਦੇ ਖੁੱਲ੍ਹਣ ਨਾਲ ਖੇਤਰ ‘ਚ ਨਸ਼ਿਆਂ ਦੀ ਤਸਕਰੀ ‘ਤੇ ਪ੍ਰਭਾਵਸ਼ਾਲੀ ਕੰਟਰੋਲ ਸਥਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਦਫ਼ਤਰ ਆਧੁਨਿਕ ਤਕਨੀਕੀ ਸਹੂਲਤਾਂ ਨਾਲ ਲੈਸ ਹੈ ਅਤੇ ਇੱਥੇ ਸਿਖਲਾਈ ਪ੍ਰਾਪਤ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਟੀਮ ਤਾਇਨਾਤ ਕੀਤੀ ਹੈ ਜੋ ਨਸ਼ਾ ਤਸਕਰਾਂ ‘ਤੇ ਤਿੱਖੀ ਨਜ਼ਰ ਰੱਖੇਗੀ।
ਇਸ ਮੌਕੇ ਸਥਾਨਕ ਪੁਲਿਸ ਅਧਿਕਾਰੀਆਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਮਾਜਿਕ ਸੰਗਠਨਾਂ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ। ਇਹ ਸੰਕੇਤ ਦੇ ਸਕਦਾ ਹੈ ਕਿ ਆਉਣ ਵਾਲੇ ਮਹੀਨਿਆਂ ‘ਚ ਹਰ ਜ਼ਿਲ੍ਹੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।